ਅਮਲੋਹ – ਆਮ ਆਦਮੀ ਪਾਰਟੀ ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਮੰਡੀ ਗੋਬਿੰਦਗੜ੍ਹ ਦੇ ਉਦਯੋਗਪਤੀਆਂ ਤੇ ਵਪਾਰੀਆਂ ਨਾਲ ਮੀਟਿੰਗ ਕਰਨ ਲਈ ਅਮਲੋਹ ਦੇ ਇਕ ਨਿੱਜੀ ਪੈਲੇਸ ਵਿਚ ਪਹੁੰਚੇ। ਇਸ ਮੌਕੇ ਸਿਸੋਦੀਆ ਨੇ ਕਿਹਾ ਕਿ ਜਿਸ ਤਰ੍ਹਾਂ ਦਿੱਲੀ ’ਚ ‘ਆਪ’ ਦੀ ਸਰਕਾਰ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਉਸੇ ਤਰ੍ਹਾਂ ਹੀ ਜਦੋਂ ਪੰਜਾਬ ਵਿਚ ‘ਆਪ’ ਦੀ ਸਰਕਾਰ ਬਣੇਗੀ ਤਾਂ ਉਦਯੋਗਪਤੀਆਂ ਤੇ ਵਪਾਰੀਆਂ ਨਾਲ ਮਿਲ ਕੇ ਕੰਮ ਕੀਤਾ ਜਾਵੇਗਾ।
ਸਿਸੋਦੀਆ ਨੇ ਕਿਹਾ ਕਿ ਵਪਾਰੀ ਇਕੋ ਗੱਲ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਜੀਐੱਸਟੀ ਤੋਂ ਬਹੁਤ ਪਰੇਸ਼ਾਨੀ ਹੈ ਤੇ ਸਰਕਾਰ ਉਨ੍ਹਾਂ ਨੂੰ ਚੋਰ ਸਮਝਦੀ ਹੈ ਜਦਕਿ ਉਹ ਸਮੇਂ ’ਤੇ ਟੈਕਸ ਭਰਦੇ ਹਨ ਤੇ ਹੋਰ ਲੋਕਾਂ ਨੂੰ ਰੁਜ਼ਗਾਰ ਵੀ ਦਿੰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਉਦਯੋਗਪਤੀਆਂ ਤੇ ਵਪਾਰੀਆਂ ਦਾ ਸਤਿਕਾਰ ਕਰਨਾ ਚਾਹੀਦਾ ਹੈ ਕਿਉਂਕਿ ਉਹ ਸਰਕਾਰ ਨੂੰ ਟੈਕਸ ਦਿੰਦੇ ਹਨ। ਉਥੇ ਹੀ, ਉਨ੍ਹਾਂ ਨੇ ਕਿਹਾ ਕਿ ਜਲਦ ਹੀ ਸੀਐੱਮ ਚਿਹਰੇ ਦਾ ਐਲਾਨ ਕੀਤਾ ਜਾਵੇਗਾ।