ਨਵੀਂ ਦਿੱਲੀ – ਕਰਤਾਰਪੁਰ ਲਾਂਘਾ 17 ਨਵੰਬਰ ਨੂੰ ਲਾਂਘਾ ਖੁੱਲ੍ਹ ਜਾਵੇਗਾ। ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਟਵੀਟ ਕਰਕੇ ਇਸ ਦੀ ਅਧਿਕਾਰਿਤ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਮੋਦੀ ਸਰਕਾਰ ਦੀ ਗੁਰੂ ਨਾਨਕ ਸਾਹਿਬ ’ਚ ਅਥਾਹ ਸ਼ਰਧਾ ਹੈ। ਨਾਨਕ ਨਾਮ ਲੇਵਾ ਸੰਗਤਾਂ ਦੀ ਸ਼ਰਧਾ ਨੂੰ ਮੁੱਖ ਰਖਦੇ ਹੋਏ ਕੇਂਦਰ ਸਰਕਾਰ ਨੇ ਇਹ ਫੈਸਲਾ ਕੀਤਾ ਹੈ ਕਿ ਕੋਰੋਨਾ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਕਰਤਾਰਪੁਰ ਲਾਂਘਾ ਖੋਲ੍ਹ ਦਿੱਤਾ ਜਾਵੇ।ਇਸ ਤੋਂ ਪਹਿਲਾਂ ਬੀਜੇਪੀ ਆਗੂ ਹਰਜੀਤ ਗਰੇਵਾਲ ਨੇ ਗੱਲਬਾਤ ਕਰਦਿਆਂ ਲਾਂਘਾ ਖੁੱਲ੍ਹਣ ਦਾ ਜ਼ਿਕਰ ਕੀਤਾ ਸੀ। ਉਨ੍ਹਾਂ ਕਿਹਾ ਕਿ ਕਰਤਾਰਪੁਰ ਲਾਂਘਾ 17 ਨਵੰਬਰ ਵੀਰਵਾਰ ਨੂੰ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਜਾਵੇਗਾ। ਇਸ ਲਈ ਰਜਿਸਟ੍ਰੇਸ਼ਨ ਬੁੱਧਵਾਰ ਤੋਂ ਸ਼ੁਰੂ ਹੋਵੇਗੀ। ਕੱਲ੍ਹ ਭਾਵ 17 ਨਵੰਬਰ ਤੋਂ 11 ਵਜੇ ਰਜਿਸਟ੍ਰੇਸ਼ਨ ਸ਼ੁਰੂ ਹੋ ਜਾਵੇਗੀ। ਇਸ ਦੌਰਾਨ ਪਹਿਲਾ ਜਥਾ 250 ਸ਼ਰਧਾਲੂਆਂ ਦਾ ਹੋਵੇਗਾ। ਇਸ ਜਥੇ ਵਿਚ ਨਾਨਕ ਨਾਮ ਲੇਵਾ ਸੰਗਤ ਸ਼ਮੂੂਲੀਅਤ ਕਰੇਗੀ। ਦੱਸ ਦੇਈਏ ਕਿ ਪੰਜਾਬ ਭਾਜਪਾ ਦੇ ਸੂਬਾਈ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਅਗਵਾਈ ਵਾਲੇ ਇੱਕ ਵਫ਼ਦ ਦੇ ਗੁਰਪੁਰਬ ਤੱਕ ਲਾਂਘੇ ਨੂੰ ਮੁੜ ਖੋਲ੍ਹਣ ਦੀ ਅਪੀਲ ਕਰਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲੇ ਸਨ।
ਵਰਨਣਯੋਗ ਹੈ ਕਿ ਭਾਜਪਾ ਦੇ ਨਾਲ-ਨਾਲ ਪੰਜਾਬ ਕਾਂਗਰਸ ਪਾਰਟੀ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਕੈਪਟਨ ਅਮਰਿੰਦਰ ਸਿੰਘ ਵੀ 19 ਨਵੰਬਰ ਨੂੰ ਗੁਰੂ ਨਾਨਕ ਦੇਵ ਜੀ ਦੇ ਪੈਰੋਕਾਰਾਂ ਨੂੰ ਪਾਕਿਸਤਾਨ ਵਿੱਚ ਉਨ੍ਹਾਂ ਦੇ ਜਨਮ ਸਥਾਨ ਦੀ ਯਾਤਰਾ ਕਰਨ ਦੀ ਆਗਿਆ ਲਈ ਕੇਂਦਰ ਸਰਕਾਰ ਨੂੰ ਅਪੀਲ ਕਰ ਚੁੱਕੇ ਹਨ। ਇਹ ਲਾਂਘਾ 9 ਨਵੰਬਰ, 2019 ਨੂੰ ਭਾਜਪਾ ਦੀ ਪਹਿਲਕਦਮੀ ’ਤੇ ਖੋਲ੍ਹਿਆ ਗਿਆ ਸੀ। ਇਤਿਹਾਸਕ ਗੁਰਦੁਆਰਾ ਭਾਰਤੀ ਸਰਹੱਦ ਤੋਂ ਮਹਿਜ਼ 4.7 ਕਿਲੋਮੀਟਰ ਦੀ ਦੂਰੀ ’ਤੇ ਹੈ ਅਤੇ 1947 ਦੀ ਵੰਡ ਦੌਰਾਨ ਇਸ ਨੂੰ ਭਾਰਤੀ ਖੇਤਰ ਦਾ ਹਿੱਸਾ ਬਣਾਉਣ ਲਈ ਗੱਲਬਾਤ ਕੀਤੀ ਜਾਣੀ ਚਾਹੀਦੀ ਸੀ।ਉਨ੍ਹਾਂ ਦਾਅਵਾ ਕੀਤਾ ਕਿ ਸਿੱਖ ਸ਼ਰਧਾਲੂਆਂ ਨੂੰ ਕਰਤਾਰਪੁਰ ਸਾਹਿਬ ਦੀ ਮੁਫ਼ਤ ਯਾਤਰਾ ਦੀ ਸਹੂਲਤ ਦੇਣ ਲਈ ਕੋਵਿਡ ਦੀ ਸਥਿਤੀ ਵਿੱਚ ਕਾਫੀ ਸੁਧਾਰ ਹੋਇਆ ਹੈ। ਪਿਛਲੇ ਸਾਲ ਮਹਾਮਾਰੀ ਕਾਰਨ ਵੀਜ਼ਾ-ਮੁਕਤ ਕੋਰੀਡੋਰ ਬੰਦ ਕਰ ਦਿੱਤਾ ਗਿਆ ਸੀ, ਕਿਉਂਕਿ ਯਾਤਰਾ ਪਾਬੰਦੀਆਂ ਲਗਾਈਆਂ ਗਈਆਂ ਸਨ।