ਮੁੱਖ ਮੰਤਰੀ ਵੱਲੋਂ ਸਿੱਧੂ ਮੂਸੇਵਾਲਾ ਦੇ ਕਤਲ ਦੀ ਜਾਂਚ ਲਈ ਹਾਈਕੋਰਟ ਦੇ ਮੌਜੂਦਾ ਜੱਜ ਦੀ ਅਗਵਾਈ ਹੇਠ ਨਿਆਇਕ ਕਮਿਸ਼ਨ ਦੇ ਗਠਨ ਦਾ ਐਲਾਨ

ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ। (ਫੋਟੋ: ਏ ਐਨ ਆਈ)

 ਚੰਡੀਗੜ – ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸਿੱਧੂ ਮੂਸੇਵਾਲਾ ਵਜੋਂ ਜਾਣੇ ਜਾਂਦੇ ਪ੍ਰਸਿੱਧ ਗਾਇਕ ਸ਼ੁਭਦੀਪ ਸਿੰਘ ਸਿੱਧੂ ਦੇ ਕਤਲ ਕੇਸ ਦੀ ਜਾਂਚ ਲਈ ਮਾਨਯੋਗ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਮੌਜੂਦਾ ਜੱਜ ਦੀ ਪ੍ਰਧਾਨਗੀ ਹੇਠ ਨਿਆਇਕ ਕਮਿਸ਼ਨ ਦੇ ਗਠਨ ਦਾ ਐਲਾਨ ਕੀਤਾ ਹੈ।

ਮੁੱਖ ਮੰਤਰੀ ਨੇ ਮਾਰੇ ਗਏ ਗਾਇਕ ਦੇ ਪਿਤਾ ਬਲਕਾਰ ਸਿੰਘ ਸਿੱਧੂ ਦੀ ਬੇਨਤੀ ਨੂੰ ਪ੍ਰਵਾਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਨੂੰ ਇਸ ਮਾਮਲੇ ਦੀ ਮੌਜੂਦਾ ਜੱਜ ਤੋਂ ਜਾਂਚ ਕਰਵਾਉਣ ਲਈ ਬੇਨਤੀ ਕਰੇਗੀ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਕੌਮੀ ਜਾਂਚ ਏਜੰਸੀ (ਐਨ.ਆਈ.ਏ.) ਵਰਗੀ ਕਿਸੇ ਵੀ ਕੇਂਦਰੀ ਏਜੰਸੀ ਨੂੰ ਸਾਮਲ ਕਰਨ ਸਮੇਤ ਇਸ ਜਾਂਚ ਕਮਿਸ਼ਨ ਨੂੰ ਪੂਰਾ ਸਹਿਯੋਗ ਯਕੀਨੀ ਬਣਾਏਗੀ।  ਉਨਾਂ ਡੀਜੀਪੀ, ਪੰਜਾਬ ਪੁਲਿਸ ਨੂੰ ਇਸ ਘਟਨਾ ਬਾਰੇ ਆਪਣੀ ਕੱਲ ਦੀ ਪ੍ਰੈਸ ਕਾਨਫਰੰਸ ਬਾਰੇ ਸਪੱਸ਼ਟੀਕਰਨ ਜਾਰੀ ਕਰਨ ਲਈ ਵੀ ਕਿਹਾ।

ਸਿੱਧੂ ਮੂਸੇਵਾਲਾ ਦੇ ਘਿਨਾਉਣੇ ਕਤਲ ਦੀ ਨਿੰਦਾ ਕਰਦਿਆਂ ਮੁੱਖ ਮੰਤਰੀ ਨੇ ਸਪੱਸਟ ਕਿਹਾ ਕਿ ਸਰਕਾਰ ਇਸ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਡੱਕਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।  ਭਗਵੰਤ ਮਾਨ ਨੇ ਕਿਹਾ ਕਿ ਉਨਾਂ ਨੇ ਪੁਲਿਸ ਨੂੰ ਇਸ ਮਾਮਲੇ ਦੀ ਫੌਰੀ ਅਤੇ ਨਤੀਜਾਮੁਖੀ ਜਾਂਚ ਕਰਨ ਲਈ ਪਹਿਲਾਂ ਹੀ ਨਿਰਦੇਸ਼ ਜਾਰੀ ਕਰ ਦਿੱਤੇ ਹਨ।  ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਮਰਹੂਮ ਗਾਇਕ ਦੀ ਸੁਰੱਖਿਆ ਵਿੱਚ ਕਟੌਤੀ ਦੇ ਸਾਰੇ ਪਹਿਲੂਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੇਕਰ ਕੋਈ ਕੁਤਾਹੀ ਹੋਈ ਤਾਂ ਉਸ ਦੀ ਜ਼ਿੰਮੇਵਾਰੀ ਯਕੀਨੀ ਤੌਰ ‘ਤੇ ਤੈਅ ਕੀਤੀ ਜਾਵੇਗੀ।

ਇਸ ਦੌਰਾਨ ਸਿੱਧੂ ਮੂਸੇਵਾਲਾ ਦੇ ਦੁਖਦਾਈ ਅਤੇ ਬੇਵਕਤੀ ਅਕਾਲ ਚਲਾਣੇ ‘ਤੇ ਡੂੰਘੇ ਸਦਮੇ ਅਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਛੜ ਗਿਆ ਗਾਇਕ ਪੰਜਾਬ ਦਾ ਇੱਕ ਪ੍ਰਸਿੱਧ ਚਿਹਰਾ ਅਤੇ ਸੱਭਿਆਚਾਰ ਦਾ ਪ੍ਰਤੀਕ ਸੀ।  ਭਗਵੰਤ ਮਾਨ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਸੂਬਾ ਸਰਕਾਰ ਇਸ ਦੁੱਖ ਦੀ ਘੜੀ ਵਿੱਚ ਪੀੜਤ ਪਰਿਵਾਰ ਦੇ ਨਾਲ ਖੜੀ ਹੈ।  ਉਨਾਂ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਸਦੀਵੀ ਨਿਵਾਸ ਦੇਣ ਅਤੇ ਪੀੜਤ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਕੀਤੀ।

Related posts

10 ਲੱਖ ਦਾ ਫਰੀ ਸਿਹਤ ਇਲਾਜ ਦੇਣ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ – ਡਾ. ਬਲਬੀਰ ਸਿੰਘ

ਹਲਵਾਰਾ ਤੋਂ ਹਵਾਈ ਉਡਾਣਾਂ ਦੀ ਬੁਕਿੰਗ ਅਪ੍ਰੈਲ ਤੋਂ ਸ਼ੁਰੂ ਹੋ ਰਹੀ – ਰਵਨੀਤ ਬਿੱਟੂ

ਬਿਕਰਮ ਮਜੀਠੀਆ ਸਮੇਤ 9 ਵਿਅਕਤੀਆਂ ਨੇ ਨਿੱਜੀ ਪੇਸ਼ੀ ਤੋਂ ਮੰਗੀ ਛੋਟ