ਈਡੀ ਵਲੋਂ ਸੋਨੀਆ ਤੋਂ ਨੈਸ਼ਨਲ ਹੈਰਾਲਡ ਮਾਮਲੇ ‘ਚ ਪੁੱਛਗਿੱਛ: ਕਈ ਨੇਤਾ ਗ੍ਰਿਫਤਾਰ

ਨਵੀਂ ਦਿੱਲੀ – ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਗਾਤਾਰ ਦੂਜੇ ਦਿਨ ਈਡੀ ਨੇ ਤਲਬ ਕੀਤਾ ਸੀ ਅਤੇ ਮੰਗਲਵਾਰ ਸ਼ਾਮ ਨੂੰ ਈਡੀ ਦੀ ਪੁੱਛਗਿੱਛ ਖ਼ਤਮ ਹੋਈ ਹੈ। ਉਸ ਤੋਂ ਦੋ ਗੇੜਾਂ ਵਿੱਚ ਪੁੱਛਗਿੱਛ ਕੀਤੀ ਗਈ। ਪਹਿਲੇ ਦੌਰ ‘ਚ ਸੋਨੀਆ ਤੋਂ ਦੁਪਹਿਰ 1.30 ਵਜੇ ਤੱਕ ਪੁੱਛਗਿੱਛ ਕੀਤੀ ਗਈ। ਦੁਪਹਿਰ ਦੇ ਖਾਣੇ ਤੋਂ ਬਾਅਦ ਸੋਨੀਆ ਗਾਂਧੀ ਫਿਰ ਕਰੀਬ ਸਾਢੇ ਤਿੰਨ ਵਜੇ ਜਾਂਚ ਏਜੰਸੀ ਦੇ ਦਫ਼ਤਰ ਪਹੁੰਚੀ, ਜਿੱਥੇ ਸ਼ਾਮ ਕਰੀਬ 7 ਵਜੇ ਤੱਕ ਉਨ੍ਹਾਂ ਕੋਲੋਂ ਪੁੱਛਗਿੱਛ ਕੀਤੀ ਗਈ।

ਈਡੀ ਵਲੋਂ ਸੋਨੀਆ ਤੋਂ ਨੈਸ਼ਨਲ ਹੈਰਾਲਡ ਮਾਮਲੇ ‘ਚ ਪੁੱਛਗਿੱਛ ਦੇ ਖਿਲਾਫ਼ ਰਾਹੁਲ ਗਾਂਧੀ ਪਾਰਟੀ ਦੇ ਸੰਸਦ ਮੈਂਬਰਾਂ ਨਾਲ ਵਿਜੇ ਚੌਕ ਨੇੜੇ ਧਰਨੇ ‘ਤੇ ਬੈਠ ਗਏ, ਜਿਸ ਤੋਂ ਬਾਅਦ ਦਿੱਲੀ ਪੁਲਸ ਨੇ ਉਨ੍ਹਾਂ ਨੂੰ ਹਿਰਾਸਤ ‘ਚ ਲੈ ਲਿਆ। ਧਰਨੇ ਵਿੱਚ ਯੂਥ ਕਾਂਗਰਸ ਦੇ ਕੌਮੀ ਪ੍ਰਧਾਨ ਸ੍ਰੀਨਿਵਾਸ ਬੀਵੀ ਵੀ ਸ਼ਾਮਲ ਹੋਏ। ਇਸ ਦੌਰਾਨ ਪੁਲੀਸ ਮੁਲਾਜ਼ਮਾਂ ਨੇ ਕਾਂਗਰਸ ਦੇ ਯੂਥ ਪ੍ਰਧਾਨ ਦੇ ਵਾਲ ਪੁੱਟ ਦਿੱਤੇ। ਕਾਫੀ ਮੁਸ਼ੱਕਤ ਤੋਂ ਬਾਅਦ ਪੁਲੀਸ ਨੇ ਕਾਂਗਰਸੀ ਆਗੂ ਨੂੰ ਫੜ ਕੇ ਜ਼ਬਰਦਸਤੀ ਕਾਰ ਵਿੱਚ ਬਿਠਾ ਲਿਆ।

ਕਾਂਗਰਸ ਨੇਤਾ ਮੱਲਿਕਾਰਜੁਨ ਖੜਗੇ, ਕੇਸੀ ਵੇਣੂਗੋਪਾਲ, ਸ਼ਕਤੀ ਸਿੰਘ ਗੋਹਿਲ ਸਮੇਤ 50 ਸੰਸਦ ਮੈਂਬਰਾਂ ਨੂੰ ਹਿਰਾਸਤ ‘ਚ ਲਿਆ ਗਿਆ ਹੈ। ਕਾਂਗਰਸ ਨੇ ਟਵੀਟ ਕਰਕੇ ਕਿਹਾ ਹੈ ਕਿ ਪੁਲਿਸ ਇਨ੍ਹਾਂ ਸੰਸਦ ਮੈਂਬਰਾਂ ਨੂੰ ਕਿਸੇ ਅਣਜਾਣ ਥਾਂ ‘ਤੇ ਲੈ ਜਾ ਰਹੀ ਹੈ। ਇਹ ਸਾਰੇ ਕਾਂਗਰਸੀ ਸੰਸਦ ਮੈਂਬਰ ਰੋਸ ਮਾਰਚ ਕਰਦੇ ਹੋਏ ਸੰਸਦ ਤੋਂ ਰਾਸ਼ਟਰਪਤੀ ਭਵਨ ਤੱਕ ਜਾ ਰਹੇ ਸਨ। ਦਿੱਲੀ ਪੁਲਸ ਨੇ ਰਾਹੁਲ ਗਾਂਧੀ ਨੂੰ ਵੀ ਹਿਰਾਸਤ ‘ਚ ਲਿਆ ਸੀ ਪਰ ਸੋਨੀਆ ਤੋਂ ਪੁੱਛਗਿੱਛ ਖਤਮ ਹੋਣ ਤੋਂ ਬਾਅਦ ਪੁਲਸ ਨੇ ਰਾਹੁਲ ਗਾਂਧੀ ਨੂੰ ਰਿਹਾਅ ਕਰ ਦਿੱਤਾ।

ਕਾਂਗਰਸ ਦੇ ਜਨਰਲ ਸਕੱਤਰ ਅਜੈ ਮਾਕਨ ਨੇ ਦੋਸ਼ ਲਾਇਆ ਕਿ ਦਿੱਲੀ ਪੁਲੀਸ ਸੀਨੀਅਰ ਕਾਂਗਰਸੀ ਆਗੂਆਂ ਨੂੰ ਰਾਜਘਾਟ ਤੱਕ ਵੀ ਨਹੀਂ ਜਾਣ ਦੇ ਰਹੀ। ਸਾਨੂੰ ਪ੍ਰਦਰਸ਼ਨ ਕਰਨ ਤੋਂ ਰੋਕਿਆ ਜਾ ਰਿਹਾ ਹੈ। ਉਧਰ, ਦਫ਼ਤਰ ਦੇ ਬਾਹਰ ਮਹਿਲਾ ਕਾਂਗਰਸ ਵਰਕਰਾਂ ਨੇ ਕਾਲੇ ਗੁਬਾਰੇ ਫੂਕ ਕੇ ਰੋਸ ਪ੍ਰਗਟ ਕੀਤਾ।

ਨੈਸ਼ਨਲ ਹੈਰਾਲਡ ਕੇਸ ਕੀ ਹੈ?

ਨੈਸ਼ਨਲ ਹੈਰਾਲਡ ਮਾਮਲਾ ਪਹਿਲੀ ਵਾਰ 2012 ‘ਚ ਭਾਜਪਾ ਨੇਤਾ ਸੁਬਰਾਮਨੀਅਮ ਸਵਾਮੀ ਨੇ ਉਠਾਇਆ ਸੀ। ਅਗਸਤ 2014 ਵਿੱਚ, ਈਡੀ ਨੇ ਮਾਮਲੇ ਦਾ ਖੁਦ ਨੋਟਿਸ ਲਿਆ ਅਤੇ ਮਨੀ ਲਾਂਡਰਿੰਗ ਦਾ ਕੇਸ ਦਰਜ ਕੀਤਾ। ਇਸ ਮਾਮਲੇ ਵਿੱਚ ਸੋਨੀਆ ਗਾਂਧੀ, ਰਾਹੁਲ ਗਾਂਧੀ ਅਤੇ ਕਾਂਗਰਸ ਦੇ ਮੋਤੀਲਾਲ ਵੋਰਾ, ਆਸਕਰ ਫਰਨਾਂਡੀਜ਼, ਸੈਮ ਪਿਤਰੋਦਾ ਅਤੇ ਸੁਮਨ ਦੂਬੇ ਨੂੰ ਮੁਲਜ਼ਮ ਬਣਾਇਆ ਗਿਆ ਸੀ।

Related posts

ਵਿਰਾਟ ਕੋਹਲੀ ਨੇ ਆਈਸੀਸੀ ਵਨਡੇ ਬੱਲੇਬਾਜ਼ੀ ਰੈਂਕਿੰਗ ਵਿੱਚ ਨੰਬਰ-1 ਸਥਾਨ ਹਾਸਲ ਕੀਤਾ

ਯੂਪੀ ਦੇ ਮੁੱਖ-ਮੰਤਰੀ ਨੂੰ ਸ਼ਾਂਤ, ਸਹਿਜ ਅਤੇ ਹਮਦਰਦ ਸ਼ਖਸੀਅਤ : ਬਾਦਸ਼ਾਹ

ਭਾਰਤ ਵਲੋਂ ‘ਬ੍ਰਿਕਸ 2026’ ਦੀ ਅਗਵਾਈ ਲਈ ਲੋਗੋ, ਥੀਮ ਤੇ ਵੈੱਬਸਾਈਟ ਦਾ ਉਦਘਾਟਨ