ਵਿਜੀਲੈਂਸ ਵਲੋਂ ਮੁਅੱਤਲ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਗ੍ਰਿਫ਼ਤਾਰ !

“ਥਾਰ ਵਾਲੀ ਕਾਂਸਟੇਬਲ” ਵਜੋਂ ਮਸ਼ਹੂਰ ਹੋਈ ਅਮਨਦੀਪ ਕੌਰ ਖਿਲਾਫ਼ ਭ੍ਰਿਸ਼ਟਾਚਾਰ ਦੇ ਦੋਸ਼ ਤੈਅ ਕੀਤੇ ਗਏ ਹਨ।

ਡਰੱਗ ਮਾਮਲੇ ‘ਚ ਪਹਿਲਾਂ ਤੋਂ ਚਰਚਾ ‘ਚ ਰਹੀ ਪੰਜਾਬ ਪੁਲਿਸ ਦੀ ਮੁਅੱਤਲ ਮਹਿਲਾ ਕਾਂਸਟੇਬਲ ਅਮਨਦੀਪ ਕੌਰ ਨੂੰ ਹੁਣ ਪੰਜਾਬ ਵਿਜੀਲੈਂਸ ਬਿਊਰੋ ਨੇ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਹੈ। ਉਸਨੂੰ ਮੁਕਤਸਰ ਜ਼ਿਲ੍ਹੇ ਦੇ ਪਿੰਡ ਬਾਦਲ ਵਿਖੇ ਗਾਇਕਾ ਅਫਸਾਨਾ ਖਾਨ ਦੇ ਪੁਰਾਣੇ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ। ਜਾਣਕਾਰੀ ਅਨੁਸਾਰ ਗ੍ਰਿਫ਼ਤਾਰੀ ਦੇ ਸਮੇਂ ਅਫਸਾਨਾ ਖਾਨ ਦੀ ਵੱਡੀ ਭੈਣ ਰਫ਼ਤਾਰ ਖਾਨ ਵੀ ਘਰ ‘ਚ ਮੌਜੂਦ ਸੀ।

ਵਿਜੀਲੈਂਸ ਬਿਊਰੋ ਮੁਕਤਸਰ ਦੇ ਡੀਐਸਪੀ, ਕੁਲਵੰਤ ਸਿੰਘ ਨੇ ਕਿਹਾ, “ਬਠਿੰਡਾ ਦੇ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਵਿੱਚ ਬਰਖਾਸਤ ਕਾਂਸਟੇਬਲ ਅਮਨਦੀਪ ਕੌਰ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ।”

ਇਹ ਗ੍ਰਿਫ਼ਤਾਰੀ ਪਿਛਲੇ ਇੱਕ ਮਾਮਲੇ ਤੋਂ ਬਾਅਦ ਹੋਈ ਹੈ, ਜਿੱਥੇ ਅਮਨਦੀਪ ਨੂੰ ਪਿਛਲੇ ਮਹੀਨੇ ਬਠਿੰਡਾ ਦੇ ਬਾਦਲ ਰੋਡ ‘ਤੇ ਤਲਾਸ਼ੀ ਦੌਰਾਨ ਉਸਦੀ ਥਾਰ ਜੀਪ ਵਿੱਚੋਂ ਕਥਿਤ ਤੌਰ ‘ਤੇ 17.71 ਗ੍ਰਾਮ ਹੈਰੋਇਨ ਮਿਲਣ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ। ਡਰੱਗਜ਼ ਮਾਮਲੇ ‘ਚ ਫਿਲਹਾਲ ਉਹ ਜ਼ਮਾਨਤ ‘ਤੇ ਬਾਹਰ ਸੀ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੇ ਦੇ ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਨੰਬਰ 94/2025 ਦੀ ਜਾਂਚ ਤੋਂ ਬਾਅਦ ਮੁਲਜ਼ਮ ਅਮਨਦੀਪ ਕੌਰ ਖ਼ਿਲਾਫ਼ ਬਠਿੰਡਾ ਰੇਂਜ ਦੇ  ਪੁਲਿਸ ਥਾਣਾ ਵਿਜੀਲੈਂਸ ਬਿਊਰੋ ਵਿਖੇ ਭ੍ਰਿਸ਼ਟਾਚਾਰ ਦਾ ਕੇਸ ਦਰਜ ਕੀਤਾ ਹੈ। ਇਸ ਜਾਂਚ ਦੌਰਾਨ ਉਕਤ ਮੁਲਜ਼ਮ ਦੀ ਤਨਖਾਹ, ਬੈਂਕ ਖਾਤਿਆਂ ਅਤੇ ਕਰਜ਼ੇ ਦੇ ਰਿਕਾਰਡ ਦੇ ਨਾਲ ਨਾਲ ਉਸ ਵੱਲੋਂ ਸਾਲ 2018 ਅਤੇ 2025 ਦਰਮਿਆਨ ਬਣਾਈਆਂ ਗਈਆਂ ਚੱਲ ਅਤੇ ਅਚੱਲ ਜਾਇਦਾਦਾਂ ਦੇ ਵੇਰਵਿਆਂ ਦੀ ਜਾਂਚ ਕੀਤੀ ਗਈ। ਜਾਂਚ ਤੋਂ ਪਤਾ ਲੱਗਾ ਹੈ ਕਿ ਉਕਤ ਮਿਆਦ ਦੌਰਾਨ ਅਮਨਦੀਪ ਕੌਰ ਦੀ ਕੁੱਲ ਆਮਦਨ 1,08,37,550 ਰੁਪਏ ਦੇ ਮੁਕਾਬਲੇ ਉਸਦਾ ਖਰਚ 1,39,64,802.97 ਰੁਪਏ ਪਾਇਆ ਗਿਆ, ਜੋ ਕਿ ਉਸਦੀ ਆਮਦਨ ਦੇ ਜਾਣੇ-ਪਛਾਣੇ ਸਰੋਤਾਂ ਤੋਂ 31,27,252.97 ਰੁਪਏ ਅਤੇ ਉਸਦੀ ਜਾਇਜ਼ ਕਮਾਈ ਤੋਂ 28.85 ਫੀਸਦ ਵੱਧ ਹੈ।

ਬੁਲਾਰੇ ਨੇ ਅੱਗੇ ਕਿਹਾ ਕਿ ਇਸ ਜਾਂਚ ‘ਚ ਸਾਹਮਣੇ ਆਏ ਤੱਥਾਂ ਦੇ ਆਧਾਰ ‘ਤੇ ਵਿਜੀਲੈਂਸ ਬਿਊਰੋ ਨੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 13(1) ਅਤੇ 13(2) ਤਹਿਤ ਵਿਜੀਲੈਂਸ ਬਿਊਰੋ ਥਾਣਾ ਬਠਿੰਡਾ ਰੇਂਜ ਵਿਖੇ ਮੁਕੱਦਮਾ ਨੰਬਰ 15 ਮਿਤੀ 26/05/2025 ਦਰਜ ਕੀਤਾ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Related posts

ਪੰਜਾਬ ਸਰਕਾਰ ਵੱਲੋਂ ਹਰੇਕ ਨਾਗਰਿਕ ਨੂੰ ਮਿਆਰੀ ਤੇ ਮੁਫ਼ਤ ਸਿਹਤ ਸੇਵਾਵਾਂ ਲਈ ਉਪਰਾਲੇ

ਬੰਦੀ ਸਿੰਘਾਂ ਦੀ ਰਿਹਾਈ ਲਈ ਹਵਾਰਾ ਕਮੇਟੀ ਵੱਲੋਂ ਸਰਕਾਰਾਂ ਨੂੰ 2 ਮਾਰਚ ਤੱਕ ਦਾ ਸਮਾਂ ਦਿੱਤਾ

ਵਿਦਿਆਰਥੀਆਂ ’ਚ ਖੇਡ-ਏਕਤਾ ਭਾਵਨਾ ਦੇ ਮਕਸਦ ਤਹਿਤ 11ਵੀਂ ਸਾਲਾਨਾ ਐਥਲੈਟਿਕ ਮੀਟ ਕਰਵਾਈ