ਮੁੱਖ-ਮੰਤਰੀ ਮਾਨ ਨੇ ਅਕਾਲ ਤਖਤ ਨੂੰ ਸਪੱਸ਼ਟੀਕਰਨ ਦੇਣ ਮੌਕੇ ਦਾ ਲਾਈਵ ਟੈਲੀਕਾਸਟ ਕਰਨ ਦੀ ਕੀਤੀ ਅਪੀਲ

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ।

ਚੰਡੀਗੜ੍ਹ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਅਪੀਲ ਕੀਤੀ ਹੈ ਕਿ 15 ਜਨਵਰੀ ਨੂੰ ਜਦੋਂ ਉਹ ਹਿਸਾਬ ਕਿਤਾਬ ਲੈ ਕੇ ਆਪਣਾ ਸਪੱਸ਼ਟੀਕਰਨ ਦੇਣਗੇ ਤਾਂ ਉਸ ਸਮੇਂ ਲਾਈਵ ਪ੍ਰਸਾਰਨ ਕੀਤਾ ਜਾਵੇ। ਇਹ ਅਪੀਲ ਕਰਦਿਆਂ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ, “ਪੂਰੀ ਦੁਨੀਆ ਚੋਂ ਮੈਨੂੰ ਸੁਨੇਹੇ ਆ ਰਹੇ ਨੇ ਕਿ 15 ਜਨਵਰੀ ਨੂੰ ਜਦੋਂ ਸੰਗਤ ਵੱਲੋਂ ਗੋਲਕ ਦਾ ਹਿਸਾਬ-ਕਿਤਾਬ ਲੈ ਕੇ ਜਾਵਾਂਗੇ..ਸਾਰੇ ਚੈਨਲਾਂ ਤੇ ਲਾਈਵ ਟੈਲੀਕਾਸਟ ਹੋਣਾ ਚਾਹੀਦੈ..ਮੈਂ ਵੀ ਦੁਨੀਆਂ ਭਰ ਦੀ ਸੰਗਤ ਦੀ ਭਾਵਨਾ ਨੂੰ ਸਮਝਦੇ ਹੋਏ ਜਥੇਦਾਰ ਸਾਹਿਬ ਨੂੰ ਬੇਨਤੀ ਕਰਦਾ ਹਾਂ ਕਿ ਮੇਰੇ ਸਪੱਸ਼ਟੀਕਰਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇ ਤਾਂ ਕਿ ਸੰਗਤਾਂ ਪਲ-ਪਲ ਅਤੇ ਪੈਸੇ-ਪੈਸੇ ਦੇ ਹਿਸਾਬ ਨਾਲ ਜੁੜੀਆਂ ਰਹਿਣ..ਮਿਲਦੇ ਹਾਂ ਜੀ 15 ਜਨਵਰੀ ਨੂੰ ..ਸਬੂਤਾਂ ਸਮੇਤ।’’

ਵਰਨਣਯੋਗ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਗੋਲਕਾਂ ਬਾਰੇ ਵਾਰ-ਵਾਰ ਬਿਆਨ ਦੇਣ ਦੇ ਮਾਮਲੇ ‘ਚ ਤਲਬ ਕੀਤਾ ਗਿਆ ਹੈ। ੳੇੁਹਨਾਂ ਨੂੰ 15 ਜਨਵਰੀ ਨੂੰ ਨਿੱਜੀ ਤੌਰ ‘ਤੇ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੇਸ਼ ਹੋ ਕੇ ਸਪੱਸ਼ਟੀਕਰਨ ਦੇਣ ਦਾ ਹੁਕਮ ਦਿੱਤਾ ਗਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਅਤੇ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਦੱਸਿਆ ਹੈ ਕਿ, “ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਬਰਗਾੜੀ ਕਾਂਡ ‘ਚ ਪ੍ਰਦੀਪ ਕਲੇਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੁਪਰੀਮ ਕੋਰਟ ‘ਚ ਪੇਸ਼ੀ ਦੌਰਾਨ ਸਰਕਾਰ ਦਾ ਕੋਈ ਵਕੀਲ ਪੇਸ਼ ਨਹੀਂ ਹੋਇਆ। ਜਦਕਿ ਸਪੀਕਰ ਸੰਧਾਵਾ ਦਾ ਕਹਿਣਾ ਸੀ 24 ਘੰਟਿਆਂ ‘ਚ ਬੇਅਦਬੀ ਦੋਸ਼ੀਆਂ ਨੂੰ ਇਨਸਾਫ਼ ਦੇਵਾਂਗੇ ਪਰ ਅੱਜ 4 ਸਾਲ ਹੋ ਗਏ ਹਨ, ਧਰਨਾ ਵੀ ਚੁਕਵਾਇਆ ਗਿਆ, ਪਰੰਤੂ ਇਨਸਾਫ਼ ਨਹੀਂ ਦਿੱਤਾ ਗਿਆ। ਨਾਲ ਹੀ ਮੌੜ ਬੰਬ ਕਾਂਡ ਦੇ ਮੁਲਜ਼ਮ ਵੀ ਹੁਣ ਤੱਕ ਨਹੀਂ ਫੜੇ ਗਏ ਜਦਕਿ ਉਸਦਾ ਸਿੱਧਾ ਲੰਿਕ ਡੇਰਾ ਸਿਰਸਾ ਮੁਖੀ ਦੇ ਨਾਲ ਹੈ। ਨਾ ਹੀ ਪੰਜਾਬ ਸਰਕਾਰ ਬੇਅਦਬੀ ਮਾਮਲੇ ‘ਚ ਸੁਪਰੀਮ ਕੋਰਟ ਵਿੱਚ ਪੇਸ਼ ਹੋ ਰਹੀ ਹੈ।”

ਇਸੇ ਦੌਰਾਨ ਜਥੇਦਾਰ ਗੜਗੱਜ ਨੇ ਸਾਲ 2015 ਵਿੱਚ ਬਰਗਾੜੀ ਵਿਖੇ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਦੇ ਇਸ਼ਾਰੇ ਉੱਤੇ ਕੀਤੀ ਗਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ 2017 ਵਿੱਚ ਕੀਤੇ ਗਏ ਮੌੜ ਅੱਤਵਾਦੀ ਧਮਾਕੇ ਜਿਸ ਵਿੱਚ ਪੰਜ ਬੱਚਿਆਂ ਸਮੇਤ ਸੱਤ ਵਿਅਕਤੀਆਂ ਦੀ ਜਾਨ ਗਈ ਸੀ, ਦੇ ਮਾਮਲਿਆਂ ਵਿੱਚ ਪੰਜਾਬ ਦੀ ਮੌਜੂਦਾ ਸਰਕਾਰ ਨੂੰ ਇਹ ਸਪੱਸ਼ਟੀਕਰਨ ਦੇਣ ਲਈ ਕਿਹਾ ਹੈ ਕਿ, “ਸਰਕਾਰ ਨੇ ਹੁਣ ਤੱਕ ਇਨ੍ਹਾਂ ਮਾਮਲਿਆਂ ਵਿੱਚ ਸਿੱਖਾਂ ਤੇ ਪੀੜਤਾਂ ਨੂੰ ਇਨਸਾਫ਼ ਕਿਉਂ ਨਹੀਂ ਦਿਵਾਇਆ। ਉਨ੍ਹਾਂ ਕਿਹਾ ਕਿ ਬਰਗਾੜੀ ਬੇਅਦਬੀ ਮਾਮਲੇ ਵਿੱਚ ਬੀਤੇ ਸਮੇਂ ਗ੍ਰਿਫ਼ਤਾਰ ਕੀਤੇ ਗਏ ਮੁੱਖ ਦੋਸ਼ੀ ਪ੍ਰਦੀਪ ਕਲੇਰ ਨੇ ਅਦਾਲਤ ਵਿੱਚ ਆਪਣੇ ਬਿਆਨਾਂ ਅੰਦਰ ਇਹ ਗੱਲ ਸਪੱਸ਼ਟ ਆਖੀ ਹੈ ਕਿ ਇਹ ਬੇਅਦਬੀ ਗੁਰਮੀਤ ਰਾਮ ਰਹੀਮ ਤੇ ਉਸ ਦੀ ਪੈਰੋਕਾਰ ਹਨੀਪ੍ਰੀਤ ਦੇ ਕਹਿਣ ਉੱਤੇ ਕੀਤੀ ਗਈ ਹੈ। ਇਸ ਦੇ ਨਾਲ ਹੀ ਮੌੜ ਬੰਬ ਧਮਾਕੇ ਮਾਮਲੇ ਦੀ ਕੜੀ ਵੀ ਗੁਰਮੀਤ ਰਾਮ ਰਹੀਮ ਦੇ ਡੇਰੇ ਨਾਲ ਜੁੜਦੀ ਹੈ। ਸਰਕਾਰ ਦੱਸੇ ਕਿ ਉਹ ਹੁਣ ਤੱਕ ਇਨ੍ਹਾਂ ਮਾਮਲਿਆਂ ਵਿੱਚ ਗੁਰਮੀਤ ਰਾਮ ਰਹੀਮ ਤੇ ਹਨੀਪ੍ਰੀਤ ਅਤੇ ਹੋਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਪੰਜਾਬ ਅੰਦਰ ਕਿਉਂ ਨਹੀਂ ਲਿਆਈ? ਉਨ੍ਹਾਂ ਕਿਹਾ ਕਿ ਬਰਗਾੜੀ ਮਾਮਲੇ ਵਿੱਚ ਸ਼ਰੇਆਮ ਸਿੱਖਾਂ ਵਿਰੁੱਧ ਵੱਡੀ ਸਾਜ਼ਸ਼ ਤਹਿਤ ਗੁਰਮੀਤ ਰਾਮ ਰਹੀਮ ਵੱਲੋਂ ਬੇਅਦਬੀ ਕਰਵਾਈ ਗਈ, ਲੇਕਿਨ ਮੌਜੂਦਾ ਆਮ ਪਾਰਟੀ ਦੀ ਸਰਕਾਰ ਨੇ ਬਰਗਾੜੀ ਬੇਅਦਬੀ ਮਾਮਲੇ ਨੂੰ ਇਕੱਲੇ ਸਿਆਸੀ ਤੌਰ ਉੱਤੇ ਹੀ ਨਹੀਂ ਵਰਤਿਆ ਬਲਕਿ ਸਰਕਾਰ ਇੱਕ ਧਿਰ ਬਣਕੇ ਰਾਮ ਰਹੀਮ ਜਿਹੇ ਸਿੱਖ ਵਿਰੋਧੀ ਝੂਠੇ ਸਾਧ ਨੂੰ ਬਚਾਉਣ ਲਈ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂ ਇਹ ਗੱਲ ਕਹਿੰਦੇ ਰਹੇ ਹਨ ਕਿ ਮੌੜ ਧਮਾਕਾ ਉਨ੍ਹਾਂ ਨੂੰ ਸੱਤਾ ਵਿੱਚ ਆਉਣ ਤੋਂ ਰੋਕਣ ਲਈ ਕੀਤਾ ਗਿਆ ਸੀ ਪਰੰਤੂ ਸੱਤਾ ਆ ਕੇ ਸਰਕਾਰ ਨੇ ਇਸ ਮਾਮਲੇ ਵਿੱਚ ਕਾਰਵਾਈ ਕਿਉਂ ਨਹੀਂ ਕੀਤੀ ਜਦਕਿ ਸਰਕਾਰ ਨਿੱਕੇ-ਨਿੱਕੇ ਮਾਮਲਿਆਂ ਜਿਵੇਂ ਖਿਡੌਣਾ ਰਫ਼ਲ ਨਾਲ ਫ਼ੋਟੋ ਪਾਉਣ ਉੱਤੇ ਨੌਜਵਾਨਾਂ ਉੱਤੇ ਪਰਚੇ ਕਰ ਦਿੰਦੀ ਹੈ।”

Related posts

ਭਾਰਤ-ਪਾਕਿਸਤਾਨ ਬਾਰਡਰ ਖੁੱਲ੍ਹਣ ਨਾਲ ਪੰਜਾਬ ਵੀ ਸਿੰਗਾਪੁਰ ਬਣ ਸਕਦਾ – ਪ੍ਰਤਾਪ ਬਾਜਵਾ

ਯੂਨੀਅਨ ਬਜਟ 2026-27 ਦਾ ਕਿਸਾਨਾਂ ਤੇ ਉਦਯੋਗਪਤੀਆਂ ਨੂੰ ਮਿਲੇਗਾ ਖਾਸ ਲਾਭ – ਫਿੱਕੀ

ਬਿਕਰਮ ਮਜੀਠੀਆ ਦੀ ਰਿਹਾਈ ਸੱਚ ਦੀ ਜਿੱਤ : ਰਜਿੰਦਰ ਮੋਹਨ ਸਿੰਘ ਛੀਨਾ