ਅੰਦੋਲਨ ਦੇ ਨਾਮ ‘ਤੇ ਆਮ ਲੋਕਾਂ ਦੀ ਖੱਜਲ-ਖੁਆਰੀ ਤੋਂ ਗੁਰੇਜ਼ ਕਰਨਾ ਚਾਹੀਦਾ: ਮੁੱਖ-ਮੰਤਰੀ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (ਫੋਟੋ: ਏ ਐਨ ਆਈ)

ਚੰਡੀਗੜ੍ਹ – ਪੰਜਾਬ ਦੇ ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਉਨ੍ਹਾਂ ਦੇ ਦਰਵਾਜ਼ੇ ਕਿਸਾਨਾਂ ਨਾਲ ਗੱਲਬਾਤ ਲਈ ਹਮੇਸ਼ਾ ਖੁੱਲ੍ਹੇ ਹਨ ਪਰ ਅੰਦੋਲਨ ਦੇ ਨਾਮ ‘ਤੇ ਆਮ ਲੋਕਾਂ ਦੀ ਹੋਣ ਵਾਲੀ ਖੱਜਲ-ਖੁਆਰੀ ਤੋਂ ਗੁਰੇਜ਼ ਕਰਨਾ ਚਾਹੀਦਾ ਹੈ। ਮੁੱਖ-ਮੰਤਰੀ ਨੇ ਕਿਹਾ ਕਿ ਸਰਕਾਰ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਮੁੱਦਿਆਂ ਨੂੰ ਗੱਲਬਾਤ ਰਾਹੀਂ ਹੱਲ ਕਰਨ ਲਈ ਹਮੇਸ਼ਾ ਤਿਆਰ ਹੈ, ਇਸ ਲਈ ਰੇਲਾਂ ਜਾਂ ਸੜਕਾਂ ਰੋਕਣ ਨਾਲ ਆਮ ਲੋਕਾਂ ਨੂੰ ਹੁੰਦੀ ਪ੍ਰੇਸ਼ਾਨੀ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅਜਿਹੀ ਕਾਰਵਾਈ ਆਮ ਲੋਕਾਂ ਲਈ ਮੁਸੀਬਤਾਂ ਖੜ੍ਹੀਆਂ ਕਰਦੀ ਹੈ ਅਤੇ ਪ੍ਰੇਸ਼ਾਨ ਹੋਏ ਲੋਕ ਅੰਦੋਲਨਕਾਰੀਆਂ ਦੇ ਵਿਰੁੱਧ ਹੋ ਜਾਂਦੇ ਹਨ ਜਿਸ ਨਾਲ ਸਮਾਜ ਵਿੱਚ ਫੁੱਟ ਪੈਦਾ ਹੁੰਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬਦਕਿਸਮਤੀ ਨਾਲ ਆਮ ਲੋਕਾਂ ਨੂੰ ਅਜਿਹੇ ਵਿਰੋਧ ਪ੍ਰਦਰਸ਼ਨਾਂ ਕਾਰਨ ਬਹੁਤ ਨੁਕਸਾਨ ਝੱਲਣਾ ਪੈਂਦਾ ਹੈ ਜੋ ਕਿ ਪੂਰੀ ਤਰ੍ਹਾਂ ਗੈਰ-ਵਾਜਬ ਅਤੇ ਅਣਉਚਿਤ ਹੈ।

ਮੁੱਖ-ਮੰਤਰੀ ਨੇ ਕਿਹਾ ਕਿ ਭਾਵੇਂ ਵਿਰੋਧ ਪ੍ਰਦਰਸ਼ਨ ਕਰਨਾ ਕਿਸਾਨਾਂ ਦਾ ਜਮਹੂਰੀ ਹੱਕ ਹੈ ਪਰ ਉਨ੍ਹਾਂ ਨੂੰ ਇਹ ਵੀ ਸੋਚਣਾ ਚਾਹੀਦਾ ਹੈ ਕਿ ਇਨ੍ਹਾਂ ਨਾਲ ਸੂਬੇ ਨੂੰ ਭਾਰੀ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਵਪਾਰੀ ਅਤੇ ਉਦਯੋਗਪਤੀ ਇਸ ਗੱਲ ‘ਤੇ ਦੁੱਖ ਪ੍ਰਗਟ ਕਰ ਰਹੇ ਹਨ ਕਿ ਵਾਰ-ਵਾਰ ਸੜਕਾਂ ਅਤੇ ਰੇਲਾਂ ਜਾਮ ਕਰਨ ਨਾਲ ਉਨ੍ਹਾਂ ਦੇ ਕਾਰੋਬਾਰ ਬਰਬਾਦ ਹੋ ਰਹੇ ਹਨ। ਮੁੱਖ-ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਮੇਸ਼ਾ ਕਿਸਾਨਾਂ ਦੇ ਨਾਲ ਖੜ੍ਹੀ ਹੈ ਪਰ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਕੇਂਦਰ ਸਰਕਾਰ ਨਾਲ ਸਬੰਧਤ ਹਨ। ਉਨ੍ਹਾਂ ਅੱਗੇ ਕਿਹਾ ਕਿ ਕਿਸਾਨ ਯੂਨੀਅਨਾਂ ਦੇ ਲਗਾਤਾਰ ਵਿਰੋਧ ਪ੍ਰਦਰਸ਼ਨਾਂ ਕਾਰਨ ਪੰਜਾਬ ਅਤੇ ਪੰਜਾਬੀਆਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਕ ਮਿਸਾਲ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੜਕਾਂ ਜਾਮ ਕਰਨ ਨਾਲ ਰੋਜ਼ਾਨਾ ਹਜ਼ਾਰਾਂ ਲੋਕਾਂ ਨੂੰ ਪ੍ਰੇਸ਼ਾਨੀ ਝੱਲਣੀ ਪੈਂਦੀ ਹੈ। ਮੁੱਖ-ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਿਰੋਧ ਪ੍ਰਦਰਸ਼ਨਾਂ ਰਾਹੀਂ ਆਮ ਲੋਕਾਂ ਲਈ ਮੁਸੀਬਤਾਂ ਖੜ੍ਹੀਆਂ ਕਰਨ ਤੋਂ ਗੁਰੇਜ਼ ਕਰਨ ਕਿਉਂਕਿ ਇਸ ਨਾਲ ਲੋਕਾਂ ਦੇ ਰੋਜ਼ਾਨਾ ਕੰਮਕਾਜ ਵਿੱਚ ਰੁਕਾਵਟ ਪੈਦਾ ਹੁੰਦੀ ਹੈ। ਉਨ੍ਹਾਂ ਕਿਹਾ ਕਿ ਰੇਲਾਂ ਅਤੇ ਸੜਕਾਂ ਜਾਮ ਕਰਨ ਨਾਲ ਕੇਂਦਰ ਸਰਕਾਰ ‘ਤੇ ਕੋਈ ਅਸਰ ਨਹੀਂ ਪੈਂਦਾ ਪਰ ਆਮ ਲੋਕਾਂ ਦੇ ਜੀਵਨ ‘ਤੇ ਬੁਰਾ ਪ੍ਰਭਾਵ ਪੈਂਦਾ ਹੈ।

ਮੁੱਖ-ਮੰਤਰੀ ਭਗਵੰਤ ਸਿੰਘ ਮਾਨ ਨੇ ਦੁੱਖ ਪ੍ਰਗਟ ਕੀਤਾ ਕਿ ਕੇਂਦਰ ਸਰਕਾਰ ਸੂਬੇ ਦੇ ਕਿਸਾਨਾਂ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਭਾਰਤ ਸਰਕਾਰ ਅੱਗੇ ਹਮੇਸ਼ਾ ਕਿਸਾਨਾਂ ਦੇ ਮੁੱਦੇ ਉਠਾਏ ਹਨ। ਹਾਲਾਂਕਿ, ਮੁੱਖ ਮੰਤਰੀ ਨੇ ਕਿਹਾ ਕਿ ਕੇਂਦਰ ਨੇ ਸੂਬੇ ਦੇ ਕਿਸਾਨਾਂ ਨੂੰ ਦਰਪੇਸ਼ ਕਿਸੇ ਵੀ ਮੁੱਦੇ ਵੱਲ ਧਿਆਨ ਨਹੀਂ ਦਿੱਤਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਜ਼ਮੀਨੀ ਹਕੀਕਤਾਂ ਤੋਂ ਅਣਜਾਣ ਅਰਥਸ਼ਾਸਤਰੀਆਂ ਵੱਲੋਂ ਕਿਸਾਨ ਵਿਰੋਧੀ ਨੀਤੀਆਂ ਘੜੀਆਂ ਜਾ ਰਹੀਆਂ ਹਨ ਜਿਸ ਕਾਰਨ ਕਿਸਾਨ ਦੁੱਖ ਝੱਲ ਰਹੇ ਹਨ।

Related posts

ਭਾਰਤ-ਪਾਕਿਸਤਾਨ ਬਾਰਡਰ ਖੁੱਲ੍ਹਣ ਨਾਲ ਪੰਜਾਬ ਵੀ ਸਿੰਗਾਪੁਰ ਬਣ ਸਕਦਾ – ਪ੍ਰਤਾਪ ਬਾਜਵਾ

ਯੂਨੀਅਨ ਬਜਟ 2026-27 ਦਾ ਕਿਸਾਨਾਂ ਤੇ ਉਦਯੋਗਪਤੀਆਂ ਨੂੰ ਮਿਲੇਗਾ ਖਾਸ ਲਾਭ – ਫਿੱਕੀ

ਬਿਕਰਮ ਮਜੀਠੀਆ ਦੀ ਰਿਹਾਈ ਸੱਚ ਦੀ ਜਿੱਤ : ਰਜਿੰਦਰ ਮੋਹਨ ਸਿੰਘ ਛੀਨਾ