ਪੰਜਾਬ ਲੋਕ ਭਵਨ ਵਿੱਖੇ ਕੱਲ੍ਹ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਲੋਹੜੀ ਦੇ ਇਸ ਤਿਉਹਾਰ ਵਿੱਚ ਪੰਜਾਬ ਦੇ ਰਾਜਪਾਲ, ਹਰਿਆਣਾ ਦੇ ਰਾਜਪਾਲ ਪ੍ਰੋ.ਅਸ਼ੀਮ ਕੁਮਾਰ ਘੋਸ਼, ਪੰਜਾਬ ਅਤੇ ਹਰਿਆਣੇ ਦੇ ਮੁੱਖ-ਮੰਤਰੀਆਂ ਤੋਂ ਇਲਾਵਾ ਦੋਹਾਂ ਸੂਬਿਆਂ ਦੇ ਪ੍ਰਸ਼ਾਸਨਿਕ ਅਧਿਕਾਰੀ ਆਪਣੇ ਪ੍ਰੀਵਾਰਾਂ ਸਮੇਤ ਸ਼ਾਮਿਲ ਹੋਏ।
ਇਸ ਸਮਾਗਮ ਦੌਰਾਨ ਲੋਹੜੀ ਦੀਆਂ ਮੁਬਾਰਕਾਂ ਦਿੰਦਿਆਂ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਤਿਉਹਾਰ ਦੇ ਸੱਭਿਆਚਾਰਕ ਅਤੇ ਸਮਾਜਿਕ ਮਹੱਤਵ ਨੂੰ ਉਜਾਗਰ ਕਰਦਿਆਂ ਕਿਹਾ ਕਿ, “ਅਜਿਹੇ ਜਸ਼ਨ ਸਦਭਾਵਨਾ ਨੂੰ ਵਧਾਉਂਦੇ ਹਨ, ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ ਅਤੇ ਸੱਭਿਅਤਾ ਦੀਆਂ ਕਦਰਾਂ-ਕੀਮਤਾਂ ਨੂੰ ਬਰਕਰਾਰ ਰੱਖਣ ਵਿੱਚ ਮਦਦ ਕਰਦੇ ਹਨ।” ਪੰਜਾਬ ਦੇ ਰਾਜਪਾਲ ਨੇ ਇਸ ਮੌਕੇ ਪੰਜਾਬ, ਹਰਿਆਣਾ ਅਤੇ ਚੰਡੀਗੜ੍ਹ ਦੇ ਲੋਕਾਂ ਨੂੰ ਸ਼ਾਂਤੀ, ਖੁਸ਼ਹਾਲੀ ਅਤੇ ਤੰਦਰੁਸਤੀ ਲਈ ਸ਼ੁੱਭਕਾਮਨਾਵਾਂ ਦਿੱਤੀਆਂ।
ਇਸ ਸਮਾਗਮ ਦੀ ਮੇਜ਼ਬਾਨੀ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਵੱਲੋਂ ਕੀਤੀ ਗਈ। ਇਸ ਮੌਕੇ ਹਰਿਆਣਾ ਦੇ ਰਾਜਪਾਲ ਪ੍ਰੋ. ਅਸ਼ੀਮ ਕੁਮਾਰ ਘੋਸ਼, ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਹਰਿਆਣਾ ਵਿਧਾਨ ਸਭਾ ਦੇ ਸਪੀਕਰ ਹਰਵਿੰਦਰ ਕਲਿਆਣ, ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ, ਹਰਜੋਤ ਸਿੰਘ ਬੈਂਸ ਅਤੇ ਸੰਜੀਵ ਅਰੋੜਾ, ਰਾਜ ਸਭਾ ਮੈਂਬਰ ਡਾ ਅਸ਼ੋਕ ਕੁਮਾਰ ਮਿੱਤਲ ਅਤੇ ਸਤਨਾਮ ਸਿੰਘ ਸੰਧੂ, ਚੰਡੀਗੜ੍ਹ ਦੀ ਮੇਅਰ ਸ੍ਰੀਮਤੀ ਹਰਪ੍ਰੀਤ ਕੌਰ ਬਬਲਾ, ਚੰਡੀਗੜ੍ਹ ਦੇ ਮੁੱਖ ਸਕੱਤਰ ਐਚ. ਰਾਜੇਸ਼ ਪ੍ਰਸਾਦ ਅਤੇ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।