ਅੰਮ੍ਰਿਤਸਰ -¸ਖਾਲਸਾ ਕਾਲਜ ਵੱਲੋਂ ਸ਼ਹੀਦਾਂ ਦੇ ਸਿਰਤਾਜ ਪੰਜਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਠੰਢੇ-ਮਿੱਠੇ ਜਲ ਦੀ ਛਬੀਲ ਸ਼ਰਧਾ ਅਤੇ ਸਤਿਕਾਰ ਸਹਿਤ ਲਗਾਈ ਗਈ। ਖਾਲਸਾ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ. ਮਹਿਲ ਸਿੰਘ ਨੇ ਕਾਲਜ ਪ੍ਰਿੰਸੀਪਲ ਡਾ. ਆਤਮ ਸਿੰਘ ਰੰਧਾਵਾ ਨਾਲ ਛਬੀਲ ਦੀ ਸ਼ੁਰੂਆਤ ਕਰਦੇ ਹੋਏ ਗੁਰੂ ਸਾਹਿਬ ਦੇ ਉਪਦੇਸ਼ਾਂ ਨੂੰ ਯਾਦ ਕੀਤਾ ਅਤੇ ਮਨੁੱਖਤਾ ਦੀ ਨਿਸ਼ਕਾਮ ਸੇਵਾ ਦਾ ਸੰਦੇਸ਼ ਦਿੱਤਾ।
ਇਸ ਦੌਰਾਨ ਡਾ. ਮਹਿਲ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸੱਚ, ਧਰਮ ਅਤੇ ਮਨੁੱਖੀ ਅਧਿਕਾਰਾਂ ਦੀ ਰੱਖਿਆ ਲਈ ਅਦੁੱਤੀ ਕੁਰਬਾਨੀ ਦਿੱਤੀ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਜੀ ਦੀ ਸ਼ਹਾਦਤ ਸਿੱਖ ਇਤਿਹਾਸ ਦਾ ਇੱਕ ਮਹਾਨ ਅਧਿਆਇ ਹੈ, ਜੋ ਸਾਨੂੰ ਹਰ ਹਾਲਤ ’ਚ ਸੱਚ ਦੇ ਮਾਰਗ ’ਤੇ ਚੱਲਣ ਅਤੇ ਮਨੁੱਖਤਾ ਦੀ ਸੇਵਾ ਕਰਨ ਦੀ ਪ੍ਰੇਰਣਾ ਦਿੰਦੀ ਹੈ।
ਇਸ ਮੌਕੇ ਪ੍ਰਿੰ: ਡਾ. ਰੰਧਾਵਾ ਨੇ ਕਿਹਾ ਕਿ ਕਾਲਜ ਵੱਲੋਂ ਕੱਲ੍ਹ ਛੁੱਟੀ ਹੋਣ ਕਰਕੇ ਵਿਦਿਆਰਥੀਆਂ ਦੁਆਰਾ ਅੱਜ ਹੀ ਗੁਰੂ ਸਾਹਿਬ ਜੀ ਦੀ ਸ਼ਹਾਦਤ ਨੂੰ ਸਮਰਪਿਤ ਛਬੀਲ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਅਜੋਕੇ ਸਮੇਂ ’ਚ ਗੁਰੂ ਸਾਹਿਬ ਦੀਆਂ ਸਿੱਖਿਆਵਾਂ ਦੀ ਪ੍ਰਸੰਗਿਕਤਾ ਹੋਰ ਵੀ ਵੱਧ ਗਈ ਹੈ। ਉਨ੍ਹਾਂ ਕਿਹਾ ਕਿ ਸਾਨੂੰ ਆਪਸੀ ਭਾਈਚਾਰੇ, ਸਹਿਣਸ਼ੀਲਤਾ ਅਤੇ ਮਨੁੱਖਤਾ ਦੀ ਭਲਾਈ ਲਈ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਤੇ ਹੋਰਨਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਗੁਰੂ ਸਾਹਿਬ ਦੇ ਜੀਵਨ ਤੋਂ ਪ੍ਰੇਰਣਾ ਲੈ ਕੇ ਸਮਾਜ ਸੇਵਾ ਅਤੇ ਉੱਚ ਨੈਤਿਕ ਕਦਰਾਂ-ਕੀਮਤਾਂ ਨੂੰ ਆਪਣੇ ਜੀਵਨ ਦਾ ਹਿੱਸਾ ਬਣਾਉਣ। ਉਨ੍ਹਾਂ ਨੇ ਗੁਰੂ ਸਾਹਿਬ ਦੇ ਦਰਸਾਏ ਸਰਬੱਤ ਦੇ ਭਲੇ ਅਤੇ ਵੰਡ ਛਕਣ ਦੇ ਸਿਧਾਂਤਾਂ ਨੂੰ ਅਮਲੀ ਰੂਪ ’ਚ ਅਪਣਾਉਣ ਦਾ ਸੰਦੇਸ਼ ਵੀ ਦਿੱਤਾ ਗਿਆ।
ਇਸ ਮੌਕੇ ਡਾ. ਮਹਿਲ ਸਿੰਘ, ਪ੍ਰਿੰ: ਡਾ. ਰੰਧਾਵਾ ਨੇ ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਨਾਲ ਮਿਲ ਕੇ ਰਾਹਗੀਰਾਂ, ਆਮ ਲੋਕਾਂ ਆਦਿ ਨੂੰ ਠੰਢਾ-ਮਿੱਠਾ ਜਲ, ਸ਼ਰਬਤ ਅਤੇ ਹੋਰ ਤਾਜ਼ਗੀ ਭਰਪੂਰ ਪਦਾਰਥਾਂ ਦੀ ਛਬੀਲ ਵਰਤਾਈ। ਇਸ ਦੌਰਾਨ ਉਨ੍ਹਾਂ ਮਨੁੱਖਤਾ ਦੀ ਭਲਾਈ ਲਈ ਅਰਦਾਸ ਵੀ ਕੀਤੀ। ਇਸ ਮੌਕੇ ਸਿੱਖ ਇਤਿਹਾਸ ਖੋਜ਼ ਕੇਂਦਰ ਦੇ ਡਾ. ਇੰਦਰਜੀਤ ਸਿੰਘ ਗੋਗੋਆਣੀ, ਡਾ. ਤਮਿੰਦਰ ਸਿੰਘ ਭਾਟੀਆ, ਡਾ. ਦਲਜੀਤ ਸਿੰਘ, ਪ੍ਰੋ: ਸਤਨਾਮ ਸਿੰਘ ਸਮੇਤ ਹੋਰ ਕਰਮਚਾਰੀ ਅਤੇ ਵਿਦਿਆਰਥੀ ਵੱਡੀ ਗਿਣਤੀ ’ਚ ਹਾਜ਼ਰ ਸਨ।