ਇੰਫ਼ਾਲ – ਮਨੀਪੁਰ ’ਚ ਸੁਰੱਖਿਆ ਬਲਾਂ ਨੂੰ ਵੱਡੀ ਸਫਲਤਾ ਮਿਲੀ ਹੈ। ਸੋਮਵਾਰ ਨੂੰ ਜਿਰੀਬਾਮ ਜ਼ਿਲ੍ਹੇ ’ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ’ਚ ਘੱਟੋ-ਘੱਟ 11 ਸ਼ੱਕੀ ਕੁਕੀ ਅੱਤਵਾਦੀ ਮਾਰੇ ਗਏ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਕੋਲੋਂ ਵੱਡੀ ਮਾਤਰਾ ’ਚ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ ਕੀਤਾ ਹੈ। ਸੂਤਰਾਂ ਅਨੁਸਾਰ ਆਸਾਮ ਦੀ ਸਰਹੱਦ ਨਾਲ ਲੱਗਦੇ ਜ਼ਿਲ੍ਹੇ ਵਿੱਚ ਸ਼ੱਕੀ ਕੁਕੀ ਅਤਿਵਾਦੀਆਂ ਦੇ ਹਮਲੇ ਵਿੱਚ ਕੇਂਦਰੀ ਰਿਜ਼ਰਵ ਪੁਲਿਸ ਬਲ (ਸੀ.ਆਰ.ਪੀ.ਐਫ.) ਦੇ ਕੁਝ ਜਵਾਨ ਵੀ ਜ਼ਖ਼ਮੀ ਹੋਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਦੁਪਹਿਰ ਕਰੀਬ 2.30 ਵਜੇ ਸ਼ੱਕੀ ਅਤਿਵਾਦੀਆਂ ਨੇ ਬੋਰੋਬੇਕਰਾ ਪੁਲਿਸ ਸਟੇਸ਼ਨ ’ਤੇ ਦੋ ਪਾਸਿਆਂ ਤੋਂ ਹਮਲਾ ਕੀਤਾ। ਅੱਤਵਾਦੀਆਂ ਨੇ ਵੱਡੀ ਮਾਤਰਾ ’ਚ ਗੋਲੀਬਾਰੀ ਕੀਤੀ, ਜਿਸ ਦਾ ਸੁਰੱਖਿਆ ਬਲਾਂ ਨੇ ਬਰਾਬਰੀ ਨਾਲ ਜਵਾਬ ਦਿੱਤਾ। ਥੋੜ੍ਹੇ ਸਮੇਂ ਵਿੱਚ ਹੀ ਇੱਕ ਮੁੱਠਭੇੜ ਸ਼ੁਰੂ ਹੋ ਗਈ, ਜਿਸ ਵਿੱਚ ਸੁਰੱਖਿਆ ਬਲਾਂ ਦੀ ਜਵਾਬੀ ਕਾਰਵਾਈ ਵਿੱਚ 11 ਕੁਕੀ ਅੱਤਵਾਦੀ ਮਾਰੇ ਗਏ। ਅੱਤਵਾਦੀਆਂ ਨੇ ਬੋਰੋਬੇਕਰਾ ਥਾਣੇ ਦੇ ਅਧੀਨ ਆਉਂਦੇ ਜਾਕੁਰਾਧੋਰ ’ਚ ਤਿੰਨ ਤੋਂ ਚਾਰ ਘਰਾਂ ਨੂੰ ਅੱਗ ਲਗਾ ਦਿੱਤੀ। ਜਾਕੂਰਾਧੌਰ ਥਾਣੇ ਤੋਂ ਕਰੀਬ 100 ਮੀਟਰ ਦੀ ਦੂਰੀ ’ਤੇ ਸਥਿਤ ਹੈ। ਇਸ ਥਾਣੇ ਵਿੱਚ ਸੀ.ਆਰ.ਪੀ.ਐਫ., ਅਸਾਮ ਰਾਈਫਲਜ਼ ਅਤੇ ਰਾਜ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ। ਰਿਪੋਰਟ ਵਿਚ ਸੂਤਰਾਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਹਮਲਾਵਰਾਂ ਨੇ ਕੈਂਪ ਨੂੰ ਵੀ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਹੋ ਸਕਦੀ ਹੈ। ਬੋਰੋਬੇਕਰਾ, ਜਿਰੀਬਾਮ ਦੇ ਇਸ ਪੁਲਿਸ ਸਟੇਸ਼ਨ ਨੂੰ ਹਾਲ ਹੀ ਦੇ ਮਹੀਨਿਆਂ ਵਿੱਚ ਕਈ ਵਾਰ ਨਿਸ਼ਾਨਾ ਬਣਾਇਆ ਗਿਆ ਹੈ। ਰਾਜ ਪੁਲਿਸ ਦੇ ਨਾਲ, ਸੀ.ਆਰ.ਪੀ.ਐਫ. ਅਤੇ ਅਸਾਮ ਰਾਈਫਲਜ਼ ਨੂੰ ਵੀ ਬੋਰੋਬੇਕਰਾ ਪੁਲਿਸ ਸਟੇਸ਼ਨ ’ਤੇ ਤਾਇਨਾਤ ਕੀਤਾ ਗਿਆ ਸੀ, ਜਿਨ੍ਹਾਂ ਨੇ ਤੁਰੰਤ ਜਵਾਬੀ ਕਾਰਵਾਈ ਸ਼ੁਰੂ ਕਰ ਦਿੱਤੀ। ਇਸ ਤੋਂ ਪਹਿਲਾਂ ਵੀ ਇਸ ਥਾਣੇ ’ਤੇ ਅੱਤਵਾਦੀ ਹਮਲਾ ਹੋ ਚੁੱਕਾ ਹੈ, ਇਸ ਲਈ ਸੁਰੱਖਿਆ ਕਾਰਨਾਂ ਕਰਕੇ ਇੱਥੇ ਕੇਂਦਰੀ ਅਤੇ ਸੂਬਾਈ ਬਲਾਂ ਦੀ ਵਾਧੂ ਤਾਇਨਾਤੀ ਕੀਤੀ ਗਈ ਸੀ। ਘਟਨਾ ਤੋਂ ਬਾਅਦ ਮਨੀਪੁਰ ਸਰਕਾਰ ਨੇ ਸੁਰੱਖਿਆ ਬਲਾਂ ਨੂੰ ਵਿਸ਼ੇਸ਼ ਚੌਕਸੀ ਵਰਤਣ ਦੇ ਨਿਰਦੇਸ਼ ਦਿੱਤੇ ਹਨ। ਸਰਹੱਦੀ ਇਲਾਕਿਆਂ ਅਤੇ ਪੁਲਿਸ ਚੌਕੀਆਂ ’ਤੇ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸ ਮੁਕਾਬਲੇ ਤੋਂ ਬਾਅਦ ਜਿਰੀਬਾਮ ’ਚ ਪੁਲਿਸ ਅਤੇ ਫੌਜ ਦੀ ਗਸ਼ਤ ਵਧਾ ਦਿੱਤੀ ਗਈ ਹੈ, ਤਾਂ ਜੋ ਅੱਗੇ ਤੋਂ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।