ਭਾਈ ਰਾਜੋਆਣਾ ਦੀ ਪਟੀਸ਼ਨ ਮਾਮਲੇ ’ਤੇ ਸਿੰਘ ਸਾਹਿਬ ਨੂੰ ਆਦੇਸ਼ ਦੇਣ ਦੀ ਅਪੀਲ

ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਮੀਟਿੰਗ ਦੇ ਦੌਰਾਨ।

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਅੱਜ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਵਿਖੇ ਹੋਈ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ’ਚ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਾਮਲੇ, ਭਾਖੜਾ ਬਿਆਸ ਮੈਨੇਜਮੈਂਟ ਬੋਰਡ ਵਿਚ ਪੰਜਾਬ ਦੀ ਨੁਮਾਇੰਦਗੀ ਘਟਾਏ ਜਾਣ ਅਤੇ ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਮਨਾਉਣ ਸਬੰਧੀ ਵਿਚਾਰਾਂ ਦੇ ਨਾਲ-ਨਾਲ ਸ਼੍ਰੋਮਣੀ ਕਮੇਟੀ ਅਤੇ ਗੁਰਦੁਆਰਾ ਸਾਹਿਬਾਨ ਨਾਲ ਸਬੰਧਤ ਮਾਮਲੇ ਵਿਚਾਰੇ ਗਏ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੰਤ੍ਰਿੰਗ ਕਮੇਟੀ ਦੇ ਫ਼ੈਸਲਿਆਂ ਬਾਰੇ ਦੱਸਿਆ ਹੈ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਤਬਦੀਲ ਕਰਨ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ 14 ਸਾਲ ਪਹਿਲਾਂ ਪਟੀਸ਼ਨ ਪਾਈ ਗਈ ਸੀ, ਪਰੰਤੂ ਕੇਂਦਰ ਸਰਕਾਰ ਨੇ ਇਸ ਸਬੰਧੀ ਹਮੇਸ਼ਾ ਅੜੀਅਲ ਰਵੱਈਆ ਹੀ ਅਪਣਾਈ ਰੱਖਿਆ। ਸਰਕਾਰ ਦੀ ਅਜਿਹੀ ਪਹੁੰਚ ਜਿਥੇ ਸਿੱਖ ਭਾਵਨਾਵਾਂ ਦਾ ਨਿਰਾਦਰ ਹੈ ਉਥੇ ਹੀ ਘਟਗਿਣਤੀਆਂ ਪ੍ਰਤੀ ਉਸ ਦੀ ਸੋਚ ਨੂੰ ਪ੍ਰਗਟਾਉਂਦੀ ਹੈ। ਉਨ੍ਹਾਂ ਕਿਹਾ ਕਿ ਹੁਣ ਭਾਈ ਬਲਵੰਤ ਸਿੰਘ ਰਾਜੋਆਣਾ ਸ਼੍ਰੋਮਣੀ ਕਮੇਟੀ ਨੂੰ ਵਾਰ-ਵਾਰ ਆਪਣੀ ਅਪੀਲ ਵਾਪਸ ਲੈਣ ਲਈ ਕਹਿ ਰਹੇ ਹਨ, ਲੇਕਿਨ ਸ਼੍ਰੋਮਣੀ ਕਮੇਟੀ ਨੇ ਇਹ ਅਪੀਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ਾਂ ਅਨੁਸਾਰ ਕੀਤੀ ਸੀ। ਇਸ ਲਈ ਅੱਜ ਦੀ ਅੰਤ੍ਰਿੰਗ ਕਮੇਟੀ ਨੇ ਵਿਚਾਰ ਮਗਰੋਂ ਭਾਈ ਬਲਵੰਤ ਸਿੰਘ ਰਾਜੋਆਣਾ ਦੀ ਅਪੀਲ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਯੋਗ ਆਦੇਸ਼ ਲਈ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜੋ ਵੀ ਆਦੇਸ਼ ਆਵੇਗਾ ਸ਼੍ਰੋਮਣੀ ਕਮੇਟੀ ਉਸ ’ਤੇ ਪਹਿਰਾ ਦੇਵੇਗੀ।

ਐਡਵੋਕੇਟ ਧਾਮੀ ਨੇ ਦੱਸਿਆ ਕਿ ਅੰਤ੍ਰਿੰਗ ਕਮੇਟੀ ਨੇ ਕੇਂਦਰ ਸਰਕਾਰ ਵੱਲੋਂ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਪ੍ਰਬੰਧਾਂ ਨੂੰ ਲੈ ਕੇ ਪੰਜਾਬ ਨਾਲ ਲਗਾਤਾਰ ਕੀਤੇ ਜਾ ਰਹੇ ਵਿਤਕਰੇ ਸਬੰਧੀ ਵੀ ਚਿੰਤਾ ਪ੍ਰਗਟਾਈ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਇਹ ਪੰਜਾਬ ਦੇ ਹੱਕਾਂ ਹਿੱਤਾਂ ਨਾਲ ਇਕ ਹੋਰ ਵੱਡਾ ਧੱਕਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਦਰਿਆਈ ਪਾਣੀ ਜਿੰਨਾ ’ਤੇ ਪਹਿਲਾ ਹੱਕ ਪੰਜਾਬ ਦੇ ਲੋਕਾਂ ਦਾ ਹੈ ਨੂੰ ਹਥਿਆਉਣ ਲਈ ਕੇਂਦਰ ਗ਼ਲਤ ਤਰੀਕੇ ਅਪਣਾਅ ਰਿਹਾ ਹੈ। ਅੰਤ੍ਰਿੰਗ ਕਮੇਟੀ ਨੇ ਕੇਂਦਰ ਸਰਕਾਰ ਨੂੰ ਆਖਿਆ ਹੈ ਕਿ ਅਜਿਹਾ ਕੋਈ ਵੀ ਨਿਯਮ ਲਾਗੂ ਕਰਨ ਦੀ ਕੋਸ਼ਿਸ਼ ਨਾ ਕੀਤੀ ਜਾਵੇ, ਜੋ ਪੰਜਾਬੀਆਂ ਦੇ ਹੱਕਾਂ ਵਿਰੁੱਧ ਹੋਵੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਹ ਵੀ ਦੱਸਿਆ ਕਿ ਗੁਰੂ ਰਵਿਦਾਸ ਜੀ ਦੀ 650 ਸਾਲਾ ਜਨਮ ਸ਼ਤਾਬਦੀ ਮਨਾਏ ਜਾਣ ਸਬੰਧੀ ਪ੍ਰੋਗਰਾਮ ਉਲੀਕਣ ਵਾਸਤੇ ਸਬ-ਕਮੇਟੀ ਗਠਨ ਕੀਤੇ ਜਾਣ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਇਹ ਸਬ-ਕਮੇਟੀ ਵੱਖ-ਵੱਖ ਜਥੇਬੰਦੀਆਂ ਅਤੇ ਗੁਰੂ ਰਵਿਦਾਸ ਜੀ ਨਾਲ ਸਬੰਧਤ ਭਾਈਚਾਰੇ ਦੇ ਨੁਮਾਇੰਦਿਆਂ ਨਾਲ ਮਿਲ ਕੇ ਸ਼ਤਾਬਦੀ ਸਬੰਧੀ ਕੀਤੇ ਜਾਣ ਵਾਲੇ ਸਮਾਗਮਾਂ ਦੀ ਰੂਪ-ਰੇਖਾ ਤਿਆਰ ਕਰੇਗੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਸ੍ਰੀ ਕੀਰਤਪੁਰ ਸਾਹਿਬ ਦੇ 400 ਸਾਲਾ ਸਥਾਪਨਾ ਦਿਵਸ ਦੀ 29 ਅਪ੍ਰੈਲ ਤੋਂ 1 ਮਈ 2026 ਤੱਕ ਮਨਾਈ ਜਾ ਰਹੀ ਸ਼ਤਾਬਦੀ ਦੇ ਪ੍ਰੋਗਰਾਮਾਂ ਸਬੰਧੀ ਵਿਚ ਵਿਚਾਰਾਂ ਹੋਈਆਂ।

ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਨੇ ਸ੍ਰੀ ਅਨੰਦਪੁਰ ਸਾਹਿਬ ਖਾਲਸਾ ਸਾਜਣਾ ਦਿਵਸ ਵਿਸਾਖੀ ਦੇ ਸਮਾਗਮਾਂ ਤੋਂ ਵਾਪਸ ਆ ਰਹੇ ਸ਼ਰਧਾਲੂਆਂ ਦੇ ਸ੍ਰੀ ਫ਼ਤਹਿਗੜ੍ਹ ਸਾਹਿਬ ਨਜ਼ਦੀਕ ਹੋਏ ਸੜਕ ਹਾਦਸੇ ਵਿਚ ਅਕਾਲ ਚਲਾਣਾ ਕਰਨ ਵਾਲਿਆਂ ਦੇ ਪਰਿਵਾਰਕ ਮੈਂਬਰਾਂ ਨੂੰ 1-1 ਲੱਖ ਰੁਪਏ ਸਹਾਇਤਾ ਦੇਣ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕਰਤਾਰ ਨਗਰ ਲੁਧਿਆਣਾ ਵਿਖੇ ਨਿਸ਼ਾਨ ਸਾਹਿਬ ਦਾ ਚੋਲਾ ਬਦਲਣ ਮੌਕੇ ਹੋਏ ਹਾਦਸੇ ’ਚ ਜਾਨ ਗਵਾਉਣ ਵਾਲੇ ਮਨਿੰਦਰ ਸਿੰਘ ਦੇ ਪਰਿਵਾਰ ਨੂੰ ਵੀ 1 ਲੱਖ ਰੁਪਏ ਦੇਣ ਦੀ ਪ੍ਰਵਾਨਗੀ ਦਿੱਤੀ ਹੈ।

ਇਕੱਤਰਤਾ ’ਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਜੂਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਕਲਿਆਣ, ਜਨਰਲ ਸਕੱਤਰ ਸ਼ੇਰ ਸਿੰਘ ਮੰਡਵਾਲਾ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਸੁਰਜੀਤ ਸਿੰਘ ਗੜ੍ਹੀ, ਸੁਰਜੀਤ ਸਿੰਘ ਕੰਗ ਆਦਿ ਮੌਜੂਦ ਸਨ।

Related posts

‘ਜੀਨੋਮ ਐਡੀਟਿੰਗ ਤਕਨਾਲੋਜੀ’ ਵਿਸ਼ੇ ’ਤੇ ਦੋ ਰੋਜ਼ਾ ਵਰਕਸ਼ਾਪ ਕਰਵਾਈ ਗਈ

10ਵੀਂ ਦੀ ਸੀ. ਬੀ. ਐਸ. ਈ. ਪ੍ਰੀਖਿਆ ’ਚ ਸ਼ਾਨਦਾਰ ਅੰਕ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਦਿੱਤਾ ਥਾਪੜਾ

ਸ਼੍ਰੋਮਣੀ ਕਮੇਟੀ ਦੇ ਵਿਦਿਆ ਵਿਭਾਗ ਦੇ ਸਮਾਗਮ ‘ਚ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਵਲੋਂ ਸਿ਼ਰਕਤ