ਭਾਜਪਾ ਦਾ ਮਾਸਟਰ ਸਟ੍ਰੋਕ: ਸਿਰਸਾ ਦਿੱਲੀ ਕਮੇਟੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਕੇ ਭਾਜਪਾ ‘ਚ ਸ਼ਾਮਿਲ !

ਨਵੀਂ ਦਿੱਲੀ – ਕਿਸਾਨ ਅੰਦੋਲਨ ਤੋਂ ਸੁਰਖਰੂ ਹੋ ਕੇ ਭਾਜਪਾ ਦੀ ਅਗਵਾਈ ਵਾਲੀ ਭਾਰਤ ਦੀ ਕੇਂਦਰ ਸਰਕਾਰ ਨੇ ਅਗਲੇ ਸਾਲ ਪੰਜ ਸੂਬਿਆਂ ਦੇ ਵਿੱਚ ਹੋਣ ਵਾਲੀਆਂ ਚੋਣਾਂ ‘ਤੇ ਹੁਣ ਆਪਣਾ ਧਿਆਨ ਕੇਂਦਰਿਤ ਕਰਦਿਆਂ ਆਪਣੇ ਵਿਰੋਧੀਆਂ ਨੂੰ ਵੱਡੇ ਝਟਕੇ ਦੇਣ ਦੀ ਤਿਆਰੀ ਕਰ ਲਈ ਹੈ। ਇਹਨਾਂ ਸਿਆਸੀ ਝਟਕਿਆਂ ਦੀ ਸ਼ੁਰੂਆਤ ਕਿਸੇ ਸਮੇਂ ਆਪਣੇ ਸਹਿਯੋਗੀ ਰਹੇ ਅਕਾਲੀ ਦਲ ਬਾਦਲ ਤੋਂ ਹੀ ਕਰਦਿਆਂ ਅਕਾਲੀ ਦਲ ਦੇ ਵੱਡੇ ਨੇਤਾ ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੂੰ ਭਾਜਪਾ ਵਿੱਚ ਸ਼ਾਮਿਲ ਕਰ ਲਿਆ ਹੈ।

ਪੰਜਾਬ ਦੀਆਂ ਆਗਾਮੀ ਚੋਣਾਂ ਦੀਆਂ ਤਿਆਰੀਆਂ ਦੇ ਵਿੱਚ ਬਾਕੀ ਪਾਰਟੀਆਂ ਨਾਲੋਂ ਇਸ ਵੇਲੇ ਫਰੰਟ ਫੁੱਟ ‘ਤੇ ਚੱਲ ਰਹੇ ਅਕਾਲੀ ਦਲ ਬਾਦਲ ਨੂੰ ਕੱਲ੍ਹ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਬੁੱਧਵਾਰ ਨੂੰ ਅਚਾਨਕ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਅਤੇ ਭਾਜਪਾ ‘ਚ ਸ਼ਾਮਲ ਹੋ ਗਏ। ਸਿਰਸਾ ਦਿੱਲੀ ਭਾਜਪਾ ਦੇ ਪ੍ਰਧਾਨ ਜੇ ਪੀ ਨੱਢਾ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕੇਂਦਰੀ ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ ਦੀ ਮੌਜੂਦਗੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਏ। ਇਸ ਦੌਰਾਨ ਪਾਰਟੀ ਦੇ ਪੰਜਾਬ ਚੋਣ ਇੰਚਾਰਜ ਗਜੇਂਦਰ ਸਿੰਘ ਸ਼ੇਖਾਵਤ, ਕੌਮੀ ਜਨਰਲ ਸਕੱਤਰ ਦੁਸ਼ਯੰਤ ਗੌਤਮ ਅਤੇ ਹੋਰ ਆਗੂਆਂ ਨੇ ਸਿਰਸਾ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਮੌਕੇ ਸ਼ੇਖਾਵਤ ਨੇ ਕਿਹਾ ਕਿ ਸਿਰਸਾ ਦੇ ਆਉਣ ਨਾਲ ਤਿੰਨ ਮਹੀਨੇ ਬਾਅਦ ਪੰਜਾਬ ‘ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ‘ਚ ਭਾਜਪਾ ਨੂੰ ਵੱਡਾ ਫਾਇਦਾ ਮਿਲੇਗਾ।

ਸਿਰਸਾ ਤੋਂ ਇਲਾਵਾ ਅਕਾਲੀ ਦਲ ਵਿੱਚ ਸ਼ਾਮਲ ਪਰਮਿੰਦਰ ਸਿੰਘ ਬਰਾੜ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ। ਅਕਾਲੀ ਦਲ ਦੇ ਵਿਦਿਆਰਥੀ ਵਿੰਗ ਐਸ ਓ ਆਈ ਦੇ ਕੌਮੀ ਪ੍ਰਧਾਨ ਰਹਿ ਚੁੱਕੇ ਪਰਮਿੰਦਰ ਸਿੰਘ ਬਰਾੜ ਕੁੱਝ ਦਿਨ ਪਹਿਲਾਂ ਅਕਾਲੀ ਦਲ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ ਸਨ ਪਰ ਬੁੱਧਵਾਰ ਨੂੰ ਉਹ ਮੁੜ ਭਾਜਪਾ ਵਿੱਚ ਸ਼ਾਮਲ ਹੋ ਗਏ।

ਮਨਜਿੰਦਰ ਸਿੰਘ ਸਿਰਸਾ ਨੇ ਸਮੂਹ ਮੈਂਬਰਾਂ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਨੂੰ ਸੰਬੋਧਿਤ ਆਪਣੇ ਅਸਤੀਫ਼ੇ ਵਿੱਚ ਲਿਖਿਆ ਹੈ ਕਿ ਉਹ ਨਿੱਜੀ ਕਾਰਨਾਂ ਕਰਕੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ ਰਹੇ ਹਨ। ਸਿਰਸਾ ਨੇ ਆਪਣੇ ਟਵਿੱਟਰ ਹੈਂਡਲ ‘ਤੇ ਅਸਤੀਫੇ ਦੀ ਕਾਪੀ ਵੀ ਸਾਂਝੀ ਕੀਤੀ ਹੈ। ਸਿਰਸਾ ਨੇ ਕਿਹਾ ਕਿ ਉਹ ਆਪਣੇ ਨਾਲ ਕੰਮ ਕਰ ਰਹੇ ਸਾਰੇ ਮੈਂਬਰਾਂ, ਅਹੁਦੇਦਾਰਾਂ ਅਤੇ ਹੋਰਨਾਂ ਨੂੰ ਸੂਚਿਤ ਕਰਨਾ ਚਾਹੁੰਦੇ ਹਨ ਕਿ ਉਨ੍ਹਾਂ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਉਹ ਭਵਿੱਖ ਵਿੱਚ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਚੋਣ ਨਹੀਂ ਲੜਨਗੇ ਸਗੋਂ ਪਹਿਲਾਂ ਦੀ ਤਰ੍ਹਾਂ ਆਪਣੇ ਭਾਈਚਾਰੇ, ਕੌਮ ਅਤੇ ਮਨੁੱਖਤਾ ਦੀ ਸੇਵਾ ਕਰਦੇ ਰਹਿਣਗੇ।
ਮਨਜਿੰਦਰ ਸਿੰਘ ਸਿਰਸਾ ਦੇ ਡੀਐਸਜੀਐਮਸੀ ਪ੍ਰਧਾਨ ਦੇ ਅਹੁਦੇ ਤੋਂ ਅਚਾਨਕ ਅਸਤੀਫੇ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਹਲਚਲ ਮਚਾ ਦਿੱਤੀ ਹੈ। ਉਨ੍ਹਾਂ ਦਾ ਭਾਜਪਾ ਵਿੱਚ ਸ਼ਾਮਲ ਹੋਣਾ ਪੰਜਾਬ ਵਿੱਚ ਅਕਾਲੀ ਦਲ ਲਈ ਇੱਕ ਵੱਡਾ ਝਟਕਾ ਹੈ ਕਿਉਂਕਿ ਸਿਰਸਾ ਪਾਰਟੀ ਦੇ ਬੁਲਾਰੇ ਸਨ। ਹੁਣ ਉਨ੍ਹਾਂ ਦੇ ਭਾਜਪਾ ਵਿੱਚ ਜਾਣ ਨਾਲ ਪੰਜਾਬ ਵਿੱਚ ਅਕਾਲੀ ਦਲ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਕੌਮ ਦੀ ਇੱਕ ਬਹੁਤ ਹੀ ਮਹੱਤਵਪੂਰਨ ਸੰਸਥਾ ਹੈ। ਪੰਜਾਬ ਵਿਧਾਨ ਸਭਾ ਚੋਣਾਂ ਸਿਰ ‘ਤੇ ਹਨ ਅਤੇ ਅਜਿਹੇ ਸਮੇਂ ‘ਚ ਅਕਾਲੀ ਦਲ ਦੇ ਸੀਨੀਅਰ ਆਗੂ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਰਗੀ ਸੰਸਥਾ ਦੇ ਮੁਖੀ ਦੇ ਅਹੁਦੇ ਤੋਂ ਅਚਾਨਕ ਅਸਤੀਫਾ ਦੇਣਾ ਅਕਾਲੀ ਦਲ ਦੇ ਲਈ ਬਹੁਤ ਵੱਡਾ ਝਟਕਾ ਸਮਝਿਆ ਜਾ ਰਿਹਾ ਹੈ। ਇਸਦੇ ਨਾਲ ਹੀ ਮਨਜਿੰਦਰ ਸਿੰਘ ਸਿਰਸਾ ਤੋਂ ਇਲਾਵਾ ਸੁਖਬੀਰ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਦੇ ਸੱਜੇ ਹੱਥ ਪਰਮਿੰਦਰ ਸਿੰਘ ਬਰਾੜ ਵੀ ਬੁੱਧਵਾਰ ਨੂੰ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਵਿਦਿਆਰਥੀ ਵਿੰਗ ਐਸ ਓ ਆਈ ਦੇ ਕੌਮੀ ਪ੍ਰਧਾਨ ਰਹਿ ਚੁੱਕੇ ਹਨ। ਭਾਜਪਾ ਬਰਾੜ ਰਾਹੀਂ ਸਿੱਖਾਂ ਦੇ ਨੌਜਵਾਨ ਵੋਟਰਾਂ ਨੂੰ ਲੁਭਾਉਣਾ ਚਾਹੁੰਦੀ ਹੈ।

ਮਨਜਿੰਦਰ ਸਿਰਸਾ ਨੇ ਫਰਵਰੀ 2020 ਵਿੱਚ ਦਿੱਲੀ ਵਿਧਾਨ ਸਭਾ ਚੋਣਾਂ ਦੌਰਾਨ ਰਾਜੌਰੀ ਗਾਰਡਨ ਸੀਟ ਤੋਂ ਭਾਜਪਾ-ਅਕਾਲੀ ਦਲ ਦੇ ਸਾਂਝੇ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਉਤਾਰਿਆ ਸੀ। ਰਾਜੌਰੀ ਗਾਰਡਨ ਸੀਟ ‘ਤੇ ਭਾਜਪਾ ਦਾ ਕਬਜ਼ਾ ਸੀ ਪਰ ਪਾਰਟੀ ਨੇ ਉਹ ਸੀਟ ਸਿਰਸਾ ਲਈ ਛੱਡ ਦਿੱਤੀ। ਦਿੱਲੀ ਦਾ ਪੱਛਮੀ ਇਲਾਕਾ ਸਿੱਖ ਬਹੁਲਤਾ ਵਾਲਾ ਹੈ ਅਤੇ ਉੱਥੇ ਉਨ੍ਹਾਂ ਦਾ ਵੱਡਾ ਵੋਟ ਬੈਂਕ ਹੈ। ਇਹ ਸਿੱਖ ਕਿਸੇ ਨਾ ਕਿਸੇ ਰੂਪ ਵਿੱਚ ਪੰਜਾਬ ਨਾਲ ਸਬੰਧਤ ਹਨ ਅਤੇ ਪੰਜਾਬ ਦੀਆਂ ਚੋਣਾਂ ਵਿੱਚ ਵੀ ਇਨ੍ਹਾਂ ਦੀ ਅਹਿਮ ਭੂਮਿਕਾ ਰਹੀ ਹੈ। ਭਾਜਪਾ ਦੀ ਰਣਨੀਤੀ ਇਸ ਭੂਮਿਕਾ ਦਾ ਫਾਇਦਾ ਚੁੱਕਣ ਦੀ ਹੈ।

ਵਰਨਣਯੋਗ ਹੈ ਕਿ ਮਨਜਿੰਦਰ ਸਿੰਘ ਸਿਰਸਾ ਨੇ ਕਰੋਨਾ ਦੌਰਾਨ ਦਿੱਲੀ ਵਿੱਚ ਬਹੁਤ ਕੰਮ ਕੀਤਾ। ਉਨ੍ਹਾਂ ਦੀ ਅਗਵਾਈ ‘ਚ ਕੋਰੋਨਾ ਮਰੀਜ਼ਾਂ ਨੂੰ ਲੰਗਰ ਛਕਾਉਣ ਤੋਂ ਇਲਾਵਾ ਸਰਾਵਾਂ ਨੂੰ ਹਸਪਤਾਲਾਂ ‘ਚ ਤਬਦੀਲ ਕੀਤਾ ਗਿਆ ਅਤੇ ਲੋਕਾਂ ਦਾ ਮੁਫਤ ਇਲਾਜ ਕੀਤਾ ਗਿਆ। ਜਦੋਂ ਦਿੱਲੀ ਵਿੱਚ ਆਕਸੀਜਨ ਦਾ ਸੰਕਟ ਆਇਆ ਤਾਂ ਸਿਰਸਾ ਦੀ ਅਗਵਾਈ ਵਿੱਚ ਲੋਕਾਂ ਨੂੰ ਘਰ-ਘਰ ਸਿਲੰਡਰ ਮੁਹੱਈਆ ਕਰਵਾਏ ਗਏ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਿਸਾਨ ਅੰਦੋਲਨ ਦੌਰਾਨ ਲੰਗਰ ਵੀ ਛਕਾਇਆ। ਇਨ੍ਹਾਂ ਸਾਰੇ ਕੰਮਾਂ ਲਈ ਸਿਰਸਾ ਦੀ ਕਾਫੀ ਤਾਰੀਫ ਹੋਈ ਸੀ ਪਰ ਪਿਛਲੇ ਦਿਨੀ ਹੋਈਆਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿਚ ਸਿਰਸਾ ਅਕਾਲੀ ਦਲ ਨੂੰ ਸੱਤਾ ਵਿਚ ਲੈਣ ਦੇ ਬਾਵਜੂਦ ਆਪ ਹਾਰ ਗਿਆ ਸੀ। ਸਿਰਸਾ ਇਸ ਗੱਲ ਨੂੰ ਲੈ ਕੇ ਵੀ ਅਕਾਲੀ ਦਲ ਦੀ ਲੀਡਰਸ਼ਿਪ ਤੋਂ ਨਾਰਾਜ਼ ਸਨ ਕਿ ਪਾਰਟੀ ਦਾ ਕੋਈ ਵੀ ਵੱਡਾ ਆਗੂ ਉਨ੍ਹਾਂ ਦੇ ਪ੍ਰਚਾਰ ਲਈ ਪੰਜਾਬ ਤੋਂ ਨਹੀਂ ਪਹੁੰਚਿਆ।

ਇਸੇ ਦੌਰਾਨ ਮਨਜਿੰਦਰ ਸਿੰਘ ਸਿਰਸਾ ਦੇ ਭਾਜਪਾ ‘ਚ ਸ਼ਾਮਲ ਹੋਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਭਾਜਪਾ ਅਤੇ ਕੇਂਦਰ ਸਰਕਾਰ ‘ਤੇ ਤਿੱਖੇ ਹਮਲੇ ਕੀਤੇ। ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਜਿਸ ਤਰ੍ਹਾਂ ਸਸਤੀ ਰਾਜਨੀਤੀ ਕਰਕੇ ਸਿਰਸਾ ਨੂੰ ਭਾਜਪਾ ਵਿੱਚ ਜਬਰੀ ਸ਼ਾਮਲ ਕੀਤਾ ਹੈ, ਉਹ ਸਿੱਖਾਂ ਦੇ ਧਾਰਮਿਕ ਮਸਲਿਆਂ ਵਿੱਚ ਇੱਕ ਤਰ੍ਹਾਂ ਦੀ ਦਖ਼ਲਅੰਦਾਜ਼ੀ ਹੈ। ਇਸ ਨੂੰ ਖਾਲਸਾ ਪੰਥ ‘ਤੇ ਵੱਡਾ ਹਮਲਾ ਕਰਾਰ ਦਿੰਦਿਆਂ ਚੀਮਾ ਨੇ ਕਿਹਾ ਕਿ ਇਹ ਕੇਂਦਰ ਦੀ ਸਿੱਖੀ ਨੂੰ ਕੰਟਰੋਲ ਕਰਨ ਦੀ ਪੁਰਾਣੀ ਨੀਤੀ ਦਾ ਹਿੱਸਾ ਹੈ। ਚੀਮਾ ਨੇ ਕਿਹਾ ਕਿ ਇੱਕ ਸਾਜ਼ਿਸ਼ ਤਹਿਤ ਕੇਂਦਰ ਸਰਕਾਰ ਨੇ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਚੁਣੇ ਗਏ 11 ਮੈਂਬਰਾਂ ਖ਼ਿਲਾਫ਼ ਅਤੇ ਫਿਰ ਮਨਜਿੰਦਰ ਸਿੰਘ ਸਿਰਸਾ ਅਤੇ ਹਰਮੀਤ ਸਿੰਘ ਕਾਲਕਾ ਖ਼ਿਲਾਫ਼ ਕੇਸ ਦਰਜ ਕੀਤੇ ਗਏ। ਸ਼੍ਰੋਮਣੀ ਅਕਾਲੀ ਦਲ ਨੂੰ ਇਸ ਗੱਲ ਦਾ ਅਫਸੋਸ ਹੈ ਕਿ ਮਨਜਿੰਦਰ ਸਿਰਸਾ ਕੇਂਦਰ ਸਰਕਾਰ ਦੀ ਇਸ ਬੇਇਨਸਾਫੀ ਵਿਰੁੱਧ ਲੜਨ ਦੀ ਬਜਾਏ ਭਾਜਪਾ ਵਿੱਚ ਸ਼ਾਮਲ ਹੋ ਗਿਆ ਜਦਕਿ ਹਰਮੀਤ ਸਿੰਘ ਕਾਲਕਾ ਅੱਜ ਵੀ ਕੇਂਦਰ ਸਰਕਾਰ ਦੇ ਰਵੱਈਏ ਵਿਰੁੱਧ ਚੱਟਾਨ ਵਾਂਗ ਖੜ੍ਹਾ ਹੈ। ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਤਰਫੋਂ ਉਹ ਕੇਂਦਰ ਸਰਕਾਰ ਨੂੰ ਚੇਤਾਵਨੀ ਦੇਣਾ ਚਾਹੁੰਦੇ ਹਨ ਕਿ ਇੰਦਰਾ ਗਾਂਧੀ ਦੀ ਇਸ ਨੀਤੀ ਨੂੰ ਅਪਣਾ ਕੇ ਉਹ ਆਪਣੇ ਮਨਸੂਬਿਆਂ ਵਿੱਚ ਕਾਮਯਾਬ ਨਹੀਂ ਹੋ ਸਕਦੀ।

Related posts

DM–CX–Loyalty Summit 2026 : ਹੈਦਰਾਬਾਦ ਬਣੇਗਾ ਗਲੋਬਲ ਲੀਡਰਾਂ ਦਾ ਕੇਂਦਰ

ਦਿਲਜੀਤ ਦੋਸਾਂਝ ਦੀ ਨਵੀਂ ਫਿਲਮ ਵਿਸਾਖੀ ‘ਤੇ ਰਿਲੀਜ਼ ਹੋਣ ਜਾ ਰਹੀ ਹੈ !

ਮੇਰੇ ਦੋਸਤ, ਟਰੰਪ ਨਾਲ ਗੱਲ ਕਰਕੇ ਚੰਗਾ ਲੱਗਾ, ਟੈਰਿਫ ਹੁਣ 18% ਤੱਕ ਘਟਾ ਦਿੱਤਾ ਜਾਵੇਗਾ – ਮੋਦੀ