ਸੁਪਰੀਮ ਕੋਰਟ ਦਾ ਹੁਕਮ : ਭਾਰਤ ਸਰਕਾਰ ਭਾਈ ਰਾਜੋਆਣਾ ਦੀ ਦਇਆ ਯਾਚਿਕਾ ‘ਤੇ ਦੋ ਹਫ਼ਤਿਆਂ ‘ਚ ਜਵਾਬ ਦੇਵੇ !

ਪਿਛਲੇ 29 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ।

ਨਵੀਂ ਦਿੱਲੀ – ਭਾਰਤ ਦੀ ਸੁਪਰੀਮ ਕੋਰਟ ਨੇ ਬੁੱਧਵਾਰ ਨੂੰ 1995 ਦੇ ਪੰਜਾਬ ਦੇ ਸਾਬਕਾ ਮੁੱਖ-ਮੰਤਰੀ ਬੇਅੰਤ ਸਿੰਘ ਦੇ ਕਤਲ ਵਿੱਚ ਦੋਸ਼ੀ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਪਟੀਸ਼ਨ ’ਤੇ ਕੇਂਦਰ ਸਰਕਾਰ ਨੂੰ ਦੋ ਹਫ਼ਤਿਆਂ ਦੇ ਅੰਦਰ ਹਲਫ਼ੀਆ ਬਿਆਨ ਦਾਇਰ ਕਰਨ ਲਈ ਕਿਹਾ ਹੈ। ਭਾਈ ਰਾਜੋਆਣਾ ਨੇ ਆਪਣੀ ਲੰਬੇ ਸਮੇਂ ਤੋਂ ਲਟਕੀ ਰਹਿਮ ਦੀ ਅਪੀਲ ’ਤੇ ਫੈਸਲਾ ਨਾ ਹੋਣ ਦੇ ਮੱਦੇਨਜ਼ਰ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਕੀਤੀ ਹੈ। ਅਦਾਲਤ ਨੇ ਇਹ ਵੀ ਸਪੱਸ਼ਟ ਕਰ ਦਿੱਤਾ ਕਿ ਹੋਰ ਸਮਾਂ ਨਹੀਂ ਦਿੱਤਾ ਜਾਵੇਗਾ। 58 ਸਾਲਾ ਰਾਜੋਆਣਾ, ਜੋ ਕਿ ਸਾਬਕਾ ਪੰਜਾਬ ਪੁਲਿਸ ਕਾਂਸਟੇਬਲ ਹੈ ਪਿਛਲੇ 29 ਸਾਲਾਂ ਤੋਂ ਜੇਲ੍ਹ ਵਿੱਚ ਹੈ ਅਤੇ ਫਾਂਸੀ ਦੀ ਸਜ਼ਾ ਦੀ ਉਡੀਕ ਕਰ ਰਿਹਾ ਹੈ। ਉਸ ਦੇ ਹੱਕ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਮਾਰਚ 2012 ਵਿੱਚ ਦਇਆ ਯਾਚਿਕਾ ਦਾਇਰ ਕੀਤੀ ਗਈ ਸੀ, ਜੋ ਕਿ 13 ਸਾਲ ਤੋਂ ਵੱਧ ਸਮੇਂ ਤੋਂ ਲੰਬਿਤ ਹੈ।

ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮਹਿਤਾ ਅਤੇ ਜਸਟਿਸ ਵਿਜੈ ਬਿਸ਼ਨੋਈ ਦੇ ਬੈਂਚ ਨੇ ਕੇਂਦਰ ਦੇ ਵਕੀਲ ਨੂੰ ਪੁੱਛਿਆ ਕਿ ਹੁਣ ਤੱਕ ਕਾਊਂਟਰ ਐਫ਼ੀਡੇਵਿਟ ਕਿਉਂ ਨਹੀਂ ਦਾਇਰ ਕੀਤਾ ਗਿਆ। ਅਦਾਲਤ ਨੇ ਕਿਹਾ ਕਿ ਜੇ ਜਵਾਬ ਨਾ ਦਿੱਤਾ ਗਿਆ ਤਾਂ ਰਾਜੋਆਣਾ ਦੇ ਦੋਸ਼ ਬਿਨਾਂ ਚੁਣੌਤੀ ਦੇ ਰਹਿ ਜਾਣਗੇ। ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਅਦਾਲਤ ਨੂੰ ਦੱਸਿਆ ਕਿ 2023 ਵਿੱਚ ਵੀ ਸੁਪਰੀਮ ਕੋਰਟ ਨੇ ਅਧਿਕਾਰੀਆਂ ਨੂੰ ਇਸ ਮਾਮਲੇ ‘ਤੇ ਫੈਸਲਾ ਕਰਨ ਲਈ ਕਿਹਾ ਸੀ। 3 ਮਈ 2023 ਨੂੰ ਸੁਪਰੀਮ ਕੋਰਟ ਨੇ ਮੌਤ ਦੀ ਸਜ਼ਾ ਨੂੰ ਸਿੱਧੇ ਤੌਰ ’ਤੇ ਉਮਰ ਕੈਦ ਵਿੱਚ ਬਦਲਣ ਤੋਂ ਇਨਕਾਰ ਕਰ ਦਿੱਤਾ ਸੀ। ਅਦਾਲਤ ਨੇ ਕਿਹਾ ਸੀ ਕਿ ਸਮਰੱਥ ਅਥਾਰਟੀ ਹੀ ਰਹਿਮ ਦੀ ਅਪੀਲ ’ਤੇ ਫੈਸਲਾ ਕਰ ਸਕਦੀ ਹੈ। ਉਨ੍ਹਾਂ ਨੇ 2025 ਦੇ ਹੁਕਮ ਦਾ ਹਵਾਲਾ ਦਿੰਦਿਆਂ ਕਿਹਾ ਕਿ ਹੋਰ ਦੇਰੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਭਾਈ ਰਾਜੋਆਣਾ ਵੱਲੋਂ ਇਹ ਦਲੀਲ ਦਿੱਤੀ ਗਈ ਕਿ ਬੇਹੱਦ ਦੇਰੀ ਕਾਰਨ ਉਸ ਦੀ ਮਾਨਸਿਕ ਅਤੇ ਸ਼ਾਰੀਰਕ ਸਿਹਤ ‘ਤੇ ਬੁਰਾ ਅਸਰ ਪਿਆ ਹੈ, ਇਸ ਲਈ ਮੌਤ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਿਆ ਜਾਣਾ ਚਾਹੀਦਾ ਹੈ। ਇਸ ਸੰਦਰਭ ਵਿੱਚ ਭਾਈ ਦਵਿੰਦਰਪਾਲ ਸਿੰਘ ਭੁੱਲਰ ਦੇ ਕੇਸ ਦਾ ਹਵਾਲਾ ਵੀ ਦਿੱਤਾ ਗਿਆ।

ਭਾਰਤ ਦੇ ਗ੍ਰਹਿ ਮੰਤਰਾਲੇ ਨੇ ਪਹਿਲਾਂ ਕਿਹਾ ਸੀ ਕਿ ਭਾਈ ਰਾਜੋਆਣਾ ਦੀ ਦਇਆ ਯਾਚਿਕਾ ‘ਤੇ ਫੈਸਲਾ ਨਹੀਂ ਕੀਤਾ ਜਾ ਸਕਦਾ ਕਿਉਂਕਿ ਇਹ ਉਸ ਨੇ ਖੁਦ ਨਹੀਂ, ਸਗੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਾਇਰ ਕੀਤੀ ਗਈ ਹੈ। ਨਾਲ ਹੀ ਹੋਰ ਦੋਸ਼ੀਆਂ ਦੀਆਂ ਅਪੀਲਾਂ ਦਾ ਫੈਸਲਾ ਹੋਣ ਤੱਕ ਵੀ ਇਹ ਮਾਮਲਾ ਲੰਬਿਤ ਰੱਖਣ ਦੀ ਗੱਲ ਕਹੀ ਗਈ ਸੀ। ਮੰਤਰਾਲੇ ਨੇ ਇਹ ਵੀ ਦਲੀਲ ਦਿੱਤੀ ਸੀ ਕਿ ਇਸ ਮਾਮਲੇ ‘ਤੇ ਫੈਸਲਾ ਕਰਨ ਨਾਲ ਦੇਸ਼ ਦੀ ਸੁਰੱਖਿਆ ਅਤੇ ਕਾਨੂੰਨ-ਵਿਵਸਥਾ ‘ਤੇ ਅਸਰ ਪੈ ਸਕਦਾ ਹੈ ਇਸ ਲਈ ਦਇਆ ਯਾਚਿਕਾ ਨੂੰ ਅਜੇ ਲਈ ਟਾਲਣਾ ਹੀ ਠੀਕ ਹੈ।

31 ਅਗਸਤ 1995 ਨੂੰ ਚੰਡੀਗੜ੍ਹ ਵਿੱਚ ਸਿਵਲ ਸਕੱਤਰੇਤ ਦੇ ਬਾਹਰ ਇੱਕ ਧਮਾਕੇ ਵਿੱਚ ਉਸ ਵੇਲੇ ਦੇ ਮੁੱਖ ਮੰਤਰੀ ਬੇਅੰਤ ਸਿੰਘ ਅਤੇ 17 ਹੋਰ ਲੋਕ ਮਾਰੇ ਗਏ ਸਨ। ਇਹ ਪੰਜਾਬ ਦੇ ਇਤਿਹਾਸ ਦੀਆਂ ਸਭ ਤੋਂ ਵੱਡੀਆਂ ਅੱਤਵਾਦੀ ਘਟਨਾਵਾਂ ਵਿੱਚੋਂ ਇੱਕ ਮੰਨੀ ਜਾਂਦੀ ਹੈ। ਇੱਕ ਵਿਸ਼ੇਸ਼ ਅਦਾਲਤ ਨੇ ਜੁਲਾਈ 2007 ਵਿੱਚ ਭਾਈ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ।

ਭਾਈ ਰਾਜੋਆਣਾ ਮਾਮਲੇ ਵਿੱਚ ਸੁਪਰੀਮ ਕੋਰਟ ਦੀ ਤਾਜ਼ਾ ਕਾਰਵਾਈ ਨਾਲ ਹੁਣ ਸਭ ਦੀ ਨਜ਼ਰ ਕੇਂਦਰ ਸਰਕਾਰ ਦੇ ਹਲਫ਼ਨਾਮੇ ਅਤੇ ਅਗਲੀ ਸੁਣਵਾਈ ’ਤੇ ਟਿਕੀ ਹੋਈ ਹੈ। ਇਹ ਮਾਮਲਾ ਕਾਨੂੰਨੀ, ਰਾਜਨੀਤਿਕ ਅਤੇ ਭਾਵਨਾਤਮਕ ਤੌਰ ’ਤੇ ਬਹੁਤ ਸੰਵੇਦਨਸ਼ੀਲ ਮੰਨਿਆ ਜਾਂਦਾ ਹੈ।

Related posts

ਪੰਜਾਬ ਸਰਕਾਰ ਦੁਆਰਾ ਬਣਾਏ ਗਏ ਬੇਅਦਬੀ ਵਿਰੋਧੀ ਕਾਨੂੰਨ ਨੂੰ ਹਾਈਕੋਰਟ ‘ਚ ਚੈਲੰਜ !

ਅਭਿਸ਼ੇਕ ਸ਼ਰਮਾ : ਟੀ-20 ‘ਚ 4 ਵਾਰ 130+ ਰੱਨ ਬਨਾਉਣ ਵਾਲਾ ਦੁਨੀਆਂ ਦਾ ਪਹਿਲਾ ਬੱਲੇਬਾਜ਼ !

ਭਗਵੰਤ ਮਾਨ ਵਲੋਂ ਨੀਦਰਲੈਂਡ ਦੇ ਹਾਕੀ ਓਲੰਪੀਅਨ ਬੋਵੇਲੈਂਡਰ ਨੂੰ ਪੰਜਾਬ ਆਉਣ ਦਾ ਸੱਦਾ