ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਨੂੰ ਜ਼ਬਤ ਕਰਨ ਦਾ ਮਾਮਲਾ ਕਤਰ ਪੁਲਿਸ ਨੇ ਇੱਕ ਸਰੂਪ ਕੀਤਾ ਵਾਪਸ, ਦੂਜਾ ਮਰਿਯਾਦਾ ਅਨੁਸਾਰ ਰੱਖਣ ਦਾ ਦਿੱਤਾ ਭਰੋਸਾ

ਨਵੀਂ ਦਿੱਲੀ – ਕਤਰ ਦੀ ਰਾਜਧਾਨੀ ਦੋਹਾ ਵਿੱਚ ਪੁਲਿਸ ਵੱਲੋਂ ਜ਼ਬਤ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 2 ਪਾਵਨ ਸਰੂਪਾਂ ਵਿੱਚੋਂ ਇੱਕ ਸਰੂਪ ਨੂੰ ਸਤਿਕਾਰ ਸਹਿਤ ਵਾਪਸ ਕਰ ਦਿੱਤਾ ਗਿਆ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐਸ.ਜੀ.ਪੀ.ਸੀ.) ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਇਤਰਾਜ਼ ਤੋਂ ਬਾਅਦ ਭਾਰਤੀ ਦੂਤਾਵਾਸ ਹਰਕਤ ਵਿੱਚ ਆਇਆ ਹੈ। ਇਸ ਤੋਂ ਬਾਅਦ ਕਤਰ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਗਿਆ। ਵਿਦੇਸ਼ ਮੰਤਰਾਲੇ ਨੇ ਇੱਕ ਪ੍ਰੈਸ ਬਿਆਨ ਜਾਰੀ ਕੀਤਾ ਹੈ, ਜਿਸ ਵਿੱਚ ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ- ਅਸੀਂ ਕਤਰ ਦੇ ਅਧਿਕਾਰੀਆਂ ਦੁਆਰਾ ਜ਼ਬਤ ਕੀਤੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਤੇ ਸਿੱਖ ਭਾਈਚਾਰੇ ਦੁਆਰਾ ਉਨ੍ਹਾਂ ਦੀ ਰਿਹਾਈ ਦੀ ਮੰਗ ਦੇ ਨਾਲ ਸਬੰਧਿਤ ਰਿਪੋਰਟਾਂ ਵੇਖੀਆਂ ਹਨ। ਸਰਕਾਰ ਨੇ ਪਹਿਲਾਂ ਹੀ ਕਤਰ ਸਰਕਾਰ ਕੋਲ ਇਹ ਮਾਮਲਾ ਉਠਾਇਆ ਸੀ ਅਤੇ ਸਾਡੇ ਦੂਤਾਵਾਸ ਨੇ ਦੋਹਾ ਵਿੱਚ ਸਿੱਖ ਭਾਈਚਾਰੇ ਨੂੰ ਘਟਨਾਕ੍ਰਮ ਬਾਰੇ ਜਾਣਕਾਰੀ ਦਿੱਤੀ ਸੀ।ਬੁਲਾਰੇ ਨੇ ਦੱਸਿਆ ਕਿ ਕਤਰ ਦੇ ਅਧਿਕਾਰੀਆਂ ਨੇ ਦੋ ਵਿਅਕਤੀਆਂ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਲਏ ਸਨ। ਉਨ੍ਹਾਂ ’ਤੇ ਕਤਰ ਸਰਕਾਰ ਦੀ ਮਨਜ਼ੂਰੀ ਤੋਂ ਬਿਨਾਂ ਧਾਰਮਿਕ ਸੰਸਥਾਨ ਚਲਾਉਣ ਦਾ ਦੋਸ਼ ਸੀ। ਸਾਡੇ ਦੂਤਾਵਾਸ ਨੇ ਸਥਾਨਕ ਕਾਨੂੰਨਾਂ ਦੇ ਦਾਇਰੇ ਵਿੱਚ ਹਰ ਸੰਭਵ ਸਹਾਇਤਾ ਪ੍ਰਦਾਨ ਕੀਤੀ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਇੱਕ ਸਰੂਪ ਕਤਰ ਦੇ ਅਧਿਕਾਰੀਆਂ ਨੇ ਵਾਪਸ ਕਰ ਦਿੱਤਾ ਅਤੇ ਭਰੋਸਾ ਦਿਵਾਇਆ ਹੈ ਕਿ ਦੂਜੇ ਸਰੂਪ ਨੂੰ ਵੀ ਸਨਮਾਨਪੂਰਵਕ ਰੱਖਿਆ ਜਾਵੇਗਾ।
ਐਸ.ਜੀ.ਪੀ.ਸੀ. ਨੇ ਉਠਾਇਆ ਸੀ ਮਾਮਲਾ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਦਿੱਤੇ ਹੁਕਮਾਂ ਦੀ ਪਾਲਣਾ ਕਰਦਿਆਂ ਸ਼੍ਰੋਮਣੀ ਕਮੇਟੀ ਨੇ ਭਾਰਤ ਦੇ ਵਿਦੇਸ਼ ਮੰਤਰੀ ਅਤੇ ਦੋਹਾ, ਕਤਰ ਵਿੱਚ ਭਾਰਤੀ ਰਾਜਦੂਤ ਨੂੰ ਪੱਤਰ ਲਿਖਿਆ ਸੀ। ਐਡਵੋਕੇਟ ਧਾਮੀ ਨੇ ਕਿਹਾ ਕਿ ਭਾਈ ਘਨ੍ਹਈਆ ਹਿਊਮੈਨਟੇਰੀਅਨ ਏਡ ਦੇ ਧਿਆਨ ਵਿੱਚ
ਆਇਆ ਹੈ ਕਿ ਦਸੰਬਰ, 2023 ਵਿੱਚ ਕਤਰ ਵਿੱਚ ਦੋਹਾ ਪੁਲਿਸ ਵੱਲੋਂ ਇੱਕ ਸਿੱਖ ਨੂੰ ਗਿ੍ਰਫਤਾਰ ਕੀਤਾ ਗਿਆ ਸੀ ਅਤੇ ਬਾਅਦ ਵਿੱਚ ਰਿਹਾਅ ਕੀਤਾ ਗਿਆ ਸੀ ਪਰ ਪੁਲਿਸ ਨੇ ਉਸ ਤੋਂ ਮਿਲੇ ਸਰੂਪ ਨੂੰ ਜ਼ਬਤ ਕਰ ਲਿਆ ਗਿਆ ਸੀ। ਐਸ.ਜੀ.ਪੀ.ਸੀ. ਪ੍ਰਧਾਨ ਨੇ ਦੱਸਿਆ ਕਿ ਗਿ੍ਰਫ਼ਤਾਰ ਸਿੱਖ ਕੋਲੋਂ ਸ੍ਰੀ ਗੁਰੂ ਗ੍ਰੰਥ ਦੇ ਦੋ ਪਾਵਨ ਸਰੂਪ ਮਿਲੇ ਹਨ। ਸਥਾਨਕ ਪੁਲੀਸ ਪ੍ਰਸ਼ਾਸਨ ਨੇ ਉਸ ਨੂੰ ਥਾਣੇ ਵਿੱਚ ਹੀ ਰੱਖਿਆ। ਇਹ ਪਾਵਨ ਸਰੂਪ ਅਲ ਵਕਰਾਹ ਪੁਲਿਸ ਸਟੇਸ਼ਨ ਵਿਖੇ ਰੱਖੇ ਗਏ ਸਨ। ਇਹ ਗੁਰੂ ਸਾਹਿਬ ਦਾ ਬਹੁਤ ਵੱਡਾ ਅਪਮਾਨ ਹੈ।
ਦੂਜਾ ਸਰੂਪ ਵੀ ਜਲਦੀ ਹੀ ਵਾਪਸ ਕਰ ਦਿੱਤਾ ਜਾਵੇਗਾ : ਬੁਲਾਰੇ ਰਣਧੀਰ ਜੈਸਵਾਲ ਨੇ ਕਿਹਾ ਕਿ ਦੂਜਾ ਸਰੂਪ ਅਜੇ ਕਤਰ ਪੁਲਿਸ ਸਟੇਸ਼ਨ ਵਿਚ ਹੈ ਪਰ ਉਸਨੂੰ ਸਨਮਾਨਪੂਰਵਕ ਰੱਖਿਆ ਜਾਵੇਗਾ। ਵਿਦੇਸ਼ ਮੰਤਰਾਲਾ ਇਸ ਮਾਮਲੇ ’ਤੇ ਕਤਰ ਦੇ ਅਧਿਕਾਰੀਆਂ ਨਾਲ ਉੱਚ ਤਰਜੀਹ ਨਾਲ ਚਰਚਾ ਕਰਨਾ ਜਾਰੀ ਰੱਖੇਗਾ।

Related posts

ਆਪਣੀ ਗੋਦ ਲਈ ਭੈਣ ਨੂੰ ਸਕੀ ਭੈਣ ਨਾਲੋਂ ਵੱਧ ਪਿਆਰ ਕਰਦਾ ਸਲਮਾਨ ਖਾਨ !

AI ਬਹੁਤ ਕੁੱਝ ਕਰ ਸਕਦਾ ਪਰ ਇਹ ਦਿੱਲੀ ਦੇ ਟ੍ਰੈਫਿਕ ਨੂੰ ਠੀਕ ਨਹੀਂ ਕਰ ਸਕਦਾ – ਰਿਸ਼ੀ ਸੁਨਕ

‘ਏਆਈ ਇਮਪੈਕਟ ਸਮਿਟ 2026’ ਸਿਰਫ਼ ਪੀਆਰ ਸਟੰਟ – ਰਾਹੁਲ ਗਾਂਧੀ