ਸੰਪੂਰਨ ਜਿੱਤ ਤੱਕ ਦਿੱਲੀ ਮੋਰਚਿਆਂ ‘ਤੇ ਡਟੇ ਰਹਿਣਗੇ ਕਿਸਾਨ

26 ਨੂੰ ਅੰਦੋਲਨ ਦੀ ਵਰ੍ਹੇਗੰਢ ‘ਤੇ ਮੁੜ ਕਿਸਾਨਾਂ ਦਿੱਲੀ ਨੂੰ ਜਾਣ ਲਈ ਤਿਆਰੀਆਂ
ਜਲੰਧਰ : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੇ ਪ੍ਰਧਾਨ ਮੰਤਰੀ ਦੇ ਐਲਾਨ ਲੈ ਕੇ ਜਿੱਥੇ ਲੋਕਾਂ ਨੇ ਖੁਸ਼ੀ ਦਾ ਇਜ਼ਹਾਰ ਕੀਤਾ ਹੈ, ਉਥੇ ਰੱਦ ਕਾਨੂੰਨਾਂ ਨੂੰ ਅਧੂਰੀ ਜਿੱਤ ਕਰਾਰ ਦਿੱਤਾ ਹੈ ਅਤੇ ਸੰਪੂਰਨ ਜਿੱਤ ਲਈ ਕਾਫ਼ਲਿਆਂ ਦੀ ਸ਼ਕਲ ‘ਚ ਵਹੀਰਾਂ ਘੱਤ ਕੇ ਦਿੱਲੀ ਮੋਰਚਿਆਂ ‘ਚ ਪਹੁੰਚਣ ਦੀ ਅਪੀਲ ਕੀਤੀ ਹੈ। ਭਾਵੇਂ ਕਿ ਹੁਣ ਤੱਕ ਦੀ ਸਫ਼ਲਤਾ ਲਈ ਕਿਸਾਨ ਜਥੇਬੰਦੀਆਂ ਦਾ ਮਜ਼ਦੂਰਾਂ, ਲੰਗਰ ਕਮੇਟੀਆਂ, ਧਾਰਮਿਕ ਜਥੇਬੰਦੀਆਂ, ਲੋਕ ਪੱਖੀ ਮੀਡੀਆ, ਸੋਸ਼ਲ ਮੀਡੀਆ, ਕਲਾਕਾਰਾਂ ਤੇ ਖਾਸ ਕਰਕੇ ਨੌਜਵਾਨਾਂ ਦਾ ਧੰਨਵਾਦ ਕੀਤਾ ਜਾ ਰਿਹਾ ਅਤੇ ਕਿਹਾ ਜਾ ਰਿਹਾ ਹੈ ਕਿ ਹੁਣ ਤੱਕ ਦੀ ਜਿੱਤ ਲਈ ਇਨ੍ਹਾਂ ਵਰਗਾਂ ਦਾ ਅਣਮੁੱਲਾ ਯੋਗਦਾਨ ਹੈ। ਜਿਕਰਯੋਗ ਹੈ ਕਿ ਇਸ ਲੰਮੇ ਅੰਦੋਲਨ ਦੌਰਾਨ 700 ਵਿਅਕਤੀਆਂ ਦੀਆਂ ਸ਼ਹਾਦਤਾਂ ਹੋਈਆਂ ਹਨ। ਅਜੇ ਵੀ ਸਰਕਾਰ ਦੀ ਭੂਮਿਕਾ ਅਤੇ ਸ਼ੱਕ ਜ਼ਾਹਰ ਕੀਤਾ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਦਿੱਲੀ ਦੀਆਂ ਹੱਦਾਂ ‘ਤੇ ਲੱਗਾ ਮੋਰਚਾ ਮਿੱਥੇ ਨਿਸ਼ਾਨੇ ਤੱਕ ਅੱਪੜਨ ਤੱਕ ਜਾਰੀ ਰੱਖਿਆ ਜਾਵੇਗਾ।
ਖੇਤੀ ਕਾਨੂੰਨ ਵਾਪਸ ਲਏ ਜਾਣ ਦੇ ਐਲਾਨ ਮਗਰੋਂ ਸੰਯੁਕਤ ਕਿਸਾਨ ਮੋਰਚੇ ਨੇ ਸੰਘਰਸ਼ ਦੀ ਅਗਲੀ ਰਣਨੀਤੀ ਬਣਾਉਣ ਲਈ ਸਿੰਘੂ ਬਾਰਡਰ ‘ਤੇ ਬੈਠਕ ਕੀਤੀ ਗਈ। ਜਿਥੇ ਐਲਾਨ ਕੀਤਾ ਗਿਆ ਕਿ ਮੋਰਚੇ ਵੱਲੋਂ ਉਲੀਕੇ ਗਏ ਪ੍ਰੋਗਰਾਮ ਪਹਿਲਾਂ ਵਾਂਗ ਜਾਰੀ ਰਹਿਣਗੇ। ਉਂਜ ਮੋਰਚੇ ਨੇ 27 ਨਵੰਬਰ ਨੂੰ ਇਕ ਹੋਰ ਮੀਟਿੰਗ ਸੱਦੀ ਹੈ।
ਦਿੱਲੀ ਲਈ ਰਵਾਨਾ ਹੋ ਰਹੇ ਕਿਸਾਨ ਜਥੇ :
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਦਿੱਲੀ ਕਿਸਾਨ ਅੰਦੋਲਨ ਦੀ ਪਹਿਲੀ ਵਰ੍ਹੇਗੰਢ ‘ਤੇ ਵੱਡਾ ਇਕੱਠ ਕਰਨ ਲਈ ਪੰਜਾਬ ਭਰ ਤੋਂ ਕਿਸਾਨ-ਮਜ਼ਦੂਰ ਅਤੇ ਹੋਰਨਾਂ ਵਰਗਾਂ ਦੇ ਲੋਕਾਂ ਨੇ ਦਿੱਲੀ ਵੱਲ ਵਹੀਰਾਂ ਘੱਤ ਲਈਆਂ ਹਨ। ਸੂਬੇ ਭਰ ਵਿੱਚੋਂ ਦਰਜਨਾਂ ਜਥੇ ਦਿੱਲੀ ਲਈ ਰਵਾਨਾ ਹੋਏ, ਜਦਕਿ 23, 24 ਅਤੇ 25 ਨਵੰਬਰ ਨੂੰ ਸੂਬੇ ਦੇ ਹਰੇਕ ਸ਼ਹਿਰ ਅਤੇ ਪਿੰਡ ਤੋਂ ਕਿਸਾਨਾਂ ਦੇ ਹੋਰ ਜਥੇ ਵੀ ਦਿੱਲੀ ਲਈ ਰਵਾਨਾ ਹੋਣਗੇ।
ਸੂਬੇ ਵਿੱਚ ਪੱਕੇ ਧਰਨਿਆਂ ‘ਤੇ ਬੈਠੇ ਕਿਸਾਨਾਂ-ਮਜਦੂਰਾਂ ਨੇ ਕਿਹਾ ਕਿ ਅੰਦੋਲਨ ਦੀ ਵਰ੍ਹੇਗੰਢ ਦਾ ਦਿਨ ਇਤਿਹਾਸਕ ਹੋਵੇਗਾ ਅਤੇ ਇਸ ਨੂੰ ਨਿਵੇਕਲੇ ਢੰਗ ਨਾਲ ਮਨਾਇਆ ਜਾਵੇਗਾ। ਪੰਜਾਬ ਦੀਆਂ 32 ਕਿਸਾਨ ਜਥੇਬੰਦੀਆਂ ਦੀ ਅਗਵਾਈ ਹੇਠ ਟੌਲ ਪਲਾਜ਼ਿਆਂ, ਅੰਬਾਨੀ ਤੇ ਅਡਾਨੀ ਦੇ ਕਾਰੋਬਾਰੀ ਟਿਕਾਣਿਆਂ ਅੱਗੇ, ਰੇਲਵੇ ਸਟੇਸ਼ਨਾਂ ਦੇ ਪਾਰਕਾਂ ਵਿੱਚ, ਭਾਜਪਾ ਆਗੂਆਂ ਦੇ ਘਰਾਂ ਸਾਹਮਣੇ ਅਤੇ ਨਿੱਜੀ ਖੇਤਰ ਦੇ ਥਰਮਲ ਪਲਾਂਟ ਸਣੇ ਕਰੀਬ ਸਵਾ ਸੌਂ ਥਾਵਾਂ ‘ਤੇ ਧਰਨੇ ਅੱਜ ਵੀ ਜਾਰੀ ਰਹੇ। ਇਨ੍ਹਾਂ ਧਰਨਿਆਂ ਵਿੱਚ ਵੱਡੀ ਗਿਣਤੀ ‘ਚ ਨੌਜਵਾਨਾਂ, ਬਜ਼ੁਰਗਾਂ ਅਤੇ ਕਿਸਾਨ ਬੀਬੀਆਂ ਨੇ ਸ਼ਮੂਲੀਅਤ ਕੀਤੀ। ਧਰਨਿਆਂ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣਾ ਤਾਂ ਮਹਿਜ਼ ਸ਼ੁਰੂਆਤ ਹੈ, ਹਾਲੇ ਤਾਂ ਐੱਮਐੱਸਪੀ ਸਮੇਤ ਹੋਰਨਾਂ ਮੰਗਾਂ ਦੀ ਪੂਰਤੀ ਬਾਕੀ ਹੈ।

Related posts

ਦਿਲਜੀਤ ਦੋਸਾਂਝ ਦੀ ਨਵੀਂ ਫਿਲਮ ਵਿਸਾਖੀ ‘ਤੇ ਰਿਲੀਜ਼ ਹੋਣ ਜਾ ਰਹੀ ਹੈ !

ਸ੍ਰੀ ਗੁਰੂ ਗ੍ਰੰਥ ਸਾਹਿਬ ਦੇ 328 ਪਾਵਨ ਸਰੂਪਾਂ ਦੇ ਮਾਮਲੇ ਸਬੰਧੀ ਦੂਸ਼ਣਬਾਜ਼ੀ ਅਤੇ ਮੀਡੀਆ ਫੈਸਲੇ ਨਾ ਦੇਣ ਦੇ ਆਦੇਸ਼ !

ਸਰਕਾਰ ਤਾਂ ਚਾਹੁੰਦੀ ਸੀ ਕਿ ਮੈਂ ਬਾਹਰ ਨਾ ਆਵਾਂ – ਬਿਕਰਮ ਮਜੀਠੀਆ