ਮਹਾਰਾਸ਼ਟਰ ਦੇ ਨੰਦੇੜ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਵੀਰਵਾਰ ਨੂੰ ਹਮਲੇ ਦੀ ਘਟਨਾ ਸਾਹਮਣੇ ਆਈ ਹੈ। ਸੁਖਬੀਰ ਸਿੰਘ ਬਾਦਲ ਹੋਰਨਾਂ ਨਾਲ ਇਥੋਂ ਦੇ ਮੁਗਤ ਵਿਖੇ ਸਥਿਤ ਗੁਰਦੁਆਰਾ ਮਾਤਾ ਸਾਹਿਬ ਦੇਵਾ ਜੀ ਵਿਖੇ ਮੱਥਾ ਟੇਕਣ ਆਏ ਸਨ। ਜਦੋਂ ਉਹ ਮੱਥਾ ਟੇਕਣ ਤੋਂ ਬਾਅਦ ਗੁਰਦੁਆਰਾ ਸਾਹਿਬ ਤੋਂ ਬਾਹਰ ਆ ਰਹੇ ਸਨ ਤਾਂ ਸਾਹਮਣੇ ਖੜ੍ਹੇ ਇੱਕ ਨਿਹੰਗ ਸਿੰਘ ਨੇ ਕਿਰਪਾਨ ਨਾਲ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ। ਉਸ ਨੂੰ ਮੌਕੇ ‘ਤੇ ਹੀ ਗੁਰਦੁਆਰਾ ਪ੍ਰਬੰਧਕਾਂ ਅਤੇ ਸੁਰੱਖਿਆ ਕਰਮਚਾਰੀਆਂ ਨੇ ਕਾਬੂ ਕਰ ਲਿਆ। ਹਮਲਾਵਰ ਦੀ ਪਛਾਣ ਨਿਹੰਗ ਜਸਪਾਲ ਸਿੰਘ ਵਜੋਂ ਹੋਈ ਹੈ। ਇਹ ਘਟਨਾ ਗੁਰਦੁਆਰਾ ਮਾਤਾ ਸਾਹਿਬ ਦੇਵਾ ਜੀ ਵਿੱਚ ਵਾਪਰੀ। ਹਮਲੇ ਦੌਰਾਨ ਸੁਖਬੀਰ ਬਾਦਲ ਦੇ ਹੱਥ ’ਤੇ ਸੱਟ ਲੱਗੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਇਹ ਹਮਲਾ ਉਸ ਸਮੇਂ ਹੋਇਆ ਜਦੋਂ ਉਹ ਨੰਦੇੜ ਦੇ ਇੱਕ ਗੁਰਦੁਆਰਾ ਮਾਤਾ ਸਾਹਿਬ ਦੇਵਾ ਜੀ ਵਿੱਚ ਨਿੱਜੀ ਦੌਰੇ ’ਤੇ ਗਏ ਹੋਏ ਸਨ। ਹਮਲੇ ਦੌਰਾਨ ਸੁਖਬੀਰ ਬਾਦਲ ਦੇ ਸੱਜੇ ਹੱਥ ’ਤੇ ਜਖਮ ਆਏ ਹਨ।
ਨੰਦੇੜ ਦੇ ਪੁਲਿਸ ਸੁਪਰਡੈਂਟ ਨੀਲਾਭ ਰੋਹਨ ਨੇ ਦੱਸਿਆ ਕਿ ਦੁਪਹਿਰ 1:45 ਵਜੇ ਦੇ ਕਰੀਬ, ਇੱਕ ਨਿਹੰਗ ਸਿੱਖ ਨੇ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਮੁਗਤ ਦੇ ਅੰਦਰ ਸੁਖਬੀਰ ਸਿੰਘ ਬਾਦਲ ‘ਤੇ ਕਿਰਪਾਨ ਨਾਲ ਹਮਲਾ ਕੀਤਾ। ਪੁਲਿਸ ਨੇ ਦੋਸ਼ੀ ਨੂੰ ਤੁਰੰਤ ਹਿਰਾਸਤ ਵਿੱਚ ਲੈ ਲਿਆ। ਸੁਖਬੀਰ ਸਿੰਘ ਬਾਦਲ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੇ ਸੱਜੇ ਹੱਥ ‘ਤੇ ਟਾਂਕੇ ਲਾਏ ਗਏ ਹਨ ਅਤੇ ਉਹ ਖ਼ਤਰੇ ਤੋਂ ਬਾਹਰ ਹਨ। ਪੁਲਿਸ ਅਧਿਕਾਰੀ ਸੰਤੋਸ਼ ਕੇਂਦਰ, ਜੋ ਸੁਖਬੀਰ ਸਿੰਘ ਬਾਦਲ ਦੀ ਸੁਰੱਖਿਆ ਟੀਮ ਦਾ ਹਿੱਸਾ ਸਨ, ਹਮਲੇ ਦੌਰਾਨ ਉਨ੍ਹਾਂ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਜ਼ਖਮੀ ਹੋ ਗਏ। ਇਹ ਘਟਨਾ ਉਦੋਂ ਵਾਪਰੀ ਜਦੋਂ ਸੁਖਬੀਰ ਸਿੰਘ ਬਾਦਲ ਗੁਰਦੁਆਰੇ ਦੀਆਂ ਪੌੜੀਆਂ ਤੋਂ ਹੇਠਾਂ ਉਤਰ ਰਹੇ ਸਨ। ਇਸ ਤੋਂ ਪਹਿਲਾਂ ਦਿਨ ਵੇਲੇ, ਉਹ ਆਪਣੀ ਪਤਨੀ ਅਤੇ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨਾਲ ਨਾਂਦੇੜ ਦੇ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਦਰਸ਼ਨ ਕਰਨ ਗਏ ਸਨ।
ਰਿਪੋਰਟਾਂ ਦੇ ਅਨੁਸਾਰ ਸੁਖਬੀਰ ਸਿੰਘ ਬਾਦਲ ਆਪਣੀ ਪਤਨੀ ਅਤੇ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਅਤੇ ਦੋ ਧੀਆਂ ਨਾਲ ਬੁੱਧਵਾਰ ਸ਼ਾਮ ਨੂੰ ਨਾਂਦੇੜ ਦੇ ਦੋ ਦਿਨਾਂ ਦੌਰੇ ਲਈ ਦਿੱਲੀ ਤੋਂ ਨੰਦੇੜ ਪਹੁੰਚੇ। ਵੀਰਵਾਰ ਨੂੰ ਉਹ ਮੁਗਤ ਵਿੱਚ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਦੇ ਦਰਸ਼ਨ ਕਰਨ ਗਏ। ਦਰਸ਼ਨ ਤੋਂ ਬਾਅਦ, ਦੁਪਹਿਰ 1:45 ਵਜੇ ਦੇ ਕਰੀਬ, ਜਦੋਂ ਉਹ ਪੌੜੀਆਂ ਤੋਂ ਉਤਰ ਰਹੇ ਸਨ, ਤਾਂ ਇੱਕ ਵਿਅਕਤੀ ਅਚਾਨਕ ਉਨ੍ਹਾਂ ਕੋਲ ਆਇਆ ਅਤੇ ਉਨ੍ਹਾਂ ‘ਤੇ ਕਿਰਪਾਨ ਨਾਲ ਹਮਲਾ ਕਰਨ ਦੀ ਕੋਸ਼ਿਸ਼ ਕੀਤੀ। ਚਸ਼ਮਦੀਦਾਂ ਦੇ ਅਨੁਸਾਰ, ਹਮਲਾਵਰ “ਸਮਰਪਣ ਕਰੋ, ਆਤਮ ਸਮਰਪਣ ਕਰੋ!” ਚੀਕ ਰਿਹਾ ਸੀ ਜਿਵੇਂ ਹੀ ਉਹ ਬਾਦਲ ਵੱਲ ਵਧਿਆ। ਸੁਰੱਖਿਆ ਕਰਮਚਾਰੀਆਂ ਅਤੇ ਪੁਲਿਸ ਨੇ ਉਸਦੇ ਹੱਥ ਵਿੱਚ ਕਿਰਪਾਨ ਦੇਖ ਕੇ ਤੁਰੰਤ ਦਖਲ ਦਿੱਤਾ। ਨੰਦੇੜ ਦੇ ਵਿਸ਼ੇਸ਼ ਪੁਲਿਸ ਇੰਸਪੈਕਟਰ ਸੰਤੋਸ਼ ਕੇਂਦਰੇ ਨੇ ਹਿੰਮਤ ਅਤੇ ਫੁਰਤੀ ਦਿਖਾਉਂਦੇ ਹੋਏ ਹਮਲਾਵਰ ਨੂੰ ਫੜਨ ਲਈ ਭੱਜਿਆ ਅਤੇ ਉਸਨੂੰ ਫੜ ਲਿਆ। ਉਸਦੀ ਦਖਲਅੰਦਾਜ਼ੀ ਨਾਲ ਇੱਕ ਵੱਡਾ ਹਾਦਸਾ ਟਲ ਗਿਆ। ਹਾਲਾਂਕਿ, ਹਮਲਾਵਰ ਨੂੰ ਫੜਦੇ ਸਮੇਂ ਉਸਦੇ ਹੱਥ ਵਿੱਚ ਕਿਰਪਾਨ ਸੁਖਬੀਰ ਸਿੰਘ ਬਾਦਲ ਦੇ ਸੱਜੇ ਹੱਥ ਵਿੱਚ ਵੱਜੀ, ਜਿਸ ਨਾਲ ਉਹ ਜ਼ਖਮੀ ਹੋ ਗਏ। ਹਮਲਾਵਰ ਨੂੰ ਕਾਬੂ ਕਰਨ ਦੀ ਕੋਸ਼ਿਸ਼ ਕਰਦੇ ਹੋਏ ਪੁਲਿਸ ਅਧਿਕਾਰੀ ਸੰਤੋਸ਼ ਕੇਂਦਰੇ ਦੇ ਵੀ ਜ਼ਖਮੀ ਹੋਣ ਦੀ ਖ਼ਬਰ ਹੈ। ਉਸਦਾ ਇਲਾਜ ਵੀ ਕੀਤਾ ਜਾ ਰਿਹਾ ਹੈ। ਸੁਖਬੀਰ ਸਿੰਘ ਬਾਦਲ ਦੀ ਜ਼ੈੱਡ-ਪਲੱਸ ਸੁਰੱਖਿਆ ਦੇ ਬਾਵਜੂਦ ਅਜਿਹੀ ਘਟਨਾ ਨੇ ਸੁਰੱਖਿਆ ਪ੍ਰਣਾਲੀ ‘ਤੇ ਸਵਾਲ ਖੜ੍ਹੇ ਕੀਤੇ ਹਨ। ਪੁਲਿਸ ਨੇ ਹਮਲਾਵਰ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਸ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਹਮਲੇ ਦੇ ਪਿੱਛੇ ਦੇ ਉਦੇਸ਼ ਦੀ ਜਾਂਚ ਕੀਤੀ ਜਾ ਰਹੀ ਹੈ, ਕੀ ਇਹ ਪਹਿਲਾਂ ਤੋਂ ਸੋਚਿਆ ਸਮਝਿਆ ਗਿਆ ਸੀ ਜਾਂ ਕੀ ਕੋਈ ਹੋਰ ਵਿਅਕਤੀ ਜਾਂ ਸੰਗਠਨ ਸ਼ਾਮਲ ਹੈ। ਘਟਨਾ ਤੋਂ ਬਾਅਦ, ਗੁਰਦੁਆਰਾ ਕੰਪਲੈਕਸ ਦੇ ਅੰਦਰ ਅਤੇ ਆਲੇ-ਦੁਆਲੇ ਸੁਰੱਖਿਆ ਪ੍ਰਬੰਧ ਸਖ਼ਤ ਕਰ ਦਿੱਤੇ ਗਏ ਹਨ। ਡਾਕਟਰਾਂ ਦਾ ਕਹਿਣਾ ਹੈ ਕਿ ਇਸ ਸਮੇਂ ਬਾਦਲ ਦੀ ਹਾਲਤ ਬਾਰੇ ਚਿੰਤਾ ਦਾ ਕੋਈ ਕਾਰਨ ਨਹੀਂ ਹੈ।
ਹਮਲਾਵਰ ਨੂੰ ਪੁਲਿਸ ਨੇ ਫੜਿਆ
ਸੁਖਬੀਰ ਸਿੰਘ ਬਾਦਲ ‘ਤੇ ਹਮਲਾ ਕਰਨ ਵਾਲੇ ਮੁਲਜ਼ਮ ਦੀ ਪਛਾਣ 62 ਸਾਲਾ ਜਸਪਾਲ ਸਿੰਘ ਵਜੋਂ ਹੋਈ ਹੈ, ਜੋ ਮੂਲ ਰੂਪ ਵਿੱਚ ਪੁਣੇ ਦਾ ਰਹਿਣ ਵਾਲਾ ਹੈ। ਉਹ ਪਹਿਲਾਂ ਪੁਣੇ ਦੀ ਅਦਾਲਤ ਵਿੱਚ ਵਕੀਲ ਵਜੋਂ ਕੰਮ ਕਰਦਾ ਸੀ। ਜਸਪਾਲ ਸਿੰਘ ਪਿਛਲੇ ਦੋ ਸਾਲਾਂ ਤੋਂ ਮੁਗਤ ਦੇ ਮਾਤਾ ਸਾਹਿਬ ਗੁਰਦੁਆਰੇ ਵਿੱਚ ਸੇਵਾ ਨਿਭਾਅ ਰਿਹਾ ਸੀ। ਪੁਲਿਸ ਨੇ ਉਸਨੂੰ ਮੌਕੇ ‘ਤੇ ਹੀ ਗ੍ਰਿਫ਼ਤਾਰ ਕਰ ਲਿਆ। ਪੁਲਿਸ ਪੁੱਛਗਿੱਛ ਦੌਰਾਨ, ਸਿੰਘ ਨੇ ਪੁਲਿਸ ਨੂੰ ਦੱਸਿਆ, “ਮੈਨੂੰ ਇਹ ਕਰਨ ਦਾ ਮਨ ਕਰ ਰਿਹਾ ਸੀ।” ਇਹ ਕਿਹਾ ਜਾ ਰਿਹਾ ਹੈ ਕਿ ਜਦੋਂ ਅਕਾਲੀ ਦਲ ਦਾ ਮੁਖੀ ਗੁਰਦੁਆਰੇ ਦੇ ਅੰਦਰ ਸੀ ਤਾਂ ਜਸਪਾਲ ਸਿੰਘ ਨੇ ਕਿਰਪਾਨ ਨਾਲ ਬਾਦਲ ‘ਤੇ ਹਮਲਾ ਕੀਤਾ। ਜਸਪਾਲ ਸਿੰਘ ਇਸ ਵੇਲੇ ਪੁਲਿਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਸਦੇ ਮਕਸਦ ਬਾਰੇ ਹੋਰ ਜਾਣਕਾਰੀ ਦੀ ਉਡੀਕ ਹੈ।
ਮਹਾਂਰਾਸ਼ਟਰ ਦੇ ਮੁੱਖ-ਮੰਤਰੀ ਨੇ ਪੁੱਛਿਆ ਹਾਲ
ਘਟਨਾ ਦੀ ਜਾਣਕਾਰੀ ਮਿਲਣ ‘ਤੇ ਮਹਾਂਰਾਸ਼ਟਰ ਦੇ ਮੁੱਖ-ਮੰਤਰੀ ਦੇਵੇਂਦਰ ਫੜਨਵੀਸ ਨੇ ਨਾਂਦੇੜ ਦੇ ਜ਼ਿਲ੍ਹਾ ਮੈਜਿਸਟਰੇਟ ਰਾਹੁਲ ਕਰਡੀਲੇ ਅਤੇ ਜ਼ਿਲ੍ਹਾ ਪੁਲਿਸ ਸੁਪਰਡੈਂਟ ਨੀਲਾਭ ਰੋਹਨ ਨਾਲ ਫ਼ੋਨ ‘ਤੇ ਗੱਲ ਕੀਤੀ ਅਤੇ ਘਟਨਾ ਬਾਰੇ ਪੁੱਛਗਿੱਛ ਕੀਤੀ ਅਤੇ ਮੁਲਜ਼ਮਾਂ ਵਿਰੁੱਧ ਸਖ਼ਤ ਕਾਰਵਾਈ ਦੇ ਨਿਰਦੇਸ਼ ਦਿੱਤੇ। ਫੜਨਵੀਸ ਨੇ ਸਿਮਰਤ ਕੌਰ ਬਾਦਲ ਨਾਲ ਫ਼ੋਨ ‘ਤੇ ਵੀ ਗੱਲ ਕੀਤੀ ਅਤੇ ਉਨ੍ਹਾਂ ਦੀ ਸਿਹਤਯਾਬੀ ਬਾਰੇ ਪੁੱਛਿਆ। ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵੇਂਦਰ ਫੜਨਵੀਸ ਨੇ ਸੁਖਬੀਰ ਸਿੰਘ ਬਾਦਲ ਦੇ ਹਮਲੇ ਦੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਹਨ।
Update:
ਨਾਂਦੇੜ ਦੇ ਡੀਸੀ ਡਾ. ਰਾਹੁਲ ਕਰਦਲੇ ਮੁਤਾਬਕ ਉਨ੍ਹਾਂ ਦੇ ਹੱਥ ਦੇ ਹੇਠਲੇ ਹਿੱਸੇ ’ਤੇ ਲਗਭਗ 4 ਤੋਂ 5 ਸੈਂਟੀਮੀਟਰ ਦਾ ਜ਼ਖ਼ਮ ਹੈ। ਉਨ੍ਹਾਂ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।ਡੀਸੀ ਡਾ. ਰਾਹੁਲ ਕਰਦਲੇ ਨੇ ਦੱਸਿਆ ਕਿ ਸੁਖਬੀਰ ਬਾਦਲ ਨੂੰ ਮਾਮੂਲੀ ਸੱਟ ਲੱਗੀ ਹੈ ਅਤੇ ਉਨ੍ਹਾਂ ਦੀ ਹਾਲਤ ਸਥਿਰ ਅਤੇ ਖ਼ਤਰੇ ਤੋਂ ਬਾਹਰ ਹੈ। ਹਮਲੇ ਨੂੰ ਰੋਕਣ ਦੀ ਕੋਸ਼ਿਸ਼ ਦੌਰਾਨ ਇੱਕ ਸੁਰੱਖਿਆ ਕਰਮੀ ਨੂੰ ਵੀ ਹੱਥ ’ਤੇ ਸੱਟ ਲੱਗੀ। ਘਟਨਾ ਤੋਂ ਬਾਅਦ ਸੁਰੱਖਿਆ ਕਰਮਚਾਰੀਆਂ ਨੇ ਹਮਲਾਵਰ ਨੂੰ ਕਾਬੂ ਕਰ ਲਿਆ। ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਹਮਲੇ ਦੇ ਕਾਰਨ ਦਾ ਪਤਾ ਲਗਾਉਣ ਲਈ ਪੁੱਛਗਿੱਛ ਕੀਤੀ ਜਾ ਰਹੀ ਹੈ।
ਦੌਰੇ ਬਾਰੇ ਕੁਲੈਕਟਰ ਦਫ਼ਤਰ ਨੂੰ ਜਾਣਕਾਰੀ ਨਹੀਂ ਸੀ
ਨਾਂਦੇੜ ਦੇ ਡੀਸੀ ਮੁਤਾਬਕ ਸੁਖਬੀਰ ਸਿੰਘ ਬਾਦਲ ਨਿੱਜੀ ਦੌਰੇ ’ਤੇ ਨਾਂਦੇੜ ਆਏ ਸਨ ਅਤੇ ਉਨ੍ਹਾਂ ਦੇ ਦੌਰੇ ਬਾਰੇ ਕੁਲੈਕਟਰ ਦਫ਼ਤਰ ਨੂੰ ਅਧਿਕਾਰਤ ਤੌਰ ’ਤੇ ਜਾਣਕਾਰੀ ਨਹੀਂ ਦਿੱਤੀ ਗਈ ਸੀ। ਹਾਲਾਂਕਿ, ਉਨ੍ਹਾਂ ਕੋਲ Z-Plus ਸੁਰੱਖਿਆ ਹੋਣ ਕਾਰਨ ਸੁਰੱਖਿਆ ਪ੍ਰਬੰਧ ਮੌਜੂਦ ਸਨ। ਇਸ ਦੇ ਬਾਵਜੂਦ ਹਮਲਾਵਰ ਦਾ ਸੁਰੱਖਿਆ ਘੇਰੇ ਤੱਕ ਪਹੁੰਚਣਾ ਸੁਰੱਖਿਆ ਪ੍ਰਬੰਧਾਂ ’ਤੇ ਸਵਾਲ ਖੜ੍ਹੇ ਕਰ ਰਿਹਾ ਹੈ। ਦੋ ਵੱਖ-ਵੱਖ ਧਾਰਮਿਕ ਥਾਵਾਂ ’ਤੇ ਬਾਦਲ ਨੂੰ ਨਿਸ਼ਾਨਾ ਬਣਾਉਣ ਦੀਆਂ ਘਟਨਾਵਾਂ ਕਾਰਨ ਸੁਰੱਖਿਆ ਨੂੰ ਲੈ ਕੇ ਚਰਚਾ ਤੇਜ਼ ਹੋ ਗਈ ਹੈ।
ਬਾਦਲ ’ਤੇ ਪਹਿਲਾਂ ਵੀ ਹੋ ਚੁੱਕਾ ਹੈ ਹਮਲਾ
ਇਹ ਸੁਖਬੀਰ ਸਿੰਘ ਬਾਦਲ ’ਤੇ ਪਿਛਲੇ ਦੋ ਸਾਲਾਂ ਵਿੱਚ ਦੂਜਾ ਵੱਡਾ ਹਮਲਾ ਹੈ। 4 ਦਸੰਬਰ 2024 ਨੂੰ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਵੀ ਉਨ੍ਹਾਂ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਹੋਈ ਸੀ। ਉਸ ਘਟਨਾ ਵਿੱਚ ਇੱਕ ਵਿਅਕਤੀ ਨੇ ਉਨ੍ਹਾਂ ਵੱਲ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਸੀ, ਪਰ ਗੋਲੀ ਉਨ੍ਹਾਂ ਨੂੰ ਨਹੀਂ ਲੱਗੀ। ਨਾਂਦੇੜ ਦੀ ਤਾਜ਼ਾ ਘਟਨਾ ਨੇ ਇੱਕ ਵਾਰ ਫਿਰ VIP ਸੁਰੱਖਿਆ ਅਤੇ ਧਾਰਮਿਕ ਸਥਾਨਾਂ ’ਤੇ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ। ਪੁਲਿਸ ਦੀ ਜਾਂਚ ਤੋਂ ਬਾਅਦ ਹੀ ਹਮਲੇ ਦੇ ਪੂਰੇ ਕਾਰਨਾਂ ਅਤੇ ਹਮਲਾਵਰ ਦੇ ਮਕਸਦ ਬਾਰੇ ਸਪੱਸ਼ਟ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਹਰਸਿਮਰਤ ਕੌਰ ਬਾਦਲ ਨਾਲ ਕੀਤੀ ਗੱਲ
ਹਮਲੇ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੁਖਬੀਰ ਸਿੰਘ ਬਾਦਲ ਦੀ ਪਤਨੀ ਅਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨਾਲ ਫੋਨ ’ਤੇ ਗੱਲ ਕੀਤੀ ਅਤੇ ਸੁਖਬੀਰ ਬਾਦਲ ਦੀ ਸਿਹਤ ਬਾਰੇ ਜਾਣਕਾਰੀ ਲਈ।ਹਰਸਿਮਰਤ ਕੌਰ ਬਾਦਲ ਵੀ ਇਸ ਸਮੇਂ ਨਾਂਦੇੜ ਵਿੱਚ ਮੌਜੂਦ ਹਨ।
ਸ. ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਸ਼ਬਦਾਂ ’ਚ ਨਿੰਦਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਦਰਸ਼ਨ ਦੀਦਾਰ ਕਰਨ ਦੌਰਾਨ ਇਕ ਵਿਅਕਤੀ ਵੱਲੋਂ ਹਮਲਾ ਕੀਤੇ ਜਾਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸਿੱਖਾਂ ਦੀ ਆਸਥਾ ਦੇ ਪ੍ਰਤੀਕ ਪਾਵਨ ਅਸਥਾਨ ’ਤੇ ਨੁਮਾਇੰਦਾ ਸਿੱਖ ਸਿਆਸੀ ਜਥੇਬੰਦੀ ਦੇ ਮੁਖੀ ’ਤੇ ਹਮਲਾ ਦੁਖਦਾਈ ਤੇ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਗੁਰੂ ਘਰ ਦਰਸ਼ਨਾਂ ਲਈ ਪਰਿਵਾਰ ਸਮੇਤ ਗਏ ਸ. ਬਾਦਲ ’ਤੇ ਹਮਲਾ ਕਰਨਾ ਜਿਥੇ ਪੰਥ ਵਿਰੋਧੀ ਮਾਨਸਿਕਤਾ ਦਾ ਪ੍ਰਗਟਾਵਾ ਹੈ, ਉਥੇ ਹੀ ਗੁਰੂ ਘਰ ਦੀ ਮਾਣ-ਮਰਯਾਦਾ ਦੀ ਸਿੱਧੇ ਤੌਰ ’ਤੇ ਤੌਹੀਨ ਹੈ। ਹਰ ਸਿੱਖ ਭਾਵਨਾ ਨਾਲ ਗੁਰੂ ਘਰ ਆਉਂਦਾ ਹੈ ਅਤੇ ਕਿਸੇ ਸ਼ਰਧਾਲੂ ’ਤੇ ਅਜਿਹਾ ਹਮਲਾ ਸਿੱਖ ਸ਼ਰਧਾ ਨੂੰ ਸਿੱਧੀ ਠੇਸ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪੰਥ ਵਿਰੋਧੀ ਤਾਕਤਾਂ ਸਿੱਖਾਂ ਨੂੰ ਆਪਸ ਵਿਚ ਲੜਾ ਕੇ ਕੌਮ ਦੀ ਸ਼ਕਤੀ ਨੂੰ ਕਮਜ਼ੋਰ ਕਰਨਾ ਚਾਹੁੰਦੀਆਂ ਹਨ। ਅਜਿਹੇ ਮਨਸੂਬਿਆਂ ਲਈ ਹੀ ਅਜਿਹੀਆਂ ਕਾਰਵਾਈਆਂ ਹੋ ਰਹੀਆਂ ਹਨ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਦੀ ਪਵਿੱਤਰਤਾ ਅਤੇ ਮਰਯਾਦਾ ਸਮੁੱਚੇ ਸਿੱਖ ਪੰਥ ਲਈ ਸਰਵਉੱਚ ਹੈ ਅਤੇ ਗੁਰਦੁਆਰਾ ਸਾਹਿਬਾਨ ਵਿਖੇ ਵਾਪਰੀ ਅਜਿਹੀ ਦੁਖਦਾਈ ਘਟਨਾ ਪ੍ਰਵਾਨ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਨਿਰਪੱਖ ਜਾਂਚ ਹੋ ਕੇ ਇਸ ਘਟਨਾ ਦੇ ਦੋਸ਼ੀ ਅਤੇ ਇਸ ਪਿੱਛੇ ਕੰਮ ਕਰਨ ਵਾਲੀਆਂ ਸ਼ਕਤੀਆਂ ਨੂੰ ਬੇਨਕਾਬ ਕੀਤਾ ਜਾਣਾ ਚਾਹੀਦਾ ਹੈ।
ਕਾਂਗਰਸੀ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਨੇ ਕੀਤੀ ਨਿਖੇਧੀ
ਕਾਂਗਰਸੀ ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਨੇ ਵੀ ਐਕਸ ’ਤੇ ਕਿਹਾ ਕਿ ਗੁਰੂ ਦੀ ਸ਼ਰਨ ਵਿੱਚ ਆਏ ਕਿਸੇ ਵੀ ਵਿਅਕਤੀ ’ਤੇ ਹਮਲਾ ਬੇਹੱਦ ਨਿੰਦਣਯੋਗ ਅਤੇ ਅਸਵੀਕਾਰਯੋਗ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਮੈਂ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਾ ਹਾਂ। ਗੁਰੂ ਘਰ ਸਾਨੂੰ ਸ਼ਾਂਤੀ, ਸਹਿਣਸ਼ੀਲਤਾ ਅਤੇ ਸਰਬੱਤ ਦੇ ਭਲੇ ਦਾ ਸੰਦੇਸ਼ ਦਿੰਦਾ ਹੈ, ਅਜਿਹੇ ਪਵਿੱਤਰ ਅਸਥਾਨ ਨਾਲ ਜੁੜੀ ਥਾਂ ’ਤੇ ਹਿੰਸਾ ਦੀ ਕੋਈ ਥਾਂ ਨਹੀਂ। ਵਾਹਿਗੁਰੂ ਜੀ ਅੱਗੇ ਉਨ੍ਹਾਂ ਦੀ ਜਲਦ ਸਿਹਤਯਾਬੀ ਅਤੇ ਚੜ੍ਹਦੀ ਕਲਾ ਲਈ ਅਰਦਾਸ ਕਰਦਾ ਹਾਂ।
ਹਰਮੀਤ ਸਿੰਘ ਕਾਲਕਾ ਨੇ ਹਮਲੇ ਨੂੰ ਦੱਸਿਆ ਅਸਵੀਕਾਰਨਯੋਗ
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਰਾਜਨੀਤਿਕ ਮਤਭੇਦ ਆਪਣੀ ਥਾਂ ਹਨ, ਪਰ ਗੁਰਦੁਆਰਾ ਸਾਹਿਬ ਦੇ ਅੰਦਰ ਕਿਸੇ ਵਿਅਕਤੀ ’ਤੇ ਇਸ ਤਰ੍ਹਾਂ ਦਾ ਹਮਲਾ ਸਵੀਕਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਨੇ ਕਿਹਾ ਕਿ ਇਸ ਘਟਨਾ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ ਅਤੇ ਹਮਲਾਵਰ ਕਿਸ ਗਰੁੱਪ ਨਾਲ ਸਬੰਧਤ ਹੈ, ਇਸ ਦੀ ਵੀ ਪਛਾਣ ਕੀਤੀ ਜਾਣੀ ਚਾਹੀਦੀ ਹੈ।
ਗੁਰੂ ਘਰ ਵਿੱਚ ਹਮਲਾ ਅਤਿਅੰਤ ਨਿੰਦਾਯੋਗ – ਅਕਾਲੀ ਦਲ ਪੁਨਰ-ਸੁਰਜੀਤ
ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸਕੱਤਰ ਜਨਰਲ ਸ ਗੁਰਪ੍ਰਤਾਪ ਸਿੰਘ ਵਡਾਲਾ, ਸੀਨੀਅਰ ਮੀਤ ਪ੍ਰਧਾਨ ਸ ਸੁੱਚਾ ਸਿੰਘ ਛੋਟੇਪੁਰ, ਸ ਪਰਮਿੰਦਰ ਸਿੰਘ ਢੀਂਡਸਾ ਅਤੇ ਪ੍ਰੋ ਪ੍ਰੇਮ ਸਿੰਘ ਸਿੰਘ ਚੰਦੂਮਾਜਰਾ, ਗੁਰਜੀਤ ਸਿੰਘ ਤਲਵੰਡੀ ਪ੍ਰਧਾਨ ਯੂਥ ਅਕਾਲੀ ਦਲ ਨੇ ਇਕ ਸਾਂਝੇ ਪ੍ਰੈੱਸ ਬਿਆਨ ਰਾਹੀਂ ਸ ਸੁਖਬੀਰ ਸਿੰਘ ਬਾਦਲ ‘ਤੇ ਹੋਏ ਕਾਤਲਾਨਾ ਹਮਲੇ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕੀਤੀ ਹੈ। ਸ੍ਰੀ ਹਜ਼ੂਰ ਸਾਹਿਬ ਵਿੱਚ ਹੋਏ ਇਸ ਹਮਲੇ ਵਿੱਚ ਸ ਬਾਦਲ ਜਖਮੀ ਹੋ ਗਏ ਹਨ। ਉਪਰੋਕਤ ਆਗੂਆਂ ਨੇ ਕਿਹਾ ਕਿ ਸਿੱਖਾਂ ਦੇ ਗੁਰੂ ਘਰ ਸਮੂਹ ਸੰਗਤਾਂ ਦੇ ਸਾਂਝੇ ਧਰਮ ਸਥਾਨ ਹਨ ਜਿੱਥੇ ਆਪਣੇ ਨਾਲ-ਨਾਲ ਸਰਬੱਤ ਦਾ ਭਲਾ ਮੰਗਿਆ ਜਾਂਦਾ ਹੈ। ਅਜਿਹੇ ਪਵਿੱਤਰ ਅਸਥਾਨ ‘ਤੇ ਨਤਮਸਤਕ ਹੋਣ ਆਏ ਕਿਸੇ ਸ਼ਰਧਾਲੂ ਉਤੇ ਜਾਨਲੇਵਾ ਹਮਲਾ ਹੋਣਾ ਬਹੁਤ ਹੀ ਮੰਦਭਾਗੀ ਘਟਨਾ ਹੈ। ਆਗੂਆਂ ਨੇ ਇਸ ਗੱਲ ‘ਤੇ ਹੈਰਾਨੀ ਪ੍ਰਗਟਾਈ ਕਿ ਜੈੱਡ ਸੁਰੱਖਿਆ ਵਾਲੇ ਕਿਸੇ ਨੇਤਾ ਤੱਕ ਹਮਲਾਵਰ ਏਨੀ ਅਸਾਨੀ ਨਾਲ ਕਿਵੇਂ ਪਹੁੰਚ ਗਿਆ। ਇਸ ਗੱਲ ਦੀ ਬਰੀਕੀ ਨਾਲ ਜਾਂਚ ਹੋਣੀ ਚਾਹੀਦੀ ਹੈ। ਸਾਰੇ ਆਗੂਆਂ ਨੇ ਸ ਸੁਖਬੀਰ ਸਿੰਘ ਬਾਦਲ ਦੀ ਜਲਦ ਸਿਹਤਯਾਬੀ ਲਈ ਕਾਮਨਾ ਕੀਤੀ। ਪ੍ਰੈੱਸ ਨੂੰ ਇਹ ਬਿਆਨ ਮੀਡੀਆ ਇੰਚਾਰਜ ਸ ਤੇਜਿੰਦਰ ਸਿੰਘ ਪੰਨੂੰ ਨੇ ਜਾਰੀ ਕੀਤਾ।
ਸੁਖਬੀਰ ਬਾਦਲ ’ਤੇ ਹਮਲਾ ਨਿੰਦਣਯੋਗ, ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ – ਛੀਨਾ
ਭਾਜਪਾ ਦੇ ਸੀਨੀਅਰ ਆਗੂ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਮਹਾਰਾਸ਼ਟਰ ਦੇ ਨਾਂਦੇੜ ਸਥਿਤ ਤਖ਼ਤ ਸ੍ਰੀ ਹਜ਼ੂਰ ਸਾਹਿਬ ਨੇੜੇ ਹੋਏ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਆਗੂ ਜਾਂ ਨਾਗਰਿਕ ’ਤੇ ਹਿੰਸਕ ਹਮਲਾ ਲੋਕਤੰਤਰ ਅਤੇ ਸਮਾਜਿਕ ਸ਼ਾਂਤੀ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਅੱਜ ਦੇ ਹਮਲੇ ’ਚ ਬਾਦਲ ਦੇ ਹੱਥ ’ਤੇ ਸੱਟ ਲੱਗਣ ਦੀ ਰਿਪੋਰਟ ਹੈ ਅਤੇ ਸੁਰੱਖਿਆ ਕਰਮੀ ਵੀ ਜ਼ਖ਼ਮੀ ਹੋਇਆ ਹੈ। ਸ: ਛੀਨਾ ਨੇ ਕਿਹਾ ਕਿ ਧਾਰਮਿਕ ਅਸਥਾਨਾਂ ਦੀ ਪਵਿੱਤਰਤਾ ਅਤੇ ਮਰਿਆਦਾ ਨੂੰ ਕਾਇਮ ਰੱਖਣਾ ਹਰੇਕ ਵਿਅਕਤੀ ਦੀ ਜ਼ਿੰਮੇਵਾਰੀ ਹੈ। ਅਜਿਹੀਆਂ ਥਾਵਾਂ ’ਤੇ ਹਿੰਸਾ ਦੀ ਕੋਈ ਵੀ ਘਟਨਾ ਬੇਹੱਦ ਮੰਦਭਾਗੀ ਹੈ। ਉਨ੍ਹਾਂ ਕਿਹਾ ਕਿ ਸਿਆਸੀ ਜਾਂ ਵਿਚਾਰਧਾਰਕ ਮਤਭੇਦ ਆਪਣੀ ਥਾਂ ਹਨ, ਪਰ ਕਿਸੇ ਵੀ ਮਸਲੇ ਦਾ ਹੱਲ ਹਿੰਸਾ ਨਹੀਂ ਹੋ ਸਕਦਾ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਹਮਲੇ ਦੇ ਦੋਸ਼ੀ ਨੂੰ ਕਾਬੂ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ। ਹਮਲੇ ਪਿੱਛੇ ਅਸਲ ਕਾਰਨਾਂ ਅਤੇ ਕਿਸੇ ਸਾਜ਼ਿਸ਼ ਦੀ ਸੰਭਾਵਨਾ ਸਮੇਤ ਹਰ ਪਹਿਲੂ ਦੀ ਨਿਰਪੱਖ ਜਾਂਚ ਕੀਤੀ ਜਾਵੇ, ਤਾਂ ਜੋ ਸੱਚਾਈ ਸਾਹਮਣੇ ਆ ਸਕੇ। ਇਸ ਸਬੰਧੀ ਮਹਾਰਾਸ਼ਟਰ ਦੇ ਮੁੱਖ ਮੰਤਰੀ ਦੇਵਿੰਦਰ ਫੜਨਵੀਸ ਵੱਲੋਂ ਵੀ ਜਾਂਚ ਦੇ ਹੁਕਮ ਦਿੱਤੇ ਜਾਣ ਦੀ ਜਾਣਕਾਰੀ ਸਾਹਮਣੇ ਆਈ ਹੈ। ਸ: ਛੀਨਾ ਨੇ ਕਿਹਾ ਕਿ ਪੰਜਾਬ ਅਤੇ ਦੇਸ਼ ਦੀ ਅਮਨ-ਸ਼ਾਂਤੀ ਨੂੰ ਹਰ ਕੀਮਤ ’ਤੇ ਕਾਇਮ ਰੱਖਣਾ ਜ਼ਰੂਰੀ ਹੈ। ਉਨ੍ਹਾਂ ਸੁਖਬੀਰ ਸਿੰਘ ਬਾਦਲ ਦੀ ਜਲਦ ਸਿਹਤਯਾਬੀ ਦੀ ਕਾਮਨਾ ਕਰਦਿਆਂ ਕਿਹਾ ਕਿ ਲੋਕਤੰਤਰ ’ਚ ਹਰ ਵਿਅਕਤੀ ਨੂੰ ਆਪਣੇ ਵਿਚਾਰ ਪ੍ਰਗਟ ਕਰਨ ਦਾ ਅਧਿਕਾਰ ਹੈ ਅਤੇ ਹਿੰਸਾ ਲਈ ਕੋਈ ਥਾਂ ਨਹੀਂ ਹੋਣੀ ਚਾਹੀਦੀ।
Update:
ਨਾਂਦੇੜ, ਮਹਾਰਾਸ਼ਟਰ – ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਪੰਜਾਬ ਦੇ ਸਾਬਕਾ ਉਪ ਮੁੱਖ-ਮੰਤਰੀ ਸੁਖਬੀਰ ਸਿੰਘ ਬਾਦਲ ’ਤੇ ਵੀਰਵਾਰ ਨੂੰ ਮਹਾਰਾਸ਼ਟਰ ਦੇ ਨਾਂਦੇੜ ਵਿੱਚ ਹਮਲਾ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ ਇੱਕ ਗੁਰਦੁਆਰਾ ਸਾਹਿਬ ਦੇ ਕੰਪਲੈਕਸ ਵਿੱਚ ਵਾਪਰੀ। ਹਮਲੇ ਦੌਰਾਨ ਸੁਖਬੀਰ ਬਾਦਲ ਦੇ ਹੱਥ ’ਤੇ ਸੱਟ ਲੱਗੀ, ਜਿਸ ਤੋਂ ਬਾਅਦ ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਮੌਜੂਦਾ ਰਿਪੋਰਟਾਂ ਮੁਤਾਬਕ ਉਨ੍ਹਾਂ ਦੀ ਹਾਲਤ ਬਾਰੇ ਕੋਈ ਗੰਭੀਰ ਖ਼ਤਰੇ ਦੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ।
ਗੁਰਦੁਆਰਾ ਸਾਹਿਬ ਵਿੱਚ ਵਾਪਰੀ ਘਟਨਾ
ਜਾਣਕਾਰੀ ਮੁਤਾਬਕ ਸੁਖਬੀਰ ਸਿੰਘ ਬਾਦਲ ਨਾਂਦੇੜ ਦੇ ਗੁਰਦੁਆਰਾ ਸਾਹਿਬ ਵਿੱਚ ਨਿੱਜੀ ਦੌਰੇ ’ਤੇ ਗਏ ਹੋਏ ਸਨ। ਇਸੇ ਦੌਰਾਨ ਇੱਕ ਵਿਅਕਤੀ ਗੁਰਦੁਆਰਾ ਕੰਪਲੈਕਸ ਵਿੱਚ ਦਾਖਲ ਹੋਇਆ ਅਤੇ ਉਸ ਨੇ ਸੁਖਬੀਰ ਬਾਦਲ ਨੂੰ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ। ਰਿਪੋਰਟਾਂ ਵਿੱਚ ਹਮਲਾਵਰ ਨੂੰ ਨਿਹੰਗ ਦੱਸਿਆ ਗਿਆ ਹੈ ਅਤੇ ਉਸ ਵੱਲੋਂ ਤੇਜ਼ਧਾਰ ਹਥਿਆਰ, ਕਥਿਤ ਤੌਰ ’ਤੇ ਕਿਰਪਾਨ ਨਾਲ ਹਮਲਾ ਕਰਨ ਦੀ ਗੱਲ ਕਹੀ ਜਾ ਰਹੀ ਹੈ। ਹਾਲਾਂਕਿ ਹਮਲੇ ਦੇ ਪੂਰੇ ਕਾਰਨਾਂ ਅਤੇ ਘਟਨਾ ਦੇ ਸਾਰੇ ਵੇਰਵਿਆਂ ਦੀ ਅਧਿਕਾਰਤ ਜਾਂਚ ਜਾਰੀ ਹੈ। ਹਮਲੇ ਦੌਰਾਨ ਸੁਖਬੀਰ ਬਾਦਲ ਦੇ ਹੱਥ ’ਤੇ ਸੱਟ ਲੱਗੀ। ਮੌਕੇ ’ਤੇ ਮੌਜੂਦ ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਉਨ੍ਹਾਂ ਨੂੰ ਸੁਰੱਖਿਅਤ ਕੀਤਾ ਅਤੇ ਹਸਪਤਾਲ ਪਹੁੰਚਾਇਆ। ਘਟਨਾ ਵਿੱਚ ਇੱਕ ਸੁਰੱਖਿਆ ਕਰਮਚਾਰੀ ਦੇ ਜ਼ਖ਼ਮੀ ਹੋਣ ਦੀ ਵੀ ਰਿਪੋਰਟ ਹੈ।
ਹਸਪਤਾਲ ਲਿਜਾਇਆ ਗਿਆ
ਹਮਲੇ ਤੋਂ ਬਾਅਦ ਸੁਖਬੀਰ ਸਿੰਘ ਬਾਦਲ ਨੂੰ ਨਾਂਦੇੜ ਦੇ ਨਿੱਜੀ ਯਸ਼ੋਸਾਈ ਹਸਪਤਾਲ ਲਿਜਾਇਆ ਗਿਆ। ਸਾਹਮਣੇ ਆਈ ਵੀਡੀਓ ਵਿੱਚ ਉਹ ਸੁਰੱਖਿਆ ਕਰਮਚਾਰੀਆਂ ਦੇ ਘੇਰੇ ਵਿੱਚ ਹਸਪਤਾਲ ਅੰਦਰ ਜਾਂਦੇ ਦਿਖਾਈ ਦਿੰਦੇ ਹਨ। ਉਨ੍ਹਾਂ ਦੇ ਹੱਥ ’ਤੇ ਕੱਪੜਾ ਬੰਨ੍ਹਿਆ ਹੋਇਆ ਨਜ਼ਰ ਆ ਰਿਹਾ ਹੈ। ਹਸਪਤਾਲ ਵਿੱਚ ਡਾਕਟਰਾਂ ਵੱਲੋਂ ਉਨ੍ਹਾਂ ਦੀ ਜਾਂਚ ਕੀਤੀ ਗਈ ਅਤੇ ਉਨ੍ਹਾਂ ਨੂੰ ਡਾਕਟਰੀ ਨਿਗਰਾਨੀ ਹੇਠ ਰੱਖਿਆ ਗਿਆ। ਯਸ਼ੋਸਾਈ ਹਸਪਤਾਲ ਨਾਂਦੇੜ ਵਿੱਚ ਮੌਜੂਦ ਇੱਕ ਨਿੱਜੀ ਹਸਪਤਾਲ ਹੈ।
ਹਮਲਾਵਰ ਨੂੰ ਪੁਲਿਸ ਨੇ ਫੜਿਆ
ਘਟਨਾ ਤੋਂ ਤੁਰੰਤ ਬਾਅਦ ਪੁਲਿਸ ਨੇ ਹਮਲੇ ਨਾਲ ਸਬੰਧਤ ਇੱਕ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ। ਪੁਲਿਸ ਵੱਲੋਂ ਉਸ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਹਮਲੇ ਦੇ ਪਿੱਛੇ ਕੀ ਕਾਰਨ ਸੀ ਅਤੇ ਕੀ ਉਹ ਇਕੱਲਾ ਸੀ। ਫਿਲਹਾਲ ਹਮਲੇ ਦੇ ਮਕਸਦ ਬਾਰੇ ਅਧਿਕਾਰਤ ਤੌਰ ’ਤੇ ਕੋਈ ਪੱਕੀ ਜਾਣਕਾਰੀ ਸਾਹਮਣੇ ਨਹੀਂ ਆਈ। ਇਸ ਲਈ ਜਾਂਚ ਪੂਰੀ ਹੋਣ ਤੱਕ ਹਮਲੇ ਦੇ ਕਾਰਨ ਬਾਰੇ ਕਿਸੇ ਨਤੀਜੇ ’ਤੇ ਪਹੁੰਚਣਾ ਠੀਕ ਨਹੀਂ ਹੋਵੇਗਾ।
ਨਾਂਦੇੜ ਦੇ ਡਿਪਟੀ ਕਮਿਸ਼ਨਰ ਨੇ ਕੀ ਦੱਸਿਆ?
ਨਾਂਦੇੜ ਦੇ ਜ਼ਿਲ੍ਹਾ ਕਲੈਕਟਰ ਅਤੇ ਮੈਜਿਸਟਰੇਟ ਰਾਹੁਲ ਕਰਡੀਲੇ ਹਨ। ਜ਼ਿਲ੍ਹਾ ਪ੍ਰਸ਼ਾਸਨ ਦੀ ਅਧਿਕਾਰਤ ਵੈੱਬਸਾਈਟ ’ਤੇ ਵੀ ਉਨ੍ਹਾਂ ਦਾ ਨਾਮ ਜ਼ਿਲ੍ਹਾ ਕਲੈਕਟਰ ਵਜੋਂ ਦਰਜ ਹੈ। ਉਪਲਬਧ ਜਾਣਕਾਰੀ ਮੁਤਾਬਕ ਸੁਖਬੀਰ ਬਾਦਲ ਗੁਰਦੁਆਰਾ ਸਾਹਿਬ ਵਿੱਚ ਨਿੱਜੀ ਦੌਰੇ ’ਤੇ ਸਨ ਅਤੇ ਉਨ੍ਹਾਂ ਲਈ ਤੈਅ ਪ੍ਰਬੰਧਾਂ ਅਨੁਸਾਰ ਸੁਰੱਖਿਆ ਮੁਹੱਈਆ ਕਰਵਾਈ ਗਈ ਸੀ। ਇਸ ਦੇ ਬਾਵਜੂਦ ਇੱਕ ਵਿਅਕਤੀ ਅਚਾਨਕ ਕੰਪਲੈਕਸ ਵਿੱਚ ਦਾਖਲ ਹੋਇਆ ਅਤੇ ਹਮਲੇ ਦੀ ਕੋਸ਼ਿਸ਼ ਕੀਤੀ। ਮੌਕੇ ’ਤੇ ਮੌਜੂਦ ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਕਾਰਵਾਈ ਕੀਤੀ। ਇਸ ਦੌਰਾਨ ਬਾਦਲ ਨੂੰ ਸੱਟ ਲੱਗੀ, ਜਦਕਿ ਉਨ੍ਹਾਂ ਦੀ ਸੁਰੱਖਿਆ ਲਈ ਅੱਗੇ ਆਏ ਇੱਕ ਪੁਲਿਸ ਅਧਿਕਾਰੀ ਨੂੰ ਵੀ ਮਾਮੂਲੀ ਸੱਟ ਲੱਗਣ ਦੀ ਜਾਣਕਾਰੀ ਹੈ।
ਵੀਡੀਓ ਵਿੱਚ ਕੀ ਦਿਖਾਈ ਦੇ ਰਿਹਾ ਹੈ?
ਹਮਲੇ ਤੋਂ ਬਾਅਦ ਦੀ ਇੱਕ ਵੀਡੀਓ ਸੋਸ਼ਲ ਮੀਡੀਆ ਅਤੇ ਖ਼ਬਰਾਂ ਵਿੱਚ ਸਾਹਮਣੇ ਆਈ ਹੈ। ਇਸ ਵਿੱਚ ਸੁਖਬੀਰ ਸਿੰਘ ਬਾਦਲ ਸੁਰੱਖਿਆ ਕਰਮਚਾਰੀਆਂ ਦੇ ਵਿਚਕਾਰ ਹਸਪਤਾਲ ਵੱਲ ਜਾਂਦੇ ਦਿਖਾਈ ਦੇ ਰਹੇ ਹਨ। ਉਨ੍ਹਾਂ ਦੇ ਹੱਥ ’ਤੇ ਕੱਪੜਾ ਬੰਨ੍ਹਿਆ ਹੋਇਆ ਹੈ। ਵੀਡੀਓ ਸਾਹਮਣੇ ਆਉਣ ਤੋਂ ਬਾਅਦ ਘਟਨਾ ਨੂੰ ਲੈ ਕੇ ਲੋਕਾਂ ਵਿੱਚ ਚਰਚਾ ਤੇਜ਼ ਹੋ ਗਈ ਹੈ। ਹਾਲਾਂਕਿ ਵੀਡੀਓ ਦੇ ਆਧਾਰ ’ਤੇ ਘਟਨਾ ਦੇ ਹਰ ਪੱਖ ਬਾਰੇ ਨਤੀਜਾ ਕੱਢਣ ਦੀ ਬਜਾਏ ਪੁਲਿਸ ਦੀ ਜਾਂਚ ਦੀ ਉਡੀਕ ਕਰਨੀ ਜ਼ਰੂਰੀ ਹੈ।
ਸੁਰੱਖਿਆ ਨੂੰ ਲੈ ਕੇ ਸਵਾਲ
ਇਸ ਘਟਨਾ ਨੇ ਵੱਡੇ ਸਿਆਸੀ ਆਗੂਆਂ ਦੀ ਸੁਰੱਖਿਆ ਨੂੰ ਲੈ ਕੇ ਵੀ ਸਵਾਲ ਖੜ੍ਹੇ ਕੀਤੇ ਹਨ। ਖ਼ਾਸ ਕਰਕੇ ਗੁਰਦੁਆਰਾ ਸਾਹਿਬ ਵਰਗੇ ਧਾਰਮਿਕ ਸਥਾਨ ਦੇ ਅੰਦਰ ਕਿਸੇ ਵਿਅਕਤੀ ਦਾ ਹਥਿਆਰ ਸਮੇਤ ਆਗੂ ਦੇ ਨੇੜੇ ਪਹੁੰਚ ਜਾਣਾ ਸੁਰੱਖਿਆ ਪ੍ਰਬੰਧਾਂ ਲਈ ਗੰਭੀਰ ਮਾਮਲਾ ਮੰਨਿਆ ਜਾ ਰਿਹਾ ਹੈ। ਘਟਨਾ ਤੋਂ ਬਾਅਦ ਸੁਖਬੀਰ ਬਾਦਲ ਦੀ ਸੁਰੱਖਿਆ ਹੋਰ ਸਖ਼ਤ ਕੀਤੇ ਜਾਣ ਦੀ ਜਾਣਕਾਰੀ ਹੈ। ਪੁਲਿਸ ਵੱਲੋਂ ਘਟਨਾ ਵਾਲੀ ਥਾਂ ਦੇ ਹਾਲਾਤ ਅਤੇ ਸੁਰੱਖਿਆ ਪ੍ਰਬੰਧਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।
2024 ਵਿੱਚ ਵੀ ਹੋਇਆ ਸੀ ਜਾਨਲੇਵਾ ਹਮਲਾ
ਇਹ ਪਹਿਲੀ ਵਾਰ ਨਹੀਂ ਹੈ ਜਦੋਂ ਸੁਖਬੀਰ ਸਿੰਘ ਬਾਦਲ ਨੂੰ ਹਮਲੇ ਦਾ ਸਾਹਮਣਾ ਕਰਨਾ ਪਿਆ ਹੈ। 4 ਦਸੰਬਰ 2024 ਨੂੰ ਅੰਮ੍ਰਿਤਸਰ ਵਿੱਚ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਉਨ੍ਹਾਂ ’ਤੇ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਗਈ ਸੀ। ਉਸ ਸਮੇਂ ਸੁਖਬੀਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਸੇਵਾਦਾਰ ਵਜੋਂ ਡਿਊਟੀ ਕਰ ਰਹੇ ਸਨ। ਇੱਕ ਵਿਅਕਤੀ ਨੇ ਉਨ੍ਹਾਂ ਵੱਲ ਗੋਲੀ ਚਲਾਈ, ਪਰ ਮੌਕੇ ’ਤੇ ਮੌਜੂਦ ਇੱਕ ਸੇਵਾਦਾਰ ਨੇ ਹਮਲਾਵਰ ਦਾ ਹੱਥ ਉੱਪਰ ਕਰ ਦਿੱਤਾ, ਜਿਸ ਕਾਰਨ ਗੋਲੀ ਸੁਖਬੀਰ ਬਾਦਲ ਨੂੰ ਨਹੀਂ ਲੱਗੀ ਅਤੇ ਉਹ ਵਾਲ-ਵਾਲ ਬਚ ਗਏ। ਉਸ ਘਟਨਾ ਦੀ ਵੀਡੀਓ ਵੀ ਸਾਹਮਣੇ ਆਈ ਸੀ।
ਜਾਂਚ ਤੋਂ ਬਾਅਦ ਸਾਹਮਣੇ ਆਵੇਗੀ ਪੂਰੀ ਸੱਚਾਈ
ਨਾਂਦੇੜ ਵਿੱਚ ਹੋਏ ਤਾਜ਼ਾ ਹਮਲੇ ਨੇ ਇੱਕ ਵਾਰ ਫਿਰ ਸੁਖਬੀਰ ਸਿੰਘ ਬਾਦਲ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਪੈਦਾ ਕਰ ਦਿੱਤੀ ਹੈ। ਫਿਲਹਾਲ ਸਭ ਤੋਂ ਵੱਡੀ ਗੱਲ ਇਹ ਹੈ ਕਿ ਹਮਲੇ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਗਿਆ ਅਤੇ ਪੁਲਿਸ ਨੇ ਹਮਲੇ ਨਾਲ ਸਬੰਧਤ ਵਿਅਕਤੀ ਨੂੰ ਹਿਰਾਸਤ ਵਿੱਚ ਲੈ ਲਿਆ ਹੈ। ਹਮਲੇ ਦੇ ਪਿੱਛੇ ਅਸਲ ਕਾਰਨ ਕੀ ਸੀ, ਹਮਲਾਵਰ ਦਾ ਮਕਸਦ ਕੀ ਸੀ ਅਤੇ ਸੁਰੱਖਿਆ ਪ੍ਰਬੰਧਾਂ ਵਿੱਚ ਕਿੱਥੇ ਕਮੀ ਰਹੀ—ਇਨ੍ਹਾਂ ਸਾਰੇ ਸਵਾਲਾਂ ਦੇ ਜਵਾਬ ਪੁਲਿਸ ਦੀ ਜਾਂਚ ਤੋਂ ਬਾਅਦ ਹੀ ਸਪੱਸ਼ਟ ਹੋਣਗੇ। ਇਸ ਸਮੇਂ ਘਟਨਾ ਨਾਲ ਜੁੜੀ ਅਣਪੁਸ਼ਟੀ ਜਾਣਕਾਰੀ ਜਾਂ ਅਫਵਾਹਾਂ ਤੋਂ ਬਚਣਾ ਅਤੇ ਅਧਿਕਾਰਤ ਜਾਣਕਾਰੀ ’ਤੇ ਭਰੋਸਾ ਕਰਨਾ ਜ਼ਰੂਰੀ ਹੈ।
ਇਸ ਘਟਨਾ ਸਬੰਧੀ ਹੋਰ ਵੇਰਵਿਆਂ ਦੀ ਹੋਰ ਉਡੀਕ ਕੀਤੀ ਜਾ ਰਹੀ ਹੈ . . . . .।
