ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੰਗਨਾ ਰਣੌਤ ਦੀ ਗ੍ਰਿਫ਼ਤਾਰੀ ਮੰਗੀ

ਅੰਮ੍ਰਿਤਸਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੰਗਨਾ ਰਣੌਤ   ਵੱਲੋਂ ਸਿੱਖਾਂ ਵਿਰੁੱਧ ਨਫ਼ਰਤ ਭਰੀਆਂ ਟਿੱਪਣੀਆਂ ਦੀ ਸਖ਼ਤ ਨਿਖੇਧੀ ਕਰਦਿਆਂ ਉਸ ਦੀ ਗ੍ਰਿਫ਼ਤਾਰੀ ਮੰਗੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਆਖਿਆ ਕਿ ਕੰਗਨਾ ਜਾਣਬੁੱਝ ਕੇ ਸਿੱਖਾਂ ਪ੍ਰਤੀ ਜ਼ਹਿਰ ਭਰੀਆਂ ਪੋਸਟਾਂ ਪਾ ਰਹੀ ਹੈ, ਜਿਸ ਦੇ ਨਤੀਜੇ ਘਾਤਕ ਹੋ ਸਕਦੇ ਹਨ। ਕੰਗਨਾ ਵੱਲੋਂ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਨਿੰਦਾ ਕਰਕੇ ਸਿੱਖਾਂ ਨੂੰ ਅੱਤਵਾਦੀ ਕਹਿਣਾ ਅਤੇ 1984 ਵਿਚ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਵੱਲੋਂ ਸਿੱਖਾਂ ਖ਼ਿਲਾਫ਼ ਕੀਤੀ ਮੰਦਭਾਗੀ ਕਾਰਵਾਈ ਦੀ ਤਰਫਦਾਰੀ ਕਰਨੀ ਉਸ ਦੀ ਬਿਮਾਰ ਮਾਨਸਿਕਤਾ ਦਾ ਪ੍ਰਗਟਾਵਾ ਹੈ। ਬੀਬੀ ਜਗੀਰ ਕੌਰ ਨੇ ਆਖਿਆ ਕਿ ਕੰਗਨਾ ਨੇ ਸ਼ਾਇਦ ਸਿੱਖਾਂ ਦਾ ਇਤਿਹਾਸ ਨਹੀਂ ਪੜ੍ਹਿਆ, ਜੇਕਰ ਪੜ੍ਹਿਆ ਹੁੰਦਾ ਤਾਂ ਉਸ ਨੂੰ ਇਸ ਗੱਲ ਦੀ ਸਮਝ ਹੁੰਦੀ ਕਿ ਇਨ੍ਹਾਂ ਸਿੱਖਾਂ ਦੀ ਬਦੌਲਤ ਹੀ ਦੇਸ਼ ਅਜ਼ਾਦੀ ਦਾ ਨਿੱਘ ਮਾਣ ਰਿਹਾ ਹੈ। ਦੇਸ਼ ਦੀ ਅਜ਼ਾਦੀ ਲਈ 80 ਫੀਸਦੀ ਤੋਂ ਵੱਧ ਕੁਰਬਾਨੀਆਂ ਸਿੱਖਾਂ ਨੇ ਹੀ ਦਿੱਤੀਆਂ ਹਨ। ਕੰਗਨਾ ਨੂੰ ਆਪਣੀ ਬੌਧਿਕ ਕੰਗਾਲੀ ਦੀ ਪੇਸ਼ਕਾਰੀ ਕਰਕੇ ਦੇਸ਼ ਦੇ ਹਾਲਾਤਾਂ ਨੂੰ ਖਰਾਬ ਨਹੀਂ ਕਰਨਾ ਚਾਹੀਦਾ।ਬੀਬੀ ਜਗੀਰ ਕੌਰ ਨੇ ਕਿਹਾ ਕਿ ਇਸ ਅਦਾਕਾਰਾ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ ਅਤੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੀਆਂ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਕਾਰਵਾਈ ਹੋਵੇ। ਉਨ੍ਹਾਂ ਕਿਹਾ ਕਿ ਕੰਗਣਾ ਵਿਰੁੱਧ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਰਵਾਈ ਆਰੰਭੀ ਗਈ ਹੈ, ਜਿਸ ਦਾ ਸ਼੍ਰੋਮਣੀ ਕਮੇਟੀ ਹਰ ਪੱਧਰ ’ਤੇ ਸਹਿਯੋਗ ਕਰੇਗੀ।

Related posts

ਆਮ ਆਦਮੀ ਪਾਰਟੀ ਨੇਤਾ ਤੇ ਪੰਜਾਬ ਦੇ ਸਾਬਕਾ ਮੰਤਰੀ ਲਾਲਜੀਤ ਭੁੱਲਰ ਮੁੜ ਰਿਮਾਂਡ ‘ਤੇ

ਏਆਈ ਯੁੱਗ ‘ਚ ਨਿਰਭਰ ਕਰਦਾ ਕਿ ਇਸਦੀ ਵਰਤੋਂ ਉਸਾਰੂ  ਢੰਗ ਨਾਲ ਕਰਨੀ ਜਾਂ ਨਾਕਾਰਤਮਕ – ਡਾ. ਆਤਮ ਸਿੰਘ ਰੰਧਾਵਾ

ਅਮਰੀਕਾ ਤੋਂ ਡਿਪੋਰਟ ਹੋ ਕੇ ਦਿੱਲੀ ਏਅਰਪੋਰਟ ਪੁੱਜਣ ‘ਤੇ ਪੁਲਿਸ ਨੇ ਕੀਤਾ ਗ੍ਰਿਫ਼ਤਾਰ