ਮੁੱਖ ਮੰਤਰੀ ਭਗਵੰਤ ਮਾਨ ਨੇ 4.62 ਕਰੋੜ ਦੀ ਲਾਗਤ ਨਾਲ 14 ਪੇਂਡੂ ਲਾਇਬਰੇਰੀਆਂ ਦਾ ਕੀਤਾ ਉਦਘਾਟਨ

ਧੂਰੀ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹਲਕੇ ਦੇ ਪਿੰਡ ਕਾਂਝਲਾ ਵਿਖੇ ਜੁੜੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਿੰਡਾਂ ‘ਚ ਵੱਸਦੇ ਹਰ ਵਰਗ ਨੂੰ ਕਿਤਾਬਾਂ ਨਾਲ ਜੋੜਨ ਲਈ ਅਸੀਂ ਪਿੰਡਾਂ ‘ਚ ਲਾਇਬਰੇਰੀਆਂ ਬਣਾਉਣ ਦਾ ਨਿਵੇਕਲਾ ਕੰਮ ਸਰਕਾਰ ਵੱਲੋਂ ਸ਼ੁਰੂ ਕੀਤਾ ਹੋਇਆ ਹੈ ਅਤੇ ਅੱਜ ਜ਼ਿਲ੍ਹਾ ਸੰਗਰੂਰ ਵਿਖੇ 4.62 ਕਰੋੜ ਰੁਪਏ ਦੀ ਲਾਗਤ ਨਾਲ ਬਣੀਆਂ 14 ਨਵੀਆਂ ਪੇਂਡੂ ਲਾਇਬਰੇਰੀਆਂ ਦਾ ਉਦਘਾਟਨ ਕੀਤਾ ਹੈ, ਜੋ ਬੱਚਿਆਂ ਤੋਂ ਲੈ ਬਜ਼ੁਰਗਾਂ ਤੱਕ ਹਰ ਵਰਗ ਲਈ ਕਿਤਾਬਾਂ ਲਾਇਬਰੇਰੀਆਂ ‘ਚ ਉਪਲਬਧ ਹੋਣਗੀਆਂ। ਉਨ੍ਹਾਂ ਕਿਹਾ ਕਿ ਸਾਡਾ ਮਕਸਦ ਇਹੀ ਹੈ ਪੰਜਾਬੀ ਪੜ੍ਹ ਲਿਖ ਕੇ ਚੰਗੇ ਤੇ ਵਧੀਆ ਅਹੁਦੇ ਹਾਸਿਲ ਕਰਨ।

        ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਪੰਜਾਬ ਦੇ ਸਰਵਪੱਖੀ ਵਿਕਾਸ ਵੱਖ ਵੱਖ ਉਪਰਾਲੇ ਕਰ ਰਹੀ ਹੈ ਅਤੇ  ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿਕਾਸ ਪੱਖੋਂ ਨੰਬਰ ਵਨ ਸੂਬਾ ਹੋਵੇਗਾ । ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਊਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਲੋਕ ਵੱਡਾ ਜੇਤੂ ਫਤਵਾ ਦੇਣਗੇ ਅਤੇ 13 ਦੀਆਂ 13 ਸੀਟਾਂ ‘ਤੇ ‘ਆਪ’ ਜਿੱਤ ਪ੍ਰਾਪਤ ਕਰੇਗੀ।  ਉਨ੍ਹਾਂ ਕਿਹਾ ਕਿ ਜਿਹੜੇ ਲੋਕ ਪੰਜਾਬ ਦੇ ਮੁੱਦਿਆਂ ਲਈ ਰੱਖੀ  ਡਿਬੇਟ ਵਿੱਚ ਨਹੀਂ ਆਏ, ਉਹ ਅੱਜ ਕਿਵੇਂ ਪੰਜਾਬ ਦੇ ਲੋਕਾਂ ਵਿੱਚ ਜਾਣਗੇ।  ਸੂਬੇ ਦੀ ਝਲਕੀ ਬਾਰੇ ਭਾਜਪਾ ਦੇ ਸੂਬਾ ਪ੍ਰਧਾਨ ਵੱਲੋਂ ਕੀਤੀ ਟਿਪੱਣੀ ਉਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੁਨੀਲ ਜਾਖੜ ਵਰਗੇ ਗੁੰਮਰਾਹਕੁਨ ਨੇਤਾ ਸੂਬੇ ਦੀ ਤਰੱਕੀ ਦੇ ਰਾਹ ਵਿੱਚ ਰੋੜਾ ਬਣੇ ਹੋਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਨੇਤਾਵਾਂ ਨੇ ਸਾਡੇ ਸੂਬੇ ਦੀਆਂ ਦੋ ਪੀੜ੍ਹੀਆਂ ਬਰਬਾਦ ਕਰ ਦਿੱਤੀਆਂ ਹਨ ਜਿਸ ਕਰਕੇ ਇਹ ਨੇਤਾ ਬੀਤੇ ਸਾਲ ਇਕ ਨਵੰਬਰ ਨੂੰ ਬਹਿਸ ਵਿੱਚ ਨਹੀਂ ਪਹੁੰਚੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਸੂਝਵਾਨ ਲੋਕਾਂ ਨੇ ਇਨ੍ਹਾਂ ਨੇਤਾਵਾਂ ਨੂੰ ਸਿਆਸੀ ਸਫਾਂ ਤੋਂ ਲਾਂਭੇ ਕਰਕੇ ਗੁੰਮਨਾਮੀ ਵੱਲ ਧੱਕ ਦਿੱਤਾ।

        ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ 26 ਜਨਵਰੀ ਦੇ ਸਮਾਗਮ ਮੌਕੇ ਸਾਡੀਆਂ ਝਾਕੀਆਂ ਨੂੰ ਰੋਕ ਸਕਦੀ ਹੈ, ਪਰ ਅਸੀਂ ਪੰਜਾਬ ਦੇ ਲੋਕਾਂ ਦੀ ਤਰਜਮਾਨੀ ਕਰਦੇ ਹਾਂ ਅਤੇ ਇਹਨਾਂ ਝਾਕੀਆਂ ਨੂੰ ਪੰਜਾਬ ਵਿੱਚ ਦਿਖਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਮੈਂ ‘ਦਿਨ ਅਤੇ ਰਾਤ ’ਨੂੰ ਇੱਕ ਕਰਕੇ ਪੰਜਾਬ ਦੇ ਲੋਕਾਂ ਵੱਲੋਂ ਦਿੱਤੀ ਜਿੰਮੇਵਾਰੀ ਨੂੰ ਨਿਭਾ ਰਿਹਾ ਹਾਂ, ਕਿਉਂਕਿ ਜੇਕਰ ਮੈਂ ਵੀ ਰਿਵਾਇਤੀ ਲੀਡਰਾਂ ਵਾਂਗ ਕੰਮ ਕਰਾਂ ਤਾਂ ਉਨ੍ਹਾਂ ਅਤੇ ਮੇਰੇ ਵਿੱਚ ਕੋਈ ਫ਼ਰਕ ਨਹੀਂ ਰਹਿਣਾ। ਇਸ ਮੌਕੇ ਉਨ੍ਹਾਂ ਇਹ ਭੀ ਦੱਸਿਆ ਕਿ ਮੈਂ ਪੰਜਾਬ ਲਈ ਪੈਸੇ ਪੈਸੇ ਦੀ ਵਰਤੋਂ ਕਰ ਰਿਹਾ ਹਾਂ ਅਤੇ ਪੰਜਾਬ ਵਿੱਚ ਬਿਜਲੀ ਕੰਪਨੀਨਾਲ ਸਮਝੌਤਾ ਕਰਨ ਵੇਲੇ 3 ਪੈਸੇ ਦਾ ਘਾਟਾ ਕਰਕੇ ਪੰਜਾਬ ਦਾ 600 ਕਰੋੜ ਰੁਪੈ ਸਲਾਨਾ ਬਚਾਇਆ ਗਿਆ।

ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੀ ਪੁਰਾਤਨ ਸ਼ਾਨ ਬਹਾਲ ਕਰਕੇ ਮੁੜ ‘ਰੰਗਲਾ ਪੰਜਾਬ’ ਬਣਾਉਣ ਲਈ ਸੰਜੀਦਾ ਉਪਰਾਲੇ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦੇ ਲਗਪਗ ਹਰੇਕ ਦੂਜੇ ਪਿੰਡ ਨੂੰ ਮਹਾਨ ਗੁਰੂ ਸਾਹਿਬਾਨ ਦੀ ਚਰਨ ਛੋਹ ਪ੍ਰਾਪਤ ਹੈ ਅਤੇ ਪੰਜਾਬ ਦੀ ਧਰਤੀ ਨੇ ਬਹਾਦਰ ਪੁੱਤ ਪੈਦਾ ਕੀਤੇ ਹਨ ਜਿਨ੍ਹਾਂ ਨੇ ਆਪਣੇ ਮੁਲਕ ਦੀ ਖਾਤਰ ਆਪਣਾ ਜੀਵਨ ਲੇਖੇ ਲਾ ਦਿੱਤਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀ ਪੈਦਾਇਸ਼ੀ ਉੱਦਮੀ ਹੁੰਦੇ ਹਨ ਅਤੇ ਇਨ੍ਹਾਂ ਵਿੱਚ ਅਗਵਾਈ ਕਰਨ ਦੇ ਗੁਣ ਹੁੰਦੇ ਹਨ ਅਤੇ ਏਸੇ ਕਰਕੇ ਦੁਨੀਆ ਭਰ ਵਿੱਚ ਪੰਜਾਬੀਆਂ ਨੇ ਆਪਣੀ ਕਾਬਲੀਅਤ ਦਾ ਲੋਹਾ ਮੰਨਵਾਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਦੀ ਸਖ਼ਤ ਮਿਹਨਤ ਦਾ ਕੋਈ ਸਾਨੀ ਨਹੀਂ ਜਿਸ ਕਰਕੇ ਅੱਜ ਪੰਜਾਬੀ ਹਰੇਕ ਖੇਤਰ ਵਿੱਚ ਨਾਮਣਾ ਖੱਟ ਰਹੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੇ ਇੱਕ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਦੀ ਮਲਕੀਅਤ ਵਾਲਾ ਗੋਇੰਦਵਾਲ ਪਾਵਰ ਪਲਾਂਟ 1080 ਕਰੋੜ ਰੁਪਏ ਦੀ ਲਾਗਤ ਨਾਲ ਖਰੀਦ ਕੇ ਇਤਿਹਾਸ ਰਚਿਆ ਹੈ। ਉਨ੍ਹਾਂ ਕਿਹਾ ਕਿ ਹੁਣ ਪਹਿਲੀ ਵਾਰ ਉਲਟਾ ਰੁਝਾਨ ਸ਼ੁਰੂ ਹੋਇਆ ਹੈ ਕਿ ਸਰਕਾਰ ਨੇ ਕੋਈ ਪ੍ਰਾਈਵੇਟ ਪਾਵਰ ਪਲਾਂਟ ਖਰੀਦਿਆ ਹੈ ਜਦੋਂ ਕਿ ਪਹਿਲਾਂ ਸੂਬਾ ਸਰਕਾਰਾਂ ਸਰਕਾਰੀ ਜਾਇਦਾਦਾਂ ਮਨਪਸੰਦ ਵਿਅਕਤੀਆਂ ਨੂੰ ‘ਕੌਡੀ’ ਦੇ ਭਾਅ ਵੇਚਦੀਆਂ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਨਿਕਲਣ ਵਾਲੇ ਕੋਲੇ ਦੀ ਵਰਤੋਂ ਸਰਕਾਰੀ ਪਾਵਰ ਪਲਾਂਟਾਂ ਲਈ ਹੀ ਕੀਤੀ ਜਾ ਸਕਦੀ ਹੈ ਜਿਸ ਕਰਕੇ ਇਸ ਪਾਵਰ ਪਲਾਂਟ ਦੀ ਖਰੀਦ ਨਾਲ ਇਸ ਕੋਲੇ ਦੀ ਵਰਤੋਂ ਸੂਬੇ ਦੇ ਹਰੇਕ ਸੈਕਟਰ ਨੂੰ ਬਿਜਲੀ ਪੈਦਾ ਕਰਨ ਲਈ ਕੀਤੀ ਜਾ ਸਕਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਹਸਪਤਾਲਾਂ ਅਤੇ ਸਕੂਲਾਂ ਵਿੱਚ ਮੁਕੰਮਲ ਤੌਰ ਉਤੇ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ ਅਤੇ ਆਮ ਆਦਮੀ ਦੀ ਭਲਾਈ ਲਈ ਨਵੇਂ ਮੈਡੀਕਲ ਕਾਲਜ ਬਣ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਫੈਸਲੇ ਉਨ੍ਹਾਂ ਲੋਕਾਂ ਵੱਲੋਂ ਹੀ ਲਏ ਜਾ ਰਹੇ ਹਨ ਜੋ ਜ਼ਮੀਨੀ ਪੱਧਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਤੋਂ ਜਾਣੂੰ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਹੈ ਅਤੇ ਹੁਣ ਉਹ ਨਿਰਲੱਜ ਹੋ ਕੇ ਨੈਤਿਕਤਾ ਦੀਆਂ ਗੱਲਾਂ ਕਰ ਰਹੀਆਂ ਹਨ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਸਦਕਾ ਪੰਜਾਬ ਵਿੱਚ ਵੱਡੀ ਉਦਯੋਗਿਕ ਕ੍ਰਾਂਤੀ ਦੇਖਣ ਨੂੰ ਮਿਲ ਰਹੀ ਹੈ। ਉਨ੍ਹਾਂ ਕਿਹਾ ਕਿ ਪਿਛਲੇ 18 ਮਹੀਨਿਆਂ ਦੌਰਾਨ ਟਾਟਾ ਸਟੀਲ ਅਤੇ ਹੋਰ ਵੱਡੀਆਂ ਕੰਪਨੀਆਂ ਨੇ ਸੂਬੇ ਵਿੱਚ ਨਿਵੇਸ਼ ਕਰਨ ਲਈ ਤਿਆਰੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਨੂੰ ਮੋਹਰੀ ਸੂਬਾ ਅਤੇ ‘ਰੰਗਲਾ ਪੰਜਾਬ’ ਬਣਾਉਣ ਵੱਲ ਲਈ ਇਹ ਮਹੱਤਵਪੂਰਨ ਕਦਮ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਦੇਸ਼ ਵਿੱਚ ਨਿਵੇਸ਼ ਲਈ ਪੰਜਾਬ ਸਭ ਤੋਂ ਪਸੰਦੀਦਾ ਸਥਾਨ ਬਣ ਕੇ ਉੱਭਰਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਦੌਰਾਨ ਪੰਜਾਬ ਵਿੱਚ ਹੁਣ ਤੱਕ 55,000 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਹੋਇਆ ਹੈ ਜਿਸ ਨਾਲ ਨੌਜਵਾਨਾਂ ਲਈ ਰੋਜ਼ਗਾਰ ਦੇ 2.95 ਲੱਖ ਮੌਕੇ ਪੈਦਾ ਹੋਣਗੇ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਆਰਥਿਕ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਆਉਣ ਵਾਲੇ ਦਿਨਾਂ ਵਿੱਚ ਹੋਰ ਨਿਵੇਸ਼ ਹੋਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਜਿੱਥੇ ਪਿਛਲੇ 75 ਸਾਲਾਂ ਵਿੱਚ ਨੌਜਵਾਨ ਸਰਕਾਰੀ ਨੌਕਰੀ ਲਈ ਇਕ ਮੌਕੇ ਨੂੰ ਤਰਸਦੇ ਹੁੰਦੇ ਸਨ, ਹੁਣ ਉਨ੍ਹਾਂ ਨੂੰ ਇੱਕ ਸਾਲ ਵਿੱਚ ਤਿੰਨ-ਤਿੰਨ ਨੌਕਰੀਆਂ ਵੀ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪਹਿਲੀਆਂ ਸਰਕਾਰਾਂ ਨੇ ਕਦੇ ਵੀ ਸੂਬੇ ਦੀ ਭਲਾਈ ਜਾਂ ਇਸ ਦੀ ਤਰੱਕੀ ਦੀ ਪ੍ਰਵਾਹ ਨਹੀਂ ਕੀਤੀ ਪਰ ਮੌਜੂਦਾ ਸਰਕਾਰ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ। ਭਗਵੰਤ ਸਿੰਘ ਮਾਨ ਨੇ ਆਖਿਆ ਕਿ ਪਿਛਲੇ 25 ਸਾਲਾਂ ‘ਚ ਪੰਜਾਬ ‘ਤੇ ਸਿਰਫ਼ ਦੋ ਸਿਆਸਤਦਾਨਾਂ ਨੇ ਰਾਜ ਕੀਤਾ ਹੈ ਅਤੇ ਆਪਣੇ ਨਿੱਜੀ ਹਿੱਤਾਂ ਲਈ ਸੂਬੇ ਦੇ ਵਸੀਲਿਆਂ ਦਾ ਸ਼ੋਸ਼ਣ ਕੀਤਾ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਜਦੋਂ ਸਾਨੂੰ ਸੂਬੇ ਦੇ ਵਾਤਾਵਰਨ ਨੂੰ ਬਚਾਉਣ ਦਾ ਸੰਕਲਪ ਲੈ ਕੇ ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਪਾਵਨ ਗੁਰਬਾਣੀ ਦੀਆਂ ਸਿੱਖਿਆਵਾਂ ਨੂੰ ਆਪਣੇ ਜੀਵਨ ਵਿੱਚ ਧਾਰਨ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ ਪਰ ਇਸ ਲਈ ਨੌਜਵਾਨਾਂ ਨੂੰ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਆਪਣੀ ਪ੍ਰਾਪਤੀ ਉਤੇ ਘੁੰਮਡ ਨਾ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਹੋਰ ਸਫਲਤਾ ਹਾਸਲ ਕਰਨ ਲਈ ਨਿਮਰ ਰਹਿਣ ਦੇ ਨਾਲ-ਨਾਲ ਸਖ਼ਤ ਮਿਹਨਤ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਵੈ-ਵਿਸ਼ਵਾਸ ਅਤੇ ਸਾਕਾਰਤਮਕ ਪਹੁੰਚ ਹਰੇਕ ਸ਼ਖਸੀਅਤ ਦੇ ਮੂਲ ਗੁਣ ਹੁੰਦੇ ਹਨ ਪਰ ਇਸ ਨੂੰ ਲੈ ਕੇ ਹੰਕਾਰ ਨਹੀਂ ਕਰਨਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਗੁਣ ਹੀ ਹਰੇਕ ਖੇਤਰ ਵਿੱਚ ਸਫਲਤਾ ਦੇ ਪੈਮਾਨੇ ਹੁੰਦੇ ਹਨ ਅਤੇ ਇਨ੍ਹਾਂ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕੀਤਾ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਾ ਸਫ਼ਰ ਜਾਰੀ ਰਹੇਗਾ ਅਤੇ ਉਨ੍ਹਾਂ ਦਾ ਉਦੇਸ਼ ਨੌਜਵਾਨਾਂ ਨੂੰ ਸਮਾਜਿਕ ਤੇ ਆਰਥਿਕ ਤਰੱਕੀ ਵਿੱਚ ਬਰਾਬਰ ਭਾਈਵਾਲ ਬਣਾਉਣਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੌਜਵਾਨਾਂ ਸਮੇਤ ਸਮਾਜ ਦੇ ਹਰੇਕ ਵਰਗ ਦੀ ਭਲਾਈ ਲਈ ਵਚਨਬੱਧ ਹੈ। ਮੁੱਖ ਮੰਤਰੀ ਨੇ ਨਵੇਂ ਭਰਤੀ ਹੋਏ ਨੌਜਵਾਨਾਂ ਨੂੰ ਆਪਣੇ ਅਹੁਦੇ ਦੀ ਵਰਤੋਂ ਲੋਕ ਭਲਾਈ ਲਈ ਕਰਨ ਦਾ ਸੱਦਾ ਦਿੰਦਿਆਂ ਕਿਹਾ ਕਿ ਕੰਮ-ਧੰਦੇ ਆਉਣ ਵਾਲੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਦੀ ਬਜਾਏ ਇਨਸਾਫ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਨਿਰੰਤਰ ਯਤਨ ਕਰ ਰਹੀ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਰਵਾਇਤੀ ਸਿਆਸੀ ਪਾਰਟੀਆਂ ਉਨ੍ਹਾਂ ਨਾਲ ਈਰਖਾ ਰੱਖਦੀਆਂ ਹਨ ਕਿਉਂਕਿ ਉਹ ਆਮ ਪਰਿਵਾਰ ਨਾਲ ਸਬੰਧਤ ਹਨ ਅਤੇ ਲੋਕਾਂ ਦੀ ਭਲਾਈ ਯਕੀਨੀ ਬਣਾਉਣ ਲਈ ਅਣਥੱਕ ਮਿਹਨਤ ਕਰ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਆਗੂ ਹਮੇਸ਼ਾ ਤੋਂ ਇਹੀ ਮੰਨਦੇ ਸੀ ਕਿ ਸੂਬੇ ਵਿੱਚ ਸ਼ਾਸਨ ਕਰਨ ਦਾ ਉਨ੍ਹਾਂ ਕੋਲ ਜਨਮ ਸਿੱਧ ਅਧਿਕਾਰ ਹੈ, ਜਿਸ ਕਾਰਨ ਉਨ੍ਹਾਂ ਨੂੰ ਇਹ ਗੱਲ ਹਜ਼ਮ ਨਹੀਂ ਹੋ ਰਹੀ ਕਿ ਇਕ ਆਮ ਆਦਮੀ ਬੜੀ ਕਾਰਜਕੁਸ਼ਲਤਾ ਨਾਲ ਸੂਬੇ ਨੂੰ ਚਲਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਲੰਮੇ ਸਮੇਂ ਤੱਕ ਲੋਕਾਂ ਨੂੰ ਬੇਵਕੂਫ਼ ਬਣਾਉਂਦੇ ਰਹੇ ਪਰ ਹੁਣ ਲੋਕ ਇਨ੍ਹਾਂ ਦੇ ਗੁਮਰਾਹਕੁੰਨ ਪ੍ਰਚਾਰ ਵਿੱਚ ਨਹੀਂ ਆਉਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਦਿਨ ਬੀਤ ਗਏ ਹਨ, ਜਦੋਂ ਸੂਬੇ ਦਾ ਮੁਖੀ ਆਪਣੇ ਮਹਿਲਾਂ ਦੇ ਵੱਡੇ-ਵੱਡੇ ਕਮਰਿਆਂ ਵਿੱਚ ਕੈਦ ਰਹਿੰਦਾ ਸੀ, ਇਸ ਦੇ ਉਲਟ ਹੁਣ ਸੂਬੇ ਦਾ ਮੁਖੀ ਹਮੇਸ਼ਾ ਲੋਕਾਂ ਵਿਚਕਾਰ ਰਹਿੰਦਾ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਨੂੰ ਹੁਲਾਰਾ ਦੇਣ ਲਈ ਸਾਡੀ ਸਰਕਾਰ ਵੱਲੋਂ ਲੋਕਾਂ ਨਾਲ ਕੀਤਾ ਹਰੇਕ ਵਾਅਦਾ ਛੇਤੀ ਤੋਂ ਛੇਤੀ ਪੂਰਾ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹੁਣ ਮੁੱਖ ਮੰਤਰੀ ਤੱਕ ਪਹੁੰਚ ਬਹੁਤ ਆਸਾਨ ਹੈ, ਜਿਸ ਕਾਰਨ ਲੋਕਾਂ ਦੀ ਭਲਾਈ ਲਈ ਸੂਬੇ ਦਾ ਹਰੇਕ ਮੁੱਦਾ ਛੇਤੀ ਹੱਲ ਹੋ ਰਿਹਾ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੀ ਝਾਕੀ ਨੂੰ ਰੱਦ ਕਰ ਕੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊਧਮ ਸਿੰਘ, ਸ਼ਹੀਦ ਕਰਤਾਰ ਸਿੰਘ ਸਰਾਭਾ, ਮਾਈ ਭਾਗੋ, ਗ਼ਦਰੀ ਬਾਬਿਆਂ ਵਰਗੇ ਮਹਾਨ ਸ਼ਹੀਦਾਂ ਦਾ ਨਿਰਾਦਰ ਕੀਤਾ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਗਣਤੰਤਰ ਦਿਵਸ ਪਰੇਡ ਵਿੱਚ ਇਨ੍ਹਾਂ ਨਾਇਕਾਂ ਦੀ ਝਾਕੀ ਨੂੰ ਸ਼ਾਮਲ ਨਾ ਕਰ ਕੇ ਸ਼ਹੀਦਾਂ ਦੇ ਯੋਗਦਾਨ ਤੇ ਬਲੀਦਾਨ ਨੂੰ ਘਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਮਹਾਨ ਦੇਸ਼ ਭਗਤਾਂ ਅਤੇ ਕੌਮੀ ਨਾਇਕਾਂ ਦੀ ਵੱਡੀ ਨਿਰਾਦਰੀ ਹੈ। ਉਨ੍ਹਾਂ ਕਿਹਾ ਕਿ ਸ਼ਹੀਦਾਂ ਨੂੰ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਤੋਂ ਦੇਸ਼ ਭਗਤੀ ਦਾ ਸਰਟੀਫਿਕੇਟ ਲੈਣ ਦੀ ਲੋੜ ਨਹੀਂ ਹੈ।

ਇਸ ਮੌਕੇ ਓ.ਐਸ.ਡੀ. ਓਂਕਾਰ ਸਿੰਘ ਸਿੱਧੂ , ਰਾਜਬੀਰ ਸਿੰਘ ਘੁੰਮਣ,   ਵਿਧਾਇਕਾ ਨਰਿੰਦਰ ਕੌਰ ਭਰਾਜ, ਜਿਲ੍ਹਾ ਯੋਜਨਾ ਬੋਰਡ ਸੰਗਰੂਰ ਦੇ ਚੇਅਰਮੈਨ ਗੁਰਮੇਲ ਸਿੰਘ ਘਰਾਚੋਂ,  ਅਸ਼ੋਕ ਕੁਮਾਰ ਲੱਖਾ, ਪੰਜਾਬ ਵਕਫ਼ ਬੋਰਡ ਦੇ ਮੈਂਬਰ ਡਾ. ਅਨਵਰ ਭਸੌੜ, ਰਾਜਵੰਤ ਸਿੰਘ ਘੁੱਲੀ, ਅਮਰਦੀਪ ਸਿੰਘ ਧਾਂਦਰਾ, ਜਸਵੀਰ ਸਿੰਘ ਜੱਸੀ ਸੇਖੋਂ,  ਅਮਿ੍ੰਤ ਬਰਾੜ ਇੰਚਾਰਜ ਮੁੱਖ ਮੰਤਰੀ ਕੈਂਪ ਦਫ਼ਤਰ,  ਸੀਨੀਅਰ ਆਪ ਆਗੂ ਵਿਕਾਸ ਜੈਨ, ਸ਼ਹਿਰੀ ਬਲਾਕ ਪ੍ਰਧਾਨ ਐਡਵੋਕੇਟ ਹੈਪੀ ਗਰਗ, ਸਮੇਤ ਇਲਾਕੇ ਦੇ ਪੰਚ ਸਰਪੰਚ ਵੱਡੀ ਗਿਣਤੀ ਵਿੱਚ ਹਾਜਰ ਸਨ।

ਫ਼ੋਟੋ ਕੈਪਸ਼ਨ: ਧੂਰੀ : ਲਾਇਬਰੇਰੀਆਂ ਦਾ ਉਦਘਾਟਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ

Related posts

ਮਿਡਲ-ਈਸਟ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਵਾਸਤੇ ਫੌਰੀ ਕਦਮ ਚੁੱਕੇ ਜਾਣ – ਸੁਖਬੀਰ ਸਿੰਘ ਬਾਦਲ

ਹਰਿਆਣਾ ਕ੍ਰਿਕੇਟ ਅਕੈਡਮੀ ਨੇ 9ਵਾਂ ਚੈਲੇਂਜਰਜ਼ ਕੱਪ ਕ੍ਰਿਕੇਟ ਟੂਰਨਾਮੈਂਟ ਜਿੱਤਿਆ

ਮਿਡਲ-ਈਸਟ ਤਣਾਅ : ਭਾਰਤੀਆਂ ਨੂੰ FRRO ਨਾਲ ਸੰਪਰਕ ਕਰਨ ਦੀ ਸਲਾਹ !