ਭਗਵੰਤ ਮਾਨ ਸਰਕਾਰ ਦੇ ਗਲੇ ਦੀ ਹੱਡੀ ਬਣ ਸਕਦਾ ਮਜੀਠੀਆ ਖ਼ਿਲਾਫ਼ ਦਰਜ ਮਾਮਲਾ !

ਬਿਕਰਮ ਸਿੰਘ ਮਜੀਠੀਆ, ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ।

ਚੰਡੀਗੜ੍ਹ – ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੀਤੇ ਗਏ ਇੱਕ ਮਾਮਲੇ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ਼ ਆਵਾਜਾਂ ਉੱਠਣੀਆਂ ਸ਼ੁਰੂ ਹੋ ਗਈਆਂ ਹਨ। ਵਿਰੋਧੀ ਧਿਰਾਂ ਦੇ ਵਲੋਂ ਇਸ ਮਾਮਲੇ ਨੂੰ ਸਿਆਸੀ ਬਦਲਾਖੋਰੀ ਨਾਲ ਜੋੜਿਆ ਜਾ ਰਿਹਾ ਹੈ, ਜਦਕਿ ਸਰਕਾਰ ਅਤੇ ਜਾਂਚ ਏਜੰਸੀਆਂ ਆਪਣੀ ਕਾਰਵਾਈ ਨੂੰ ਕਾਨੂੰਨੀ ਪ੍ਰਕਿਰਿਆ ਦਾ ਹਿੱਸਾ ਦੱਸ ਰਹੀਆਂ ਹਨ। ਪੰਜਾਬ ਦੇ ਅੰਦਰ ਆਉਣ ਵਾਲੇ ਦਿਨਾਂ ਵਿੱਚ ਇਹ ਮਾਮਲਾ ਹੋਰ ਵੀ ਗੰਭੀਰ ਰੂਪ ਅਖਤਿਆਰ ਕਰ ਸਕਦਾ ਹੈ। ਇਸ ਮਾਮਲੇ ਨੂੰ ਲੈਕੇ ਪੰਜਾਬ ਦੇ ਵਿੱਚ ਸੱਤਾ ਵਿਰੋਧੀ ਧਿਰਾਂ ਇਕੱਠੀਆਂ ਹੋ ਕੇ ਸਰਕਾਰ ਦੇ ਖਿਲ਼ਾਫ਼ ਮੋਰਚਾ ਵਿੱਢਣ ਦੀ ਤਿਆਰੀ ਕਰ ਰਹੀਆਂ ਹਨ ਅਤੇ ਸਿਆਸੀ ਕਿੜ ਕੱਢਣ ਦੇ ਲਈ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੀਤਾ ਗਿਆ ਮਾਮਲਾ ਭਗਵੰਤ ਮਾਨ ਸਰਕਾਰ ਦੇ ਗਲੇ ਦੀ ਹੱਡੀ ਬਣ ਸਕਦਾ ਹੈ।

ਇਸੇ ਦੌਰਾਨ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋ ਕੇ ਬਣੇ ‘ਅਕਾਲੀ ਦਲ ਪੁਨਰ-ਸੁਰਜੀਤ’ ਦੇ ਸੀਨੀਅਰ ਆਗੂ ਅਤੇ ਸਾਬਕਾ ਸੰਸਦ ਮੈਂਬਰ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਨੇ ਸਾਬਕਾ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਦੇ ਹੱਕ ਵਿੱਚ ਖੁੱਲ੍ਹ ਕੇ ਬਿਆਨ ਦਿੱਤਾ ਹੈ। ਉਨ੍ਹਾਂ ਮਜੀਠੀਆ ਖ਼ਿਲਾਫ਼ ਦਰਜ ਕੀਤੇ ਗਏ ਪੁਲਿਸ ਮਾਮਲੇ ਦੀ ਨਿੰਦਾ ਕਰਦਿਆਂ ਇਸ ਨੂੰ ਸਿਆਸੀ ਬਦਲਾਖੋਰੀ ਦੀ ਕਾਰਵਾਈ ਕਰਾਰ ਦਿੱਤਾ ਹੈ। ਪ੍ਰੋ ਚੰਦੂਮਾਜਰਾ ਨੇ ਕਿਹਾ ਕਿ ਇਹ ਮਾਮਲਾ ਸਿਰਫ਼ ਇੱਕ ਆਗੂ ਦੇ ਖ਼ਿਲਾਫ਼ ਕਾਰਵਾਈ ਨਹੀਂ ਸਗੋਂ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਆਪਣੇ ਸਿਆਸੀ ਵਿਰੋਧੀਆਂ ਨੂੰ ਨਿਸ਼ਾਨਾ ਬਣਾਉਣ ਵਿੱਚ ਜ਼ਿਆਦਾ ਰੁਚੀ ਦਿਖਾ ਰਹੀ ਹੈ। ਉਨ੍ਹਾਂ ਕਿਹਾ ਕਿ ਜੇ ਕੋਈ ਲੋਕ ਨੁਮਾਇੰਦਾ ਲੋਕਾਂ ਦੀਆਂ ਸਮੱਸਿਆਵਾਂ ਜਾਂ ਪੁਲਿਸ ਵੱਲੋਂ ਹੋ ਰਹੀ ਕਥਿਤ ਧੱਕੇਸ਼ਾਹੀ ਦੇ ਖ਼ਿਲਾਫ਼ ਆਵਾਜ਼ ਉਠਾਉਣ ਲਈ ਥਾਣੇ ਜਾਂਦਾ ਹੈ ਤਾਂ ਇਸ ਨੂੰ ਜੁਰਮ ਨਹੀਂ ਮੰਨਿਆ ਜਾਣਾ ਚਾਹੀਦਾ। ਉਨ੍ਹਾਂ ਸਵਾਲ ਕੀਤਾ ਕਿ ਜੇਕਰ ਚੁਣੇ ਹੋਏ ਆਗੂ ਹੀ ਲੋਕਾਂ ਦੇ ਹੱਕਾਂ ਲਈ ਅੱਗੇ ਨਹੀਂ ਆਉਣਗੇ ਤਾਂ ਆਮ ਲੋਕ ਇਨਸਾਫ਼ ਲਈ ਕਿਸ ਕੋਲ ਜਾਣਗੇ। ਉਨ੍ਹਾਂ ਕਿਹਾ ਕਿ ਜਨਤਾ ਦੇ ਨੁਮਾਇੰਦਿਆਂ ਦਾ ਫ਼ਰਜ਼ ਹੈ ਕਿ ਉਹ ਲੋਕਾਂ ਦੀ ਆਵਾਜ਼ ਬਣਨ ਅਤੇ ਉਨ੍ਹਾਂ ਦੇ ਹੱਕਾਂ ਲਈ ਸੰਘਰਸ਼ ਕਰਨ। ਪ੍ਰੋ ਚੰਦੂਮਾਜਰਾ ਨੇ ਕਿਹਾ ਕਿ ਪੰਜਾਬ ਇਸ ਸਮੇਂ ਕਈ ਗੰਭੀਰ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ। ਨਸ਼ਿਆਂ ਦੀ ਸਮੱਸਿਆ, ਗੈਂਗਸਟਰਵਾਦ ਅਤੇ ਵਧ ਰਹੇ ਅਪਰਾਧ ਲੋਕਾਂ ਲਈ ਵੱਡੀ ਚਿੰਤਾ ਦਾ ਕਾਰਨ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਪਣਾ ਧਿਆਨ ਇਨ੍ਹਾਂ ਅਹਿਮ ਮੁੱਦਿਆਂ ਦੇ ਹੱਲ ਵੱਲ ਕੇਂਦਰਿਤ ਕਰਨਾ ਚਾਹੀਦਾ ਹੈ। ਸੂਬੇ ਦੇ ਲੋਕ ਸੁਰੱਖਿਆ, ਰੁਜ਼ਗਾਰ ਅਤੇ ਕਾਨੂੰਨ ਵਿਵਸਥਾ ਵਰਗੇ ਮੁੱਦਿਆਂ ਦੇ ਹੱਲ ਦੀ ਉਡੀਕ ਕਰ ਰਹੇ ਹਨ, ਪਰ ਸਰਕਾਰ ਸਿਆਸੀ ਟਕਰਾਅ ਵਿੱਚ ਉਲਝੀ ਹੋਈ ਨਜ਼ਰ ਆ ਰਹੀ ਹੈ।

ਪ੍ਰੋ ਚੰਦੂਮਾਜਰਾ ਨੇ ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਬਿਕਰਮਜੀਤ ਸਿੰਘ ਮਜੀਠੀਆ ਖ਼ਿਲਾਫ਼ ਦਰਜ ਕੀਤਾ ਗਿਆ ਮਾਮਲਾ ਤੁਰੰਤ ਵਾਪਸ ਲਿਆ ਜਾਵੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਨਿਆਂ ਅਤੇ ਲੋਕਤੰਤਰ ਦੀਆਂ ਕਦਰਾਂ ਨੂੰ ਪਹਿਲ ਦੇਣੀ ਚਾਹੀਦੀ ਹੈ। ਉਨ੍ਹਾਂ ਮੁੱਖ ਮੰਤਰੀ ਨੂੰ ਅਪੀਲ ਕੀਤੀ ਕਿ ਸਿਆਸੀ ਬਦਲਾਖੋਰੀ ਦੀ ਰਾਜਨੀਤੀ ਤੋਂ ਉੱਪਰ ਉੱਠ ਕੇ ਸੂਬੇ ਦੇ ਵਿਕਾਸ, ਅਮਨ-ਸ਼ਾਂਤੀ ਅਤੇ ਲੋਕ ਭਲਾਈ ਦੇ ਕੰਮਾਂ ‘ਤੇ ਧਿਆਨ ਦਿੱਤਾ ਜਾਵੇ।

Related posts

ਰਾਜਸਥਾਨ ‘ਚ ਪਾਕਿਸਤਾਨੀ ਸਿਮ ਕਾਰਡਾਂ ‘ਤੇ ਪਾਬੰਦੀ ਕਿਉਂ ਲਾਈ ਗਈ?

‘ਆਪ’ ਸਰਕਾਰ ਨੇ ਔਰਤਾਂ ਨੂੰ 60 ਹਜ਼ਾਰ ਦੀ ਥਾਂ 6 ਹਜ਼ਾਰ ਰੁਪਏ ਦੇ ਕੇ ਪੱਲਾ ਝਾੜਿਆ – ਪੰਜਾਬ ਪ੍ਰਧਾਨ ਰਾਜਾ ਵੜਿੰਗ

ਮੈਲਬੌਰਨ ਦੇ ਵਿੱਚ ਕਤਲ ਅਤੇ ਅਗਵਾ ਦੇ ਦੋਸ਼ਾਂ ਹੇਠ 6 ਵਿਅਕਤੀ ਗ੍ਰਿਫਤਾਰ !