ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਦੇ ਮਾਣਹਾਨੀ ਦੇ ਕੇਸ ਦਾ ਕੀਤਾ ਸੁਆਗਤ :  ਇਸ ਨਾਲ ਬਾਦਲਾਂ ਦੇ ਪੰਜਾਬ ਵਿਰੋਧੀ ਰੁਖ਼ ਨੂੰ ਬੇਨਕਾਬ ਕਰਨ ਦਾ ਮੌਕਾ ਮਿਲਿਆ : ਭਗਵੰਤ ਮਾਨ

ਧੂਰੀ – ਸ਼੍ਰੋਮਣੀ ਅਕਾਲੀ ਦਲ ਦੇ ਆਗੂ ਸੁਖਬੀਰ ਸਿੰਘ ਬਾਦਲ ਵੱਲੋਂ ਦਾਇਰ ਮਾਣਹਾਨੀ ਦੇ ਮੁਕੱਦਮੇ ਦਾ ਸਵਾਗਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਉਨ੍ਹਾਂ ਨੂੰ ਬਾਦਲ ਪਰਿਵਾਰ ਦੇ ਪੰਜਾਬ ਵਿਰੋਧੀ ਪੈਂਤੜੇ ਅਤੇ ਮਾੜੇ ਕੰਮਾਂ ਦਾ ਪਰਦਾਫ਼ਾਸ਼ ਕਰਨ ਦਾ ਇੱਕ ਹੋਰ ਮੌਕਾ ਮਿਲੇਗਾ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਾਦਲਾਂ ਦੀ ਪੰਜਾਬ ਨਾਲ ਕੀਤੀ ਗੱਦਾਰੀ ਦੇ ਇਨਾਮ ਵਜੋਂ ਹਰਿਆਣਾ ਨੇ ਉਨ੍ਹਾਂ ਦੇ ਫਾਰਮ ਹਾਊਸ ਤੱਕ ਨਹਿਰ ਦੀ ਉਸਾਰੀ ਕੀਤੀ। ਉਨ੍ਹਾਂ ਕਿਹਾ ਕਿ ਇੰਨਾ ਹੀ ਨਹੀਂ ਸੂਬੇ ਦੀ ਤਰੱਕੀ ਵਿੱਚ ਅੜਿੱਕਾ ਡਾਹ ਕੇ ਬਾਦਲਾਂ ਨੇ ਹੋਟਲ, ਟਰਾਂਸਪੋਰਟ ਅਤੇ ਹੋਰ ਕਾਰੋਬਾਰ ਵਧਾਏ, ਜਿਸ ਬਾਰੇ ਲੋਕਾਂ ਨੂੰ ਵਿਸਥਾਰ ਨਾਲ ਦੱਸਿਆ ਜਾਵੇਗਾ।
ਮੁੱਖ ਮੰਤਰੀ ਨੇ ਕਿਹਾ ਕਿ ਸੁਖਬੀਰ ਆਪਣੀ ਜਾਇਦਾਦ ਬਚਾਉਣ ਲਈ ਕੇਸ ਲੜ ਰਹੇ ਹਨ, ਜਦੋਂ ਕਿ ਉਹ ਲੋਕਾਂ ਨੂੰ ਬਚਾਉਣ ਲਈ ਅਦਾਲਤ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਬਾਦਲ ਪਰਿਵਾਰ ਦੀਆਂ ਉਨ੍ਹਾਂ ਸਾਰੀਆਂ ਕਰਤੂਤਾਂ ਬਾਰੇ ਦੁਨੀਆਂ ਨੂੰ ਦੱਸਣਗੇ, ਜਿਨ੍ਹਾਂ ਕਾਰਨ ਸੂਬਾ ਵੱਖ-ਵੱਖ ਖੇਤਰਾਂ ਵਿੱਚ ਪਛੜ ਗਿਆ ਹੈ। ਉਨ੍ਹਾਂ ਕਿਹਾ ਕਿ ਬਾਦਲ ਪਰਿਵਾਰ ਦੇ ਹੱਥ ਪੰਜਾਬ ਅਤੇ ਪੰਜਾਬੀਆਂ ਦੇ ਖ਼ੂਨ ਨਾਲ ਰੰਗੇ ਹੋਏ ਹਨ, ਉਨ੍ਹਾਂ ਕਿਹਾ ਕਿ ਸੂਬੇ ਦੇ ਲੋਕ ਉਨ੍ਹਾਂ ਦੇ ਗੁਨਾਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰ ਸਕਦੇ।
ਮੁੱਖ ਮੰਤਰੀ ਨੇ ਕਿਹਾ ਕਿ ਜਿਹੜੇ ਲੋਕ ਦਾਅਵਾ ਕਰਦੇ ਸਨ ਕਿ ਉਹ 25 ਸਾਲ ਰਾਜ ਕਰਨਗੇ, ਉਨ੍ਹਾਂ ਨੂੰ ਲੋਕਾਂ ਨੇ ਪੂਰੀ ਤਰ੍ਹਾਂ ਨਕਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਆਪਣੇ 25 ਵਿਧਾਇਕਾਂ ਦੀ ਚੋਣ ਵੀ ਨਹੀਂ ਕਰਵਾ ਸਕੇ ਕਿਉਂਕਿ ਇਨ੍ਹਾਂ ਨੂੰ ਲੋਕਾਂ ਨੇ ਨਕਾਰ ਦਿੱਤਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਹੰਕਾਰੀ ਆਗੂਆਂ ਨੂੰ ਲੋਕਾਂ ਨੇ ਬਾਹਰ ਦਾ ਦਰਵਾਜ਼ਾ ਦਿਖਾ ਕੇ ਸਿਆਸੀ ਗੁਮਨਾਮੀ ਵਿੱਚ ਭੇਜ ਦਿੱਤਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀ ਸਰਕਾਰ ਦੌਰਾਨ ਸਿਆਸੀ ਆਗੂਆਂ ਦੇ ਕੋਟੇ ਨੇ ਆਮ ਆਦਮੀ ਦੇ ਹਿੱਤ ਹੜੱਪ ਲਏ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਹੁਦਾ ਸੰਭਾਲਣ ਤੋਂ ਬਾਅਦ ਉਨ੍ਹਾਂ ਨੇ ਅਜਿਹੇ ਸਾਰੇ ਸਿਆਸੀ ਕੋਟਿਆਂ ਨੂੰ ਖ਼ਤਮ ਕਰ ਕੇ ਆਮ ਆਦਮੀ ਦੇ ਸ਼ਕਤੀਕਰਨ ਦੇ ਨਵੇਂ ਯੁੱਗ ਦੀ ਸ਼ੁਰੂਆਤ ਕਰਨ ਨੂੰ ਮੁੱਖ ਤਰਜੀਹ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮੰਤਵ ਲੋਕਾਂ ਦੀ ਭਲਾਈ ਤੇ ਤਰੱਕੀ ਅਤੇ ਆਮ ਆਦਮੀ ਦਾ ਵਿਆਪਕ ਵਿਕਾਸ ਯਕੀਨੀ ਬਣਾਉਣਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਕਰਦੀਆਂ ਹਨ ਕਿਉਂਕਿ ਉਹ ਇਕ ਆਮ ਪਰਿਵਾਰ ਨਾਲ ਸਬੰਧਤ ਹਨ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੂੰ ਹਮੇਸ਼ਾ ਇਹ ਵਿਸ਼ਵਾਸ ਸੀ ਕਿ ਉਨ੍ਹਾਂ ਕੋਲ ਰਾਜ ਕਰਨ ਦਾ ਇਲਾਹੀ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਸੂਬੇ ਨੂੰ ਵਧੀਆ ਤਰੀਕੇ ਨਾਲ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਤੋਂ ਬਾਜ਼ ਨਹੀਂ ਆਉਣਗੇ।
ਮੁੱਖ ਮੰਤਰੀ ਨੇ ਭਵਿੱਖਬਾਣੀ ਕੀਤੀ ਕਿ ਲੋਕ ਇਨ੍ਹਾਂ ਪਾਰਟੀਆਂ ਦੇ ਭ੍ਰਿਸ਼ਟ ਆਗੂਆਂ ਤੋਂ ਇੰਨੇ ਅੱਕ ਚੁੱਕੇ ਹਨ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ ਦੌਰਾਨ ਸੂਬੇ ਦੀਆਂ ਸਾਰੀਆਂ ਸੀਟਾਂ ‘ਤੇ ਸਾਨੂੰ ਹੂੰਝਾ ਫੇਰ ਜਿੱਤ ਦਿਵਾਉਣਗੇ। ਉਨ੍ਹਾਂ ਕਿਹਾ ਕਿ ਲੋਕ ਆਉਣ ਵਾਲੀਆਂ ਆਮ ਚੋਣਾਂ ਵਿੱਚ ਸੂਬੇ ਦੀਆਂ ਸਾਰੀਆਂ 13 ਸੀਟਾਂ ਉਨ੍ਹਾਂ ਨੂੰ ਜਿਤਾਉਣ ਦਾ ਮਨ ਬਣਾ ਚੁੱਕੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਉਣ ਵਾਲੀਆਂ ਲੋਕ ਸਭਾ ਚੋਣਾਂ 13-0 ਦੇ ਅੰਕੜੇ ਨਾਲ ਜਿੱਤਾਂਗਾ, ਜਦੋਂ ਕਿ ਬਾਕੀ ਪਾਰਟੀਆਂ ਦੇ ਖਾਤੇ ਵੀ ਨਹੀਂ ਖੁੱਲ੍ਹਣਗੇ।

Related posts

ਪੰਜਾਬ ਦੀ ਮੁੜ ਖੁਸ਼ਹਾਲੀ ਲਈ ਭੈੜੀ ਸਿਆਸਤ ਦੀ ਥਾਂ ਸਾਂਝੇ ਯਤਨ ਕਰਨ ਦਾ ਵੇਲਾ !

ਮਿਡਲ-ਈਸਟ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਵਾਸਤੇ ਫੌਰੀ ਕਦਮ ਚੁੱਕੇ ਜਾਣ – ਸੁਖਬੀਰ ਸਿੰਘ ਬਾਦਲ

ਹਰਿਆਣਾ ਕ੍ਰਿਕੇਟ ਅਕੈਡਮੀ ਨੇ 9ਵਾਂ ਚੈਲੇਂਜਰਜ਼ ਕੱਪ ਕ੍ਰਿਕੇਟ ਟੂਰਨਾਮੈਂਟ ਜਿੱਤਿਆ