ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਚੱਲ ਵਸੇ !

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਦੇਹਾਂਤ ਹੋ ਗਿਆ ਹੈ।

ਪੰਜਾਬ ਦੀ ਰਾਜਨੀਤੀ ਦੇ ਸਤਿਕਾਰਤ ਆਗੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਦੇਹਾਂਤ ਹੋ ਜਾਣ ਦਾ ਦੁਖਦਾਈ ਸਮਾਚਾਰ ਮਿਲਿਆ ਹੈ। ਮਿਲੀ ਜਾਣਕਾਰੀ ਮੁਤਾਬਿਕ ਸੁਖਦੇਵ ਸਿੰਘ ਢੀਂਡਸਾ ਫੋਰਟਿਜ਼ ਹਸਪਤਾਲ ’ਚ ਭਰਤੀ ਸਨ ਜਿੱਥੇ ਉਨ੍ਹਾਂ ਨੇ ਆਪਣੇ ਆਖਰੀ ਸਾਲ ਲਏ। 89 ਸਾਲ ਦੀ ਉਮਰ ’ਚ ਸੁਖਦੇਵ ਸਿੰਘ ਢੀਂਡਸਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਆਖ ਗਏ ਹਨ। ਸੁਖਦੇਵ ਸਿੰਘ ਢੀਂਡਸਾ ਫੇਫੜਿਆਂ ਦੀ ਬੀਮਾਰੀ ਦੇ ਚੱਲਦੇ ਉਹ ਕਾਫੀ ਸਮੇਂ ਤੋਂ ਬੀਮਾਰ ਚੱਲ ਰਹੇ ਸਨ। ਜਿਸ ਤੋਂ ਬਾਅਦ ਉਨ੍ਹਾਂ ਨੂੰ ਮੁਹਾਲੀ ਦੇ ਫੋਰਟਿਜ਼ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਜਿੱਥੇ ਉਨ੍ਹਾਂ ਨੇ ਆਪਣੇ ਆਖਰੀ ਸਾਹ ਲਏ। ਸੁਖਦੇਵ ਸਿੰਘ ਢੀਂਡਸਾ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ ਵਿਖੇ ਸ਼ੁਕਰਵਾਰ 30 ਮਈ ਨੂੰ ਕੀਤਾ ਜਾਵੇਗਾ।

ਸੁਖਦੇਵ ਸਿੰਘ ਢੀਂਡਸਾ ਦਾ ਜਨਮ 9 ਅਪ੍ਰੈਲ 1936 ਨੂੰ ਸੰਗਰੂਰ ਜ਼ਿਲ੍ਹੇ ਦੇ ਪਿੰਡ ਉਭਵਾਲ ਵਿੱਚ ਹੋਇਆ ਸੀ। ਉਨ੍ਹਾਂ ਆਪਣੀ ਗ੍ਰੈਜੂਏਸ਼ਨ ਗੌਰਮਿੰਟ ਰਣਬੀਰ ਕਾਲਜ, ਸੰਗਰੂਰ ਤੋਂ ਕੀਤੀ। ਸੁਖਦੇਵ ਸਿੰਘ ਢੀਂਡਸਾ ਨੇ ਆਪਣੀ ਰਾਜਨੀਤਿਕ ਯਾਤਰਾ ਦੀ ਸ਼ੁਰੂਆਤ ਵਿਦਿਆਰਥੀ ਆਗੂ ਵਜੋਂ ਗੌਰਮਿੰਟ ਰਣਬੀਰ ਕਾਲਜ, ਸੰਗਰੂਰ ਤੋਂ ਕੀਤੀ। ਉਨ੍ਹਾਂ ਨੇ ਆਪਣੇ ਪਿੰਡ ਉਭਾਵਲ ਤੋਂ ਸਰਪੰਚ ਵਜੋਂ ਚੋਣ ਜਿੱਤ ਕੇ ਜ਼ਿਲ੍ਹਾ ਸੰਗਰੂਰ ਦੇ ਸਭ ਤੋਂ ਨੌਜਵਾਨ ਸਰਪੰਚ ਬਣਨ ਦਾ ਮਾਣ ਹਾਸਲ ਕੀਤਾ। ਉਨ੍ਹਾਂ ਨੇ 1972 ਵਿੱਚ ਧਨੌਲਾ ਵਿਧਾਨ ਸਭਾ ਹਲਕੇ ਤੋਂ ਸੁਤੰਤਰ ਉਮੀਦਵਾਰ ਵਜੋਂ ਚੋਣ ਜਿੱਤੀ ਅਤੇ ਬਾਅਦ ਵਿੱਚ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਸੁਖਦੇਵ ਸਿੰਘ ਢੀਂਡਸਾ ਨੇ 1998 ਤੋਂ 2004 ਅਤੇ 2010 ਤੋਂ 2022 ਤੱਕ ਰਾਜ ਸਭਾ ਦੇ ਮੈਂਬਰ ਵਜੋਂ ਸੇਵਾ ਨਿਭਾਈ। ਉਨ੍ਹਾਂ ਨੇ 2004 ਤੋਂ 2009 ਤੱਕ ਸੰਗਰੂਰ ਤੋਂ ਲੋਕ ਸਭਾ ਮੈਂਬਰ ਵਜੋਂ ਭੂਮਿਕਾ ਨਿਭਾਈ। ਉਨ੍ਹਾਂ ਨੇ ਤੀਜੇ ਵਾਜਪਈ ਮੰਤਰੀਮੰਡਲ ਵਿੱਚ ਖੇਡ, ਰਸਾਇਣ ਅਤੇ ਖਾਦ ਮੰਤਰੀ ਵਜੋਂ 2000 ਤੋਂ 2004 ਤੱਕ ਸੇਵਾ ਕੀਤੀ। ਸੁਖਦੇਵ ਸਿੰਘ ਢੀਂਡਸਾ ਨੂੰ 2019 ਵਿੱਚ ਭਾਰਤ ਸਰਕਾਰ ਵੱਲੋਂ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਸੀ। ਹਾਲਾਂਕਿ, ਉਨ੍ਹਾਂ ਨੇ 2020 ਵਿੱਚ ਕਿਸਾਨ ਅੰਦੋਲਨ ਦੌਰਾਨ ਇਹ ਸਨਮਾਨ ਵਾਪਸ ਕਰ ਦਿੱਤਾ ਸੀ ਜੋ ਉਨ੍ਹਾਂ ਦੀ ਕਿਸਾਨਾਂ ਪ੍ਰਤੀ ਸਮਰਪਿਤਤਾ ਨੂੰ ਦਰਸਾਉਂਦਾ ਹੈ।

ਸੁਖਦੇਵ ਸਿੰਘ ਢੀਂਡਸਾ ਦੇ ਸਪੁੱਤਰ ਪਰਮਿੰਦਰ ਸਿੰਘ ਢੀਂਡਸਾ ਨੇ ਵੀ ਪੰਜਾਬ ਦੀ ਰਾਜਨੀਤਿਕ ਜ਼ਿੰਦਗੀ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ 2012 ਤੋਂ 2017 ਤੱਕ ਪੰਜਾਬ ਦੇ ਵਿੱਤ ਮੰਤਰੀ ਵਜੋਂ ਸੇਵਾ ਕੀਤੀ।

ਸੁਖਦੇਵ ਸਿੰਘ ਢੀਂਡਸਾ ਨੇ 2024 ਵਿੱਚ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੀ ਗਈ ਧਾਰਮਿਕ ਸਜ਼ਾ ਤਹਿਤ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿੱਚ ਸੇਵਾ ਨਿਭਾਈ ਜਿਸ ਵਿੱਚ ਉਨ੍ਹਾਂ ਨੇ ਗੁਰਬਾਣੀ ਸੁਣੀ, ਭੰਡਾਰੇ ਦੀ ਸੇਵਾ ਕੀਤੀ ਅਤੇ ਦਰਬਾਰ ਸਾਹਿਬ ਦੇ ਦਰਵਾਜ਼ੇ ‘ਤੇ ਪਹਿਰਾ ਦਿੱਤਾ। ਉਨ੍ਹਾਂ ਨੇ ਇਸ਼ਾਰਾ ਦਿੱਤਾ ਸੀ ਕਿ ਇਹ ਸੇਵਾ ਪੂਰੀ ਕਰਨ ਤੋਂ ਬਾਅਦ ਉਹ ਰਾਜਨੀਤੀ ਤੋਂ ਸੰਨਿਆਸ ਲੈ ਸਕਦੇ ਹਨ।

Related posts

‘ਟੁੱਟੀ ਗੰਢੀ’ ਦੇ ਪਵਿੱਤਰ ਦਿਹਾੜੇ ਮੌਕੇ ਆਓ ਇਕੱਠੇ ਹੋਕੇ ‘ਰੰਗਲੇ ਪੰਜਾਬ’ ਦੀ ਸਿਰਜਣਾ ਕਰੀਏ – ਬੀਬੀ ਮਾਣੂੰਕੇ

$100 Million Boost for Bushfire Recovery Across Victoria

ਅਕਾਲ ਤਖ਼ਤ ਸਰਵ-ਉੱਚ ਹੈ, ਮੈਂ ਨਿਮਾਣੇ ਸ਼ਰਧਾਲੂ ਸਿੱਖ ਵਜੋਂ ਪੇਸ਼ ਹੋਵਾਂਗਾ : ਮੁੱਖ-ਮੰਤਰੀ ਭਗਵੰਤ ਸਿੰਘ ਮਾਨ