ਨਵੀਂ ਦਿੱਲੀ – ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਨੇ 5 ਮਈ ਨੂੰ ਆਯੋਜਿਤ ਮੈਡੀਕਲ ਪ੍ਰਵੇਸ਼ ਪ੍ਰੀਖਿਆ ’ਨੀਟ-ਯੂਜੀ’ (ਰਾਸ਼ਟਰੀ ਯੋਗਤਾ ਸਹਿ ਪ੍ਰਵੇਸ਼ ਪ੍ਰੀਖਿਆ-ਗਰੈਜੂਏਸ਼ਨ) ਦੇ ਆਯੋਜਨ ’ਚ ਬੇਨਿਯਮੀਆਂ ਦੇ ਸੰਬੰਧ ’ਚ ਇਕ ਐੱਫ.ਆਈ.ਆਰ. ਦਰਜ ਕੀਤੀ ਹੈ। ਅਧਿਕਾਰੀਆਂ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਕੇਂਦਰ ਵਲੋਂ ਏਜੰਸੀ ਨੂੰ ਪ੍ਰੀਖਿਆ ’ਚ ਬੇਨਿਯਮੀਆਂ ਦੀ ਜਾਂਚ ਸੌਂਪਣ ਦੇ ਐਲਾਨ ਦੇ ਇਕ ਦਿਨ ਬਾਅਦ ਇਹ ਐੱਫ.ਆਈ.ਆਰ. ਦਰਜ ਕੀਤੀ ਗਈ ਹੈ।
ਅਧਿਕਾਰੀਆਂ ਨੇ ਦੱਸਿਆ ਕਿ ਕੇਂਦਰੀ ਸਿੱਖਿਆ ਮੰਤਰਾਲਾ ਵਲੋਂ ਜਾਰੀ ਸੰਦਰਭ ਦੇ ਆਧਾਰ ’ਤੇ ਸੀ.ਬੀ.ਆਈ. ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਇਕ ਨਵਾਂ ਮਾਮਲਾ ਦਰਜ ਕੀਤਾ ਹੈ। ਕਰੀਬ 24 ਲੱਖ ਵਿਦਿਆਰਥੀਆਂ ਨੇ ਮੈਡੀਕਲ ਪ੍ਰਵੇਸ਼ ਪ੍ਰੀਖਿਆ ਦਿੱਤੀ ਹੈ। ਉਨ੍ਹਾਂ ਦੱਸਿਆ ਕਿ ਬੇਨਿਯਮੀਆਂ ਦੀ ਜਾਂਚ ਲਈ ਕਈ ਸ਼ਹਿਰਾਂ ’ਚ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਦੀ ਮੰਗ ਮੰਤਰਾਲਾ ਨੂੰ ਮੰਨਣੀ ਪਈ। ਸਿੱਖਿਆ ਮੰਤਰਾਲਾ ਦੇ ਇਕ ਸੀਨੀਅਰ ਅਧਿਕਾਰੀ ਨੇ ਕਿਹਾ,’’5 ਮਈ ਨੂੰ ਆਯੋਜਿਤ ਨੀਟ-ਯੂਜੀ ਪ੍ਰੀਖਿਆ ’ਚ ਬੇਨਿਯਮੀਆਂ, ਧੋਖਾਧੜੀ ਦੇ ਕੁਝ ਮਾਮਲੇ ਸਾਹਮਣੇ ਆਏ ਹਨ।’’ ਅਧਿਕਾਰੀ ਨੇ ਕਿਹਾ,’’ਇਕ ਸਮੀਖਿਆ ਤੋਂ ਬਾਅਦ ਪ੍ਰੀਖਿਆ ਪ੍ਰਕਿਰਿਆ ਦੇ ਸੰਚਾਲਨ ’ਚ ਪਾਰਦਰਸ਼ਤਾ ਲਈ ਇਹ ਫ਼ੈਸਲਾ ਲਿਆ ਗਿਆ ਕਿ ਮਾਮਲੇ ਨੂੰ ਵਿਆਪਕ ਜਾਂਚ ਲਈ ਕੇਂਦਰੀ ਜਾਂਚ ਬਿਊਰੋ (ਸੀਬੀਆਈ) ਨੂੰ ਸੌਂਪ ਦਿੱਤਾ ਜਾਵੇ।’’
ਦੱਸਣਾ ਬਣਦਾ ਹੈ ਕਿ ਲਗਪਗ 24 ਲੱਖ ਵਿਦਿਆਰਥੀਆਂ ਨੇ ਮੈਡੀਕਲ ਦਾਖਲਾ ਪ੍ਰੀਖਿਆ ਦਿੱਤੀ ਹੈ। ਨੀਟ ਪ੍ਰੀਖਿਆ ਲੀਕ ਹੋਣ ਦੇ ਮਾਮਲੇ ਵਿਚ ਦੇਸ਼ ਭਰ ਵਿਚ ਪ੍ਰਦਰਸ਼ਨ ਹੋ ਰਹੇ ਹਨ। ਨੀਟ ਅਤੇ ਨੈੱਟ ਮੁਕਾਬਲਾ ਪ੍ਰੀਖਿਆਵਾਂ ਵਿੱਚ ਕਥਿਤ ਬੇਨਿਯਮੀਆਂ ਕਾਰਨ ਭਖੇ ਵਿਵਾਦ ਦਰਮਿਆਨ ਨੈਸ਼ਨਲ ਟੈਸਟਿੰਗ ਏਜੰਸੀ (ਐੱਨਟੀਏ) ਦੇ ਡਾਇਰੈਕਟਰ ਜਨਰਲ ਸੁਬੋਧ ਸਿੰਘ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ ਤੇ ਇੰਡੀਆ ਟਰੇਡ ਪ੍ਰੋਮੋਸ਼ਨ ਆਰਗੇਨਾਈਜ਼ੇਸ਼ਨ (ਆਈਟੀਪੀਓ) ਦੇ ਚੇਅਰਮੈਨ ਅਤੇ ਮੈਨੇਜਿੰਗ ਡਾਇਰੈਕਟਰ ਪ੍ਰਦੀਪ ਸਿੰਘ ਖਰੋਲਾ ਨੂੰ ਨਿਯਮਤ ਨਿਯੁਕਤੀ ਹੋਣ ਤੱਕ ਟੈਸਟਿੰਗ ਏਜੰਸੀ ਦਾ ਵਾਧੂ ਚਾਰਜ ਸੌਂਪਿਆ ਗਿਆ ਹੈ।