ਸੁਪਰੀਮ ਕੋਰਟ ਰਾਜੋਆਣਾ ਦੀ ਪਟੀਸ਼ਨ ’ਤੇ 18 ਮਾਰਚ ਨੂੰ ਸੁਣਵਾਈ ਕਰੇਗੀ

ਪਿਛਲੇ 29 ਸਾਲਾਂ ਤੋਂ ਜੇਲ੍ਹ ਵਿੱਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ।

ਭਾਰਤ ਦੀ ਸੁਪਰੀਮ ਕੋਰਟ ਨੇ ਅੱਜ ਕਿਹਾ ਹੈ ਕਿ ਉਹ 1995 ਦੇ ਤਤਕਾਲੀ ਪੰਜਾਬ ਦੇ ਮੁੱਖ ਮੰਤਰੀ ਬੇਅੰਤ ਸਿੰਘ ਕਤਲ ਕੇਸ ਵਿੱਚ ਦੋਸ਼ੀ ਭਾਈ ਬਲਵੰਤ ਸਿੰਘ ਰਾਜੋਆਣਾ ਵੱਲੋਂ ਦਾਇਰ ਪਟੀਸ਼ਨ ‘ਤੇ 18 ਮਾਰਚ ਨੂੰ ਸੁਣਵਾਈ ਕਰੇਗੀ, ਜਿਸ ਵਿੱਚ ਉਸਦੀ ਰਹਿਮ ਦੀ ਅਪੀਲ ਦਾ ਫੈਸਲਾ ਕਰਨ ਵਿੱਚ ਹੋ ਰਹੀ ਦੇਰੀ ਕਾਰਣ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਬਦਲਣ ਦੀ ਮੰਗ ਕੀਤੀ ਗਈ ਹੈ।

ਭਾਈ ਬਲਵੰਤ ਸਿੰਘ ਰਾਜੋਆਣਾ 29 ਸਾਲਾਂ ਤੋਂ ਵੱਧ ਸਮੇਂ ਤੋਂ ਜੇਲ੍ਹ ਵਿੱਚ ਬੰਦ ਹੈ, ਜਿਸ ਵਿੱਚੋਂ ਉਹ 15 ਸਾਲਾਂ ਤੋਂ ਵੱਧ ਸਮੇਂ ਤੋਂ ਫਾਂਸੀ ਦੀ ਸਜ਼ਾ ਦਾ ਸਾਹਮਣਾ ਕਰ ਰਿਹਾ ਹੈ। ਚੰਡੀਗੜ੍ਹ ਦੇ ਸਿਵਲ ਸਕੱਤਰੇਤ ਵਿੱਚ 31 ਅਗਸਤ 1995 ਨੂੰ ਇੱਕ ਬੰਬ ਧਮਾਕਾ ਕਰਕੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਅਤੇ 16 ਹੋਰਨਾਂ ਨੂੰ ਮਾਰਨ ਦੇ ਇੱਕ ਕੇਸ ਦੇ ਵਿੱਚ ਵਿਸ਼ੇਸ਼ ਅਦਾਲਤ ਨੇ ਜੁਲਾਈ 2007 ਵਿੱਚ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ।

ਸੁਪਰੀਮ ਕੋਰਟ ਨੇ ਪਹਿਲਾਂ ਕੇਂਦਰ ਸਰਕਾਰ ਨੂੰ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਰਹਿਮ ਦੀ ਅਪੀਲ ‘ਤੇ ਫੈਸਲਾ ਲੈਣ ਲਈ ਕਿਹਾ ਸੀ। ਕੇਂਦਰ ਨੇ ਉਦੋਂ ਮਾਮਲੇ ਦੀ ਸੰਵੇਦਨਸ਼ੀਲਤਾ ਦਾ ਹਵਾਲਾ ਦਿੱਤਾ ਸੀ ਅਤੇ ਕਿਹਾ ਸੀ ਕਿ ਰਹਿਮ ਦੀ ਅਪੀਲ ਵਿਚਾਰ ਅਧੀਨ ਹੈ। ਸਤੰਬਰ 2024 ਵਿੱਚ ਸੁਪਰੀਮ ਕੋਰਟ ਨੇ ਰਾਜੋਆਣਾ ਦੀ ਪਟੀਸ਼ਨ ‘ਤੇ ਕੇਂਦਰ, ਪੰਜਾਬ ਸਰਕਾਰ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਨ ਤੋਂ ਜਵਾਬ ਮੰਗਿਆ ਸੀ। 3 ਮਈ 2023 ਨੂੰ ਸੁਪਰੀਮ ਕੋਰਟ ਨੇ ਰਾਜੋਆਣਾ ਦੀ ਮੌਤ ਦੀ ਸਜ਼ਾ ਨੂੰ ਘੱਟ ਕਰਨ ਤੋਂ ਇਨਕਾਰ ਕਰ ਦਿੱਤਾ ਸੀ ਅਤੇ ਕਿਹਾ ਸੀ ਕਿ ਸਮਰੱਥ ਅਥਾਰਟੀ ਉਸਦੀ ਰਹਿਮ ਦੀ ਅਪੀਲ ਨੂੰ ਨਜਿੱਠ ਸਕਦੀ ਹੈ। ਆਪਣੀ ਨਵੀਂ ਪਟੀਸ਼ਨ ਵਿੱਚ ਰਾਜੋਆਣਾ ਨੇ ਜੇਲ੍ਹ ਵਿੱਚ 28.8 ਸਾਲ ਕੱਟਣ ਦਾ ਜ਼ਿਕਰ ਕੀਤਾ, ਜਿਸ ਵਿੱਚੋਂ ਉਸਨੇ 15 ਸਾਲਾਂ ਤੋਂ ਵੱਧ ਸਮਾਂ ਫਾਂਸੀ ਦੀ ਸਜ਼ਾ ਵਾਲੇ ਕੈਦੀ ਵਜੋਂ ਬਿਤਾਇਆ ਹੈ। ਉਸ ਨੇ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਮਾਰਚ 2012 ਵਿੱਚ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਤਰਫੋਂ ਧਾਰਾ 72 ਦੇ ਤਹਿਤ ਰਹਿਮ ਦੀ ਅਪੀਲ ਦਾਇਰ ਕੀਤੀ ਸੀ। ਪਟੀਸ਼ਨ ਵਿੱਚ ਕਿਹਾ ਗਿਆ ਹੈ ਕਿ ਸੁਪਰੀਮ ਕੋਰਟ ਵੱਲੋਂ ਸਮਰੱਥ ਅਥਾਰਟੀ ਨੂੰ ਉਸਦੀ ਤਰਫੋਂ ਦਾਇਰ ਰਹਿਮ ਦੀ ਅਪੀਲ ਨਾਲ ਨਜਿੱਠਣ ਅਤੇ ਅਗਲਾ ਫੈਸਲਾ ਲੈਣ ਦੇ ਨਿਰਦੇਸ਼ ਦਿੱਤੇ ਜਾਣ ਨੂੰ ਇੱਕ ਸਾਲ ਤੋਂ ਵੱਧ ਦਾ ਸਮਾਂ ਬੀਤ ਚੁੱਕਾ ਹੈ। ਇਸ ਵਿੱਚ ਇੱਕ ਵੱਖਰੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਅਪਰੈਲ 2023 ਦੇ ਹੁਕਮ ਦਾ ਹਵਾਲਾ ਦਿੱਤਾ ਗਿਆ ਹੈ ਜਿਸ ਵਿੱਚ ਅਦਾਲਤ ਨੇ ਸਾਰੇ ਰਾਜਾਂ ਅਤੇ ਉਚਿਤ ਅਧਿਕਾਰੀਆਂ ਨੂੰ ਲੰਬਿਤ ਰਹਿਮ ਦੀਆਂ ਅਪੀਲਾਂ ਦਾ ਬਿਨਾਂ ਕਿਸੇ ਬੇਲੋੜੀ ਦੇਰੀ ਦੇ ਫੈਸਲਾ ਕਰਨ ਦਾ ਨਿਰਦੇਸ਼ ਦਿੱਤਾ ਸੀ।

Related posts

ਕੈਦੀਆਂ ਵਲੋਂ ਜੇਲ੍ਹਾਂ ’ਚੋਂ ਉਡਾਰੀ ਮਾਰਨ ਵਾਲਿਆਂ ’ਚੋਂ ਪੰਜਾਬ ਮੋਹਰੀ

ਸਰਕਾਰੀ ਸਮਾਗਮ ਨੂੰ ਰਾਜਨੀਤਕ ਰੈਲੀ ਵਜੋਂ ਵਰਤਣ ‘ਤੇ ਰੰਧਾਵਾ ਵਲੋਂ ਪ੍ਰਧਾਨ ਮੰਤਰੀ ਨੂੰ ਸਿ਼ਕਾਇਤ

ਅਕਾਲੀ ਦਲ ਦੀ ਸਰਕਾਰ ਆਉਣ ‘ਤੇ ‘ਵਰਲਡ ਕੱਪ ਕਬੱਡੀ’ ਮੁੜ ਸ਼ੁਰੂ ਕੀਤਾ ਜਾਵੇਗਾ – ਸੁਖਬੀਰ ਬਾਦਲ