ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦਾ 92 ਸਾਲ ਦੀ ਉਮਰ ’ਚ ਦੇਹਾਂਤ !

(ਫਾਈਲ ਫੋਟੋ) ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ । (ਫੋਟੋ: ਏ ਐਨ ਆਈ)

ਨਵੀਂ ਦਿੱਲੀ – ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਜਿਨ੍ਹਾਂ ਨੂੰ ਕਿ ਭਾਰਤੀ ਆਰਥਿਕ ਸੁਧਾਰਾਂ ਦੇ ਆਰਕੀਟੈਕਟ ਵਜੋਂ ਜਾਣਿਆ ਜਾਂਦਾ ਸੀ, ਦੀ ਅੱਜ ਰਾਤ ਇੱਥੇ ਮੌਤ ਹੋ ਗਈ। ਉਹ 92 ਸਾਲਾਂ ਦੇ ਸਨ। ਡਾ. ਮਨਮੋਹਨ ਸਿੰਘ ਦੇ ਦੇਹਾਂਤ ਦਾ ਐਲਾਨ ਆਲ ਇੰਡੀਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (ਏਮਸ) ਦਿੱਲੀ ਵੱਲੋਂ ਕੀਤਾ ਗਿਆ। ਰਾਤ ਕਰੀਬ 8.30 ਵਜੇ ਉਨ੍ਹਾਂ ਨੂੰ ਗੰਭੀਰ ਹਾਸਲ ਵਿੱਚ ਏਮਸ ਦੇ ਐਮਰਜੈਂਸੀ ਵਾਰਡ ਵਿੱਚ ਦਾਖ਼ਲ ਕਰਵਾਇਆ ਗਿਆ ਸੀ।

ਏਮਸ ਦੇ ਬੁਲੈਟਨ ਵਿੱਚ ਕਿਹਾ ਗਿਆ, ‘‘ਉਨ੍ਹਾਂ ਦਾ ਉਮਰ ਸਬੰਧੀ ਬਿਮਾਰੀਆਂ ਦਾ ਇਲਾਜ ਚੱਲ ਰਿਹਾ ਸੀ ਅਤੇ 26 ਦਸੰਬਰ ਨੂੰ ਸ਼ਾਮ ਸਮੇਂ ਆਪਣੀ ਰਿਹਾਇਸ਼ ਵਿਖੇ ਉਹ ਅਚਾਨਕ ਬੇਸੁੱਧ ਹੋ ਗਏ। ਘਰ ਵਿੱਚ ਹੀ ਉਨ੍ਹਾਂ ਨੂੰ ਮੁੜ ਹੋਸ਼ ਵਿੱਚ ਲਿਆਉਣ ਲਈ ਤੁਰੰਤ ਕੋਸ਼ਿਸ਼ਾਂ ਸ਼ੁਰੂ ਕਰ ਦਿੱਤੀਆਂ ਗਈਆਂ। ਉਪਰੰਤ ਉਨ੍ਹਾਂ ਨੂੰ ਰਾਤ 8.06 ਵਜੇ ਏਮਸ ਦਿੱਲੀ ਦੀ ਮੈਡੀਕਲ ਐਮਰਜੈਂਸੀ ਵਿੱਚ ਲਿਆਂਦਾ ਗਿਆ। ਸਾਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ ਅਤੇ ਰਾਤ 9.51 ਵਜੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ।’’

ਕੇਂਦਰੀ ਸਰਕਾਰ ਨੇ ਅੱਜ ਇੱਥੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਹੋਏ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਸਨਮਾਨ ਵਿੱਚ ਸੱਤ ਦਿਨ ਦੇ ਰਾਸ਼ਟਰੀ ਸ਼ੋਕ ਦਾ ਐਲਾਨ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਡਾ. ਮਨਮੋਹਨ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਨ ਲਈ ਸ਼ੁੱਕਰਵਾਰ ਨੂੰ ਸਵੇਰੇ 11 ਵਜੇ ਮੰਤਰੀ ਮੰਡਲ ਦੀ ਮੀਟਿੰਗ ਸੱਦੀ ਗਈ ਹੈ। ਉਨ੍ਹਾਂ ਦੱਸਿਆ ਕਿ ਮਨਮੋਹਨ ਸਿੰਘ ਦਾ ਅੰਤਿਮ ਸੰਸਕਾਰ ਪੂਰੇ ਸਰਕਾਰੀ ਸਨਮਾਨਾਂ ਨਾਲ ਕੀਤਾ ਜਾਵੇਗਾ।

ਡਾ. ਮਨਮੋਹਨ ਸਿੰਘ ਦੇ ਹਸਪਤਾਲ ਦਾਖ਼ਲ ਹੋਣ ਦੀ ਖ਼ਬਰ ਮਿਲਦੇ ਹੀ ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ ਤੇ ਉਨ੍ਹਾਂ ਦੀ ਮਾਤਾ ਸੋਨੀਆ ਗਾਂਧੀ ਤੁਰੰਤ ਹਸਪਤਾਲ ਪਹੁੰਚ ਗਏ ਸਨ।

ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ, ਉਪ ਰਾਸ਼ਟਰਪਤੀ ਜਗਦੀਪ ਧਨਖੜ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਾਂਗਰਸੀ ਆਗੂ ਪ੍ਰਿਯੰਕਾ ਗਾਂਧੀ, ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਰਾਹੁਲ ਗਾਂਧੀ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ, ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ, ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਤੇ ਹੋਰ ਆਗੂਆਂ ਨੇ ਡਾ. ਮਨਮੋਹਨ ਸਿੰਘ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਕਿਹਾ ਕਿ ਡਾ. ਮਨਮੋਹਨ ਸਿੰਘ ਨੂੰ ਦੇਸ਼ ਪ੍ਰਤੀ ਉਨ੍ਹਾਂ ਦੀ ਸੇਵਾ, ਉਨ੍ਹਾਂ ਦੇ ਬੇਦਾਗ ਸਿਆਸੀ ਜੀਵਨ ਅਤੇ ਉਨ੍ਹਾਂ ਦੀ ਨਿਮਰਤਾ ਲਈ ਹਮੇਸ਼ਾ ਯਾਦ ਕੀਤਾ ਜਾਵੇਗਾ। ਇਸੇ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਦੇ ਦੇਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਕਰਦੇ ਹੋਏ ਕਿਹਾ ਕਿ ਉਹ ਭਾਰਤ ਦੇ ਸਭ ਤੋਂ ਵੱਧ ਪ੍ਰਭਾਵਸ਼ਾਲੀ ਆਗੂਆਂ ਵਿੱਚੋਂ ਇਕ ਸਨ ਅਤੇ ਉਨ੍ਹਾਂ ਨੇ ਦੇਸ਼ ਦੀ ਆਰਥਿਕ ਨੀਤੀ ’ਤੇ ਡੂੰਘੀ ਛਾਪ ਛੱਡੀ।

ਡਾ. ਮਨਮੋਹਨ ਸਿੰਘ ਕਾਂਗਰਸੀ ਦੀ ਅਗਵਾਈ ਵਾਲੀ ਯੂਪੀਏ ਸਰਕਾਰ ਦੌਰਾਨ 2004 ਤੋਂ 2014 ਤੱਕ ਲਗਾਤਾਰ ਦੋ ਵਾਰ ਪ੍ਰਧਾਨ ਮੰਤਰੀ ਰਹੇ। ਪਿਛਲੇ ਕੁਝ ਮਹੀਨਿਆਂ ਤੋਂ ਉਨ੍ਹਾਂ ਦੀ ਸਿਹਤ ਨਾਜ਼ੁਕ ਚੱਲ ਰਹੀ ਸੀ। ਉਹ ਆਪਣੇ ਪਿੱਛੇ ਪਤਨੀ ਗੁਰਚਰਨ ਕੌਰ ਤੇ ਤਿੰਨ ਧੀਆਂ ਛੱਡ ਗਏ ਹਨ। 1991 ਵਿੱਚ ਤਤਕਾਲੀ ਪ੍ਰਧਾਨ ਮੰਤਰੀ ਪੀਵੀ ਨਰਸਿਮ੍ਹਾ ਰਾਓ ਦੀ ਸਰਕਾਰ ਵੇਲੇ ਦੇਸ਼ ਦੇ ਵਿੱਤ ਮੰਤਰੀ ਵਜੋਂ ਸੇਵਾ ਨਿਭਾਉਂਦਿਆਂ ਉਨ੍ਹਾਂ ਵੱਲੋਂ ਲਿਆਂਦੇ ਗਏ ਆਰਥਿਕ ਸੁਧਾਰਾਂ ਕਰ ਕੇ ਉਨ੍ਹਾਂ ਨੂੰ ਆਰਥਿਕ ਸੁਧਾਰਾਂ ਦਾ ਆਰਕੀਟੈਕਟ ਕਿਹਾ ਜਾਂਦਾ ਸੀ।

Related posts

ਆਪਣੀ ਗੋਦ ਲਈ ਭੈਣ ਨੂੰ ਸਕੀ ਭੈਣ ਨਾਲੋਂ ਵੱਧ ਪਿਆਰ ਕਰਦਾ ਸਲਮਾਨ ਖਾਨ !

AI ਬਹੁਤ ਕੁੱਝ ਕਰ ਸਕਦਾ ਪਰ ਇਹ ਦਿੱਲੀ ਦੇ ਟ੍ਰੈਫਿਕ ਨੂੰ ਠੀਕ ਨਹੀਂ ਕਰ ਸਕਦਾ – ਰਿਸ਼ੀ ਸੁਨਕ

‘ਏਆਈ ਇਮਪੈਕਟ ਸਮਿਟ 2026’ ਸਿਰਫ਼ ਪੀਆਰ ਸਟੰਟ – ਰਾਹੁਲ ਗਾਂਧੀ