ਬੇਅਦਬੀ ਮਾਮਲੇ ਸਬੰਧੀ ਚਾਰ ਹਫ਼ਤਿਆਂ ’ਚ ਮੰਗਿਆ ਜਵਾਬ

ਨਵੀਂ ਦਿੱਲੀ – ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸੌਦਾ ਸਾਧ ਨੂੰ ਵੱਡਾ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ ਵਿੱਚ ਹਾਈਕੋਰਟ ਵੱਲੋਂ ਲਗਾਈ ਗਈ ਪਾਬੰਦੀ ਨੂੰ ਹਟਾ ਦਿੱਤਾ ਹੈ। ਤੁਹਾਨੂੰ ਦੱਸ ਦੇਈਏ ਕਿ ਮਾਰਚ ਵਿੱਚ ਪੰਜਾਬ-ਹਰਿਆਣਾ ਹਾਈਕੋਰਟ ਨੇ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਦੋਸ਼ ਵਿੱਚ ਸੌਦਾ ਸਾਧ ਵਿਰੁੱਧ ਚੱਲ ਰਹੇ ਤਿੰਨ ਮਾਮਲਿਆਂ ਵਿੱਚ ਚੱਲ ਰਹੀ ਜਾਂਚ ’ਤੇ ਰੋਕ ਲਗਾ ਦਿੱਤੀ ਸੀ। ਇਸ ਤੋਂ ਬਾਅਦ ਪੰਜਾਬ ਸਰਕਾਰ ਨੇ ਇਸ ਹੁਕਮ ਨੂੰ ਸੁਪਰੀਮ ਕੋਰਟ ’ਚ ਚੁਣੌਤੀ ਦਿੱਤੀ ਹੈ, ਜਿਸ ’ਤੇ ਅੱਜ ਸੁਪਰੀਮ ਕੋਰਟ ਨੇ ਪੰਜਾਬ-ਹਰਿਆਣਾ ਹਾਈਕੋਰਟ ਵੱਲੋਂ ਲਗਾਈ ਰੋਕ ਹਟਾ ਦਿੱਤੀ ਹੈ। ਪਾਬੰਦੀ ਹਟਾਉਣ ਦੇ ਨਾਲ ਹੀ ਸੁਪਰੀਮ ਕੋਰਟ ਨੇ ਸੌਦਾ ਸਾਧ ਨੂੰ ਨੋਟਿਸ ਜਾਰੀ ਕਰਕੇ ਚਾਰ ਹਫ਼ਤਿਆਂ ਵਿੱਚ ਜਵਾਬ ਮੰਗਿਆ ਹੈ।
ਅਕਤੂਬਰ, 2015 ’ਚ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬਰਗਾੜੀ ’ਚ ਗੁਰਦੁਆਰਾ ਸਾਹਿਬ ਦੇ ਬਾਹਰ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਅੰਗ ਖਿੱਲਰੇ ਹੋਏ ਮਿਲੇ ਸਨ। ਇਸ ਘਟਨਾ ਤੋਂ ਬਾਅਦ ਸਿੱਖ ਭਾਈਚਾਰੇ ਨੇ ਪੰਜਾਬ ਭਰ ’ਚ ਜ਼ਬਰਦਸਤ ਪ੍ਰਦਰਸ਼ਨ ਕੀਤਾ ਸੀ। ਇਸ ਦੇ ਨਾਲ ਹੀ ਵਿਦੇਸ਼ਾਂ ’ਚ ਰਹਿੰਦੇ ਸਿੱਖਾਂ ਨੇ ਵੀ ਇਸ ਘਟਨਾ ’ਤੇ ਗੁੱਸਾ ਜ਼ਾਹਰ ਕੀਤਾ ਸੀ। ਕੋਟਕਪੂਰਾ ’ਚ ਇਸ ਦਾ ਵਿਰੋਧ ਕਰ ਰਹੇ ਸਿੱਖਾਂ ’ਤੇ ਪੁਲਿਸ ਨੇ ਲਾਠੀਚਾਰਜ ਕੀਤਾ ਅਤੇ ਗੋਲੀਆਂ ਵੀ ਚਲਾਈਆਂ ਸਨ। ਇਸ ਕਾਰਨ ਕੋਟਕਪੂਰਾ ’ਚ 2 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਇਸ ਤੋਂ ਬਾਅਦ ਮਾਮਲੇ ਨੇ ਜ਼ੋਰ ਫੜ ਲਿਆ। ਪੰਜਾਬ ਅੰਦਰ ਅੱਗ ਅਤੇ ਹਿੰਸਾ ਦੀਆਂ ਕਈ ਘਟਨਾਵਾਂ ਹੋਈਆਂ। 2017 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮੁੱਦਾ ਵੱਡਾ ਮੁੱਦਾ ਬਣ ਗਿਆ ਸੀ ਅਤੇ ਸਿੱਖ ਕੌਮ ਇਸ ਘਟਨਾ ਨੂੰ ਲੈ ਕੇ ਤਤਕਾਲੀ ਸ਼੍ਰੋਮਣੀ ਅਕਾਲੀ ਦਲ-ਭਾਜਪਾ ਸਰਕਾਰ ਤੋਂ ਬਹੁਤ ਨਾਰਾਜ਼ ਸੀ। ਇਸੇ ਕਾਰਨ 2017 ’ਚ ਅਕਾਲੀ-ਭਾਜਪਾ ਗਠਜੋੜ ਨੂੰ ਕਰਾਰੀ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਮੁੱਖ ਵਿਰੋਧੀ ਪਾਰਟੀ ਵੀ ਨਹੀਂ ਬਣ ਸਕੀ।

Related posts

ਆਪਣੀ ਗੋਦ ਲਈ ਭੈਣ ਨੂੰ ਸਕੀ ਭੈਣ ਨਾਲੋਂ ਵੱਧ ਪਿਆਰ ਕਰਦਾ ਸਲਮਾਨ ਖਾਨ !

AI ਬਹੁਤ ਕੁੱਝ ਕਰ ਸਕਦਾ ਪਰ ਇਹ ਦਿੱਲੀ ਦੇ ਟ੍ਰੈਫਿਕ ਨੂੰ ਠੀਕ ਨਹੀਂ ਕਰ ਸਕਦਾ – ਰਿਸ਼ੀ ਸੁਨਕ

‘ਏਆਈ ਇਮਪੈਕਟ ਸਮਿਟ 2026’ ਸਿਰਫ਼ ਪੀਆਰ ਸਟੰਟ – ਰਾਹੁਲ ਗਾਂਧੀ