ਸੰਗਰੂਰ ਭਗਵੰਤ ਮਾਨ ਦਾ ਆਪਣਾ (ਗ੍ਰਹਿ) ਹਲਕਾ ਹੈ, ਇਸ ਲਈ ਇੱਥੋਂ ‘ਆਪ’ ਉਮੀਦਵਾਰ ਨੂੰ ਸਭ ਤੋਂ ਵੱਧ ਫ਼ਰਕ ਨਾਲ ਜਿਤਾਓ : ਕੇਜਰੀਵਾਲ

ਚੰਡੀਗੜ੍ਹ – ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੰਗਰੂਰ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਲਈ ਚੋਣ ਪ੍ਰਚਾਰ ਕੀਤਾ। ਕੇਜਰੀਵਾਲ ਅਤੇ ਮਾਨ ਨੇ ਸੰਗਰੂਰ ’ਚ ‘ਆਪ’ ਉਮੀਦਵਾਰ ਨਾਲ ਵੱਡਾ ਰੋਡ ਸ਼ੋਅ ਕੀਤਾ ਤੇ ਲੋਕਾਂ ਨੂੰ ਮੀਤ ਹੇਅਰ ਨੂੰ ਰਿਕਾਰਡ ਵੋਟਾਂ ਨਾਲ ਜਿਤਾਉਣ ਦੀ ਅਪੀਲ ਕੀਤੀ।
ਰੋਡ ਸ਼ੋਅ ’ਚ ਹਜ਼ਾਰਾਂ ਦੀ ਗਿਣਤੀ ’ਚ ਲੋਕਾਂ ਨੇ ਸ਼ਿਰਕਤ ਕੀਤੀ ਅਤੇ ਵੱਖ-ਵੱਖ ਥਾਵਾਂ ’ਤੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਮਾਨ ਦਾ ਸਵਾਗਤ ਕੀਤਾ। ਲੋਕਾਂ ਨੂੰ ਸੰਬੋਧਨ ਕਰਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸੰਗਰੂਰ ਮੁੱਖ ਮੰਤਰੀ ਭਗਵੰਤ ਮਾਨ ਦਾ ਆਪਣਾ (ਗ੍ਰਹਿ) ਹਲਕਾ ਹੈ। ਤੁਸੀਂ ਉਨ੍ਹਾਂ ਨੂੰ ਮੁੱਖ ਮੰਤਰੀ ਬਣਾਇਆ ਹੈ। ਇਸ ਵਾਰ ਵੀ ਸਾਨੂੰ ਤੁਹਾਡੇ ਤੋਂ ਬਹੁਤ ਉਮੀਦਾਂ ਹਨ। ਇਸ ਲਈ ਇੱਥੋਂ ਤੁਹਾਨੂੰ ਉਮੀਦਵਾਰ ਮੀਤ ਹੇਅਰ ਨੂੰ ਸਭ ਤੋਂ ਵੱਧ ਫ਼ਰਕ ਨਾਲ ਜਿਤਾਉਣਾ ਹੈ।
ਕੇਜਰੀਵਾਲ ਨੇ ਕਿਹਾ ਕਿ ਤੁਸੀਂ ਸਾਨੂੰ ਰਿਕਾਰਡ ਬਹੁਮਤ ਨਾਲ ਵਿਧਾਨ ਸਭਾ ਚੋਣਾਂ ਜਿਤਾਇਆ। ਤੁਸੀਂ 117 ਵਿੱਚੋਂ 92 ਵਿਧਾਇਕ ਆਮ ਆਦਮੀ ਪਾਰਟੀ ਨੂੰ ਦਿੱਤੇ ਹਨ। ਹੁਣ ਸਾਨੂੰ ਲੋਕ ਸਭਾ ਵਿੱਚ ਵੀ ਮਜ਼ਬੂਤ ਕਰੋ, ਤਾਂ ਜੋ ਅਸੀਂ ਕੇਂਦਰ ਸਰਕਾਰ ਤੋਂ ਪੰਜਾਬ ਦੇ ਕੰਮ ਆਸਾਨੀ ਨਾਲ ਕਰਵਾਉਣ ਦਾ ਨਾਲ-ਨਾਲ ਪੰਜਾਬ ਦੇ ਸਾਰੇ ਬਕਾਇਆ ਫ਼ੰਡ ਜਾਰੀ ਕਰਵਾ ਸਕੀਏ।
ਉਨ੍ਹਾਂ ਕਿਹਾ ਕਿ ਇਸ ਸਮੇਂ ਭਗਵੰਤ ਮਾਨ ਨੂੰ ਕੇਂਦਰ ਸਰਕਾਰ ਅਤੇ ਰਾਜਪਾਲ ਨਾਲ ਇਕੱਲਿਆਂ ਹੀ ਲੜਨਾ ਪੈ ਰਿਹਾ ਹੈ। ਕੇਂਦਰ ਸਰਕਾਰ ਆਪਣੇ ਰਾਜਪਾਲ ਰਾਹੀਂ ਪੰਜਾਬ ਸਰਕਾਰ ਨੂੰ ਲਗਾਤਾਰ ਤੰਗ-ਪਰੇਸ਼ਾਨ ਕਰ ਰਹੀ ਹੈ। ਜੇਕਰ ਸਾਡੇ ਕੋਲ ਪੰਜਾਬ ਦੇ 13 ਸੰਸਦ ਮੈਂਬਰ ਹੋਣਗੇ ਤਾਂ ਇਹ ਸਾਰੇ ਸੰਸਦ ਵਿੱਚ ਭਗਵੰਤ ਮਾਨ ਦੇ ਹੱਥ ਅਤੇ ਆਵਾਜ਼ ਬਣਨਗੇ ਅਤੇ ਉਨ੍ਹਾਂ ਨਾਲ ਮਿਲ ਕੇ ਕੇਂਦਰ ਸਰਕਾਰ ਅਤੇ ਰਾਜਪਾਲ ਨਾਲ ਪੰਜਾਬ ਦੇ ਹੱਕਾਂ ਲਈ ਲੜਨਗੇ। ਇਸ ਲਈ ਇਸ ਵਾਰ ਆਮ ਆਦਮੀ ਪਾਰਟੀ ਦੇ 13 ਸੰਸਦ ਮੈਂਬਰ ਬਣਾ ਕੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੱਥ ਮਜ਼ਬੂਤ ਕਰੋ।
ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਰੋਡ ਸ਼ੋਅ ਵਿੱਚ ਆਏ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਵਿਰੋਧੀ ਪਾਰਟੀਆਂ ਨੂੰ ਪੈਸੇ ਦੇ ਕੇ ਵੀ ਲੋਕ ਨਹੀਂ ਮਿਲ ਰਹੇ। ਲੋਕ 50 ਡਿਗਰੀ ਤਾਪਮਾਨ ਵਿੱਚ ਵੀ ਸਾਡੇ ਰੋਡ ਸ਼ੋਅ ਦਾ ਸਮਰਥਨ ਕਰਨ ਲਈ ਆ ਰਹੇ ਹਨ। ਉਨ੍ਹਾਂ ਲੋਕਾਂ ਨੂੰ ਕਿਹਾ ਕਿ ਤੁਹਾਡਾ ਪਿਆਰ ਅਤੇ ਵਿਸ਼ਵਾਸ ਮੈਨੂੰ ਕਦੇ ਥੱਕਣ ਨਹੀਂ ਦਿੰਦਾ।
ਮੁੱਖ ਮੰਤਰੀ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਚੋਣਾਂ ਦੇ 6ਵੇਂ ਗੇੜਾਂ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਇਸ ਵਾਰ ਕੇਂਦਰ ਵਿੱਚ ਮੋਦੀ ਸਰਕਾਰ ਨਹੀਂ ਆਉਣ ਵਾਲੀ। ਇੰਡੀਆ ਗੱਠਜੋੜ ਭਾਰੀ ਬਹੁਮਤ ਨਾਲ ਸਰਕਾਰ ਬਣਾਉਣ ਜਾ ਰਿਹਾ ਹੈ। ਇਸ ਸਰਕਾਰ ਵਿਚ ਪੰਜਾਬ ਤੇ ਆਮ ਆਦਮੀ ਪਾਰਟੀ ਦਾ ਸਭ ਤੋਂ ਵੱਧ ਯੋਗਦਾਨ ਹੋਵੇਗਾ।
ਮਾਨ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ 2014 ਦੀਆਂ ਲੋਕ ਸਭਾ ਚੋਣਾਂ ਵਿੱਚ ਤੁਸੀਂ ਮੈਨੂੰ 2 ਲੱਖ 14 ਹਜ਼ਾਰ ਦੇ ਕਰੀਬ ਵੋਟਾਂ ਨਾਲ ਜਿਤਾਇਆ ਸੀ। ਮੈਨੂੰ ਬਹੁਤ ਖ਼ੁਸ਼ੀ ਹੋਵੇਗੀ ਜਦੋਂ ਤੁਸੀਂ ਉਸ ਰਿਕਾਰਡ ਨੂੰ ਸੁਧਾਰ ਕੇ ਮੀਤ ਹੇਅਰ ਨੂੰ 2.5 ਲੱਖ ਵੋਟਾਂ ਨਾਲ ਜਿਤਾਉਗੇ। ਫਿਰ ਅਸੀਂ ਹੋਰ ਮਿਹਨਤ ਅਤੇ ਲਗਨ ਨਾਲ ਕੰਮ ਕਰ ਸਕਾਂਗੇ।
ਉਨ੍ਹਾਂ ਕਿਹਾ ਕਿ 1 ਜੂਨ ਨੂੰ ਸਾਨੂੰ ਜਿਤਾਉਣਾ ਤੁਹਾਡੀ ਜ਼ਿੰਮੇਵਾਰੀ ਹੈ, ਉਸ ਤੋਂ ਬਾਅਦ ਸਾਰੀ ਜ਼ਿੰਮੇਵਾਰੀ ਸਾਡੀ ਹੋਵੇਗੀ। ਅਗਲੇ ਤਿੰਨ ਸਾਲਾਂ ਵਿੱਚ ਅਸੀਂ ਮਿਲ ਕੇ ਪੰਜਾਬ ਨੂੰ ਮੁੜ ਸੋਨੇ ਦੀ ਚਿੜੀ ਬਣਾਵਾਂਗੇ।
ਇਸ ਮੌਕੇ ਲੋਕਾਂ ਨੂੰ ਸੰਬੋਧਨ ਕਰਦਿਆਂ ਸੰਗਰੂਰ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਨੇ ਕਿਹਾ ਕਿ ਸੰਗਰੂਰ ਦੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਖੜ੍ਹੇ ਹਨ। ਮੈਂ ਜਿੱਥੇ ਵੀ ਚੋਣ ਪ੍ਰਚਾਰ ਲਈ ਜਾਂਦਾ ਹਾਂ, ਲੋਕ ਵੱਡੀ ਗਿਣਤੀ ਵਿੱਚ ਸਾਡੇ ਸਮਰਥਨ ਲਈ ਆਉਂਦੇ ਹਨ। ਉਨ੍ਹਾਂ ਲੋਕਾਂ ਨਾਲ ਵਾਅਦਾ ਕੀਤਾ ਕਿ ਜਿੱਤਣ ਤੋਂ ਬਾਅਦ ਸੰਗਰੂਰ ਦੀ ਤਰੱਕੀ ਲਈ ਦਿਨ ਰਾਤ ਮਿਹਨਤ ਕਰਾਂਗਾ। ਜਿਸ ਤਰ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਦੋ ਸਾਲਾਂ ਵਿੱਚ ਪੰਜਾਬ ਲਈ ਰਿਕਾਰਡ ਕੰਮ ਕੀਤੇ ਹਨ, ਉਸੇ ਤਰ੍ਹਾਂ ਮੈਂ ਪੰਜ ਸਾਲਾਂ ’ਚ ਸੰਗਰੂਰ ਵਿੱਚ ਐਨੇ ਕੰਮ ਕਰਾਂਗਾ ਜਿੰਨੇ ਪਿਛਲੇ 75 ਸਾਲਾਂ ਵਿੱਚ ਨਹੀਂ ਹੋਏ।

Related posts

ਪੰਜਾਬ ਦੀ ਮੁੜ ਖੁਸ਼ਹਾਲੀ ਲਈ ਭੈੜੀ ਸਿਆਸਤ ਦੀ ਥਾਂ ਸਾਂਝੇ ਯਤਨ ਕਰਨ ਦਾ ਵੇਲਾ !

ਉੱਘੇ ਲਿਖਾਰੀ ਡਾ. ਵਿਜੈ ਗਰਗ ਸਮੇਤ 10 ਪ੍ਰਮੁੱਖ ਸ਼ਖਸੀਅਤਾਂ ਦਾ ‘ਸੁਰਜੀਤ ਪਾਤਰ ਪੁਰਸਕਾਰ’ ਨਾਲ ਸਨਮਾਨ

ਮਿਡਲ-ਈਸਟ ਵਿੱਚ ਫਸੇ ਭਾਰਤੀਆਂ ਨੂੰ ਕੱਢਣ ਵਾਸਤੇ ਫੌਰੀ ਕਦਮ ਚੁੱਕੇ ਜਾਣ – ਸੁਖਬੀਰ ਸਿੰਘ ਬਾਦਲ