ਓਟਾਵਾ – ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਨ ਨੂੰ ਲੈ ਕੇ ਭਾਰਤ ਅਤੇ ਕੈਨੇਡਾ ਦਰਮਿਆਨ ਸ਼ੁਰੂ ਹੋਈ ਕੁੜੱਤਣ ਲਗਾਤਾਰ ਵਧਦੀ ਹੀ ਜਾ ਰਹੀ ਹੈ। ਹੁਣ ਕੈਨੇਡਾ ’ਚ ਭਾਰਤੀ ਰਾਜਦੂਤ ਨੇ ਨਿੱਝਰ ਕਤਲ ਕਾਂਡ ਦੀ ਜਾਂਚ ਨੂੰ ਲੈ ਕੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਭਾਰਤ ਦੇ ਰਾਜਦੂਤ ਸੰਜੇ ਕੁਮਾਰ ਵਰਮਾ ਨੇ ਕਿਹਾ ਕਿ ਖ਼ਾਲਿਸਤਾਨੀ ਅੱਤਵਾਦੀ ਹਰਦੀਪ ਸਿੰਘ ਨਿੱਝਰ ਦੇ ਕਤਲ ਦੀ ਜਾਂਚ ਅਜੇ ਪੂਰੀ ਨਹੀਂ ਹੋਈ। ਇਸ ਦੇ ਬਾਵਜੂਦ ਕੈਨੇਡਾ ਸਰਕਾਰ ਨੇ ਭਾਰਤ ’ਤੇ ਦੋਸ਼ ਲਾਏ ਹਨ। ਬਿਨਾਂ ਕਿਸੇ ਠੋਸ ਸਬੂਤ ਦੇ ਭਾਰਤ ਨੂੰ ਦੋਸ਼ੀ ਠਹਿਰਾਇਆ ਗਿਆ। ਇਸ ਕਾਰਨ ਨਵੀਂ ਦਿੱਲੀ ਜਸਟਿਨ ਟਰੂਡੋ ਵੱਲੋਂ ਲਾਏ ਗਏ ਦੋਸ਼ਾਂ ਦੀ ਜਾਂਚ ਕਰ ਰਹੀ ਹੈ। ਇਸ ਦੇ ਨਾਲ ਹੀ ਭਾਰਤੀ ਰਾਜਦੂਤ ਨੇ ਇਹ ਵੀ ਕਿਹਾ ਕਿ ਕੈਨੇਡਾ ਵਲੋਂ ਪਹਿਲਾਂ ਭਾਰਤ ਨੂੰ ਸਹਿਯੋਗ ਦੇਣ ਲਈ ਕਿਹਾ ਗਿਆ ਪਰ ਕੈਨੇਡਾ ਦੇ ਬਿਆਨਾਂ ਵਿਚ ਭਾਰਤ ਨੂੰ ਪਹਿਲਾਂ ਹੀ ਦੋਸ਼ੀ ਠਹਿਰਾਇਆ ਗਿਆ ਹੈ ਅਤੇ ਇਸ ਲਈ ਜੇਕਰ ਤੁਸੀਂ ਸਹਿਯੋਗ ਕਰੋ ਤਾਂ ਬਿਹਤਰ ਹੋਵੇਗਾ। ਭਾਰਤੀ ਰਾਜਦੂਤ ਨੇ ਕਿਹਾ ਕਿ ਅਸੀਂ ਹਮੇਸ਼ਾ ਕਿਹਾ ਹੈ ਕਿ ਜੇਕਰ ਕੋਈ ਚੀਜ਼ ਬਹੁਤ ਚਿੰਤਾਜਨਕ ਹੈ ਤਾਂ ਅਸੀਂ ਇਸ ’ਤੇ ਜ਼ਰੂਰ ਗੌਰ ਕਰਾਂਗੇ। ਜ਼ਿਕਰਯੋਗ ਹੈ ਕਿ 18 ਜੂਨ ਨੂੰ ਕੈਨੇਡਾ ਦੇ ਇਕ ਗੁਰਦੁਆਰੇ ਦੇ ਬਾਹਰ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦਾ ਗੋਲ਼ੀ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਇਸ ਮਾਮਲੇ ਨੂੰ ਲੈ ਕੇ ਭਾਰਤ ਨੂੰ ਸਵਾਲਾਂ ਦੇ ਘੇਰੇ ’ਚ ਲਿਆ ਦਿੱਤਾ ਹੈ। ਉਨ੍ਹਾਂ ਖਾਲਿਸਤਾਨੀ ਹਰਦੀਪ ਸਿੰਘ ਨਿੱਝਰ ਦੇ ਕਤਲ ਲਈ ਭਾਰਤੀ ਜਾਸੂਸਾਂ ’ਤੇ ਸਵਾਲ ਖੜ੍ਹੇ ਕੀਤੇ ਸਨ ਹਾਲਾਂਕਿ ਭਾਰਤ ਨੇ ਕੈਨੇਡਾ ਦੇ ਇਨ੍ਹਾਂ ਦੋਸ਼ਾਂ ਨੂੰ ਪੂਰੀ ਤਰ੍ਹਾਂ ਬੇਬੁਨਿਆਦ ਦੱਸਿਆ ਹੈ।