ਸੁਪਰੀਮ ਕੋਰਟ ਪਹੁੰਚਿਆ ਬਿਲਕਿਸ ਬਾਨੋ ਮਾਮਲਾ, ਦੋਸ਼ੀਆਂ ਦੀ ਰਿਹਾਈ ਖਿਲਾਫ ਪਟੀਸ਼ਨ ਦਾਇਰ

ਨਵੀਂ ਦਿੱਲੀ – ਬਿਲਕਿਸ ਬਾਨੋ ਕੇਸ ਦੇ ਦੋਸ਼ੀਆਂ ਦੀ ਰਿਹਾਈ ਦਾ ਮਾਮਲਾ ਸੁਪਰੀਮ ਕੋਰਟ ਪਹੁੰਚ ਗਿਆ ਹੈ। ਦੋਸ਼ੀਆਂ ਦੀ ਰਿਹਾਈ ਖਿਲਾਫ ਸੁਪਰੀਮ ਕੋਰਟ ‘ਚ ਅਰਜ਼ੀ ਦਾਇਰ ਕੀਤੀ ਗਈ ਹੈ। ਅਦਾਲਤ ਨੇ ਇਸ ਪਟੀਸ਼ਨ ‘ਤੇ ਸੁਣਵਾਈ ਲਈ ਹਾਮੀ ਭਰ ਦਿੱਤੀ ਹੈ। ਹਾਲਾਂਕਿ ਸੁਣਵਾਈ ਦੀ ਤਰੀਕ ਅਜੇ ਤੈਅ ਨਹੀਂ ਹੋਈ ਹੈ। ਪਟੀਸ਼ਨ ‘ਚ ਅਦਾਲਤ ਨੂੰ ਇਸ ਮਾਮਲੇ ‘ਤੇ ਸੁਣਵਾਈ ਕਰਨ ਦੀ ਬੇਨਤੀ ਕੀਤੀ ਗਈ ਸੀ, ਜਿਸ ‘ਤੇ ਉਹ ਸਹਿਮਤ ਹੋ ਗਈ।
ਜ਼ਿਕਰਯੋਗ ਹੈ ਕਿ ਬਿਲਕਿਸ ਬਾਨੋ ਸਮੂਹਿਕ ਜਬਰ ਜਨਾਹ ਮਾਮਲੇ ‘ਚ ਉਮਰ ਕੈਦ ਦੀ ਸਜ਼ਾ ਕੱਟ ਰਹੇ 11 ਕੈਦੀਆਂ ਨੂੰ ਹਾਲ ਹੀ ‘ਚ ਰਿਹਾਅ ਕੀਤਾ ਗਿਆ ਸੀ। ਸਾਰੇ ਦੋਸ਼ੀਆਂ ਨੂੰ ਗੁਜਰਾਤ ਸਰਕਾਰ ਦੀ ਐਮਨੈਸਟੀ ਸਕੀਮ ਤਹਿਤ ਰਿਹਾਅ ਕੀਤਾ ਗਿਆ ਸੀ। ਸਾਰੇ ਦੋਸ਼ੀ ਗੋਧਰਾ ਦੀ ਸਬ-ਜੇਲ ‘ਚ ਬੰਦ ਸਨ। ਮੁੰਬਈ ਦੀ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਨੇ 21 ਜਨਵਰੀ 2008 ਨੂੰ ਬਿਲਕਿਸ ਬਾਨੋ ਦੇ ਪਰਿਵਾਰ ਦੇ ਸੱਤ ਮੈਂਬਰਾਂ ਨਾਲ ਸਮੂਹਿਕ ਬਲਾਤਕਾਰ ਅਤੇ ਹੱਤਿਆ ਦੇ ਮਾਮਲੇ ਵਿੱਚ 11 ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ। ਬੰਬੇ ਹਾਈ ਕੋਰਟ ਨੇ ਵੀ ਸਜ਼ਾ ਨੂੰ ਬਰਕਰਾਰ ਰੱਖਿਆ ਸੀ।
ਰਿਹਾਅ ਹੋਏ ਦੋਸ਼ੀਆਂ ਦੇ ਨਾਮ ਜਯੰਤਭਾਈ ਨਾਈ, ਗੋਵਿੰਦਭਾਈ ਨਾਈ, ਸ਼ੈਲੇਸ਼ ਭੱਟ, ਰਾਧੇਸ਼ਿਆਮ ਸ਼ਾਹ, ਬਿਪਿਨ ਚੰਦਰ ਜੋਸ਼ੀ, ਕੇਸਰਭਾਈ ਵੋਹਨੀਆ, ਪ੍ਰਦੀਪ ਮੋਰਧੀਆ, ਬਕਾਭਾਈ ਵੋਹਨੀਆ, ਰਾਜੂਭਾਈ ਸੋਨੀ, ਮਿਤੇਸ਼ ਭੱਟ ਅਤੇ ਰਮੇਸ਼ ਚੰਦਨਾ ਹਨ।

ਦੱਸ ਦੇਈਏ ਕਿ 3 ਮਾਰਚ 2002 ਨੂੰ ਗੁਜਰਾਤ ‘ਚ ਗੋਧਰਾ ਤੋਂ ਬਾਅਦ ਹੋਏ ਦੰਗਿਆਂ ਦੌਰਾਨ ਦਾਹੋਦ ਜ਼ਿਲੇ ਦੇ ਲਿਮਖੇੜਾ ਤਾਲੁਕਾ ਦੇ ਰੰਧੀਕਪੁਰ ਪਿੰਡ ‘ਚ ਭੀੜ ਨੇ ਬਿਲਕਿਸ ਬਾਨੋ ਦੇ ਪਰਿਵਾਰ ‘ਤੇ ਹਮਲਾ ਕਰ ਦਿੱਤਾ ਸੀ। ਬਿਲਕਿਸ ਉਸ ਸਮੇਂ ਗਰਭਵਤੀ ਸੀ। ਦੰਗਾਕਾਰੀਆਂ ਨੇ ਗਰਭਵਤੀ ਬਿਲਕੀਸ ਨਾਲ ਸਮੂਹਿਕ ਜਬਰ ਜਨਾਹ ਕੀਤਾ ਅਤੇ ਉਸਦੇ ਪਰਿਵਾਰਕ ਮੈਂਬਰਾਂ ਦੀ ਹੱਤਿਆ ਕਰ ਦਿੱਤੀ। ਇਸ ਦੌਰਾਨ ਪਰਿਵਾਰ ਦੇ 6 ਮੈਂਬਰ ਆਪਣੀ ਜਾਨ ਬਚਾ ਕੇ ਭੱਜਣ ਵਿੱਚ ਕਾਮਯਾਬ ਹੋ ਗਏ। ਮੁਲਜ਼ਮਾਂ ਨੂੰ 2004 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।

Related posts

ਆਪਣੀ ਗੋਦ ਲਈ ਭੈਣ ਨੂੰ ਸਕੀ ਭੈਣ ਨਾਲੋਂ ਵੱਧ ਪਿਆਰ ਕਰਦਾ ਸਲਮਾਨ ਖਾਨ !

AI ਬਹੁਤ ਕੁੱਝ ਕਰ ਸਕਦਾ ਪਰ ਇਹ ਦਿੱਲੀ ਦੇ ਟ੍ਰੈਫਿਕ ਨੂੰ ਠੀਕ ਨਹੀਂ ਕਰ ਸਕਦਾ – ਰਿਸ਼ੀ ਸੁਨਕ

‘ਏਆਈ ਇਮਪੈਕਟ ਸਮਿਟ 2026’ ਸਿਰਫ਼ ਪੀਆਰ ਸਟੰਟ – ਰਾਹੁਲ ਗਾਂਧੀ