ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਜਨਰਲ ਸਕੱਤਰ ਤੇ ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਪਟਿਆਲਾ ਜੇਲ੍ਹ ਦੇ ਵਿੱਚ ਵੱਖਰੀ ਬੈਰਕ ਮੁਹੱਈਆ ਕਰਵਾਈ ਗਈ ਹੈ। ਮੈਡੀਕਲ ਬੋਰਡ ਦੀ ਟੀਮ ਨੇ ਨਿਯਮਾਂ ਅਨੁਸਾਰ ਬਿਕਰਮ ਮਜੀਠੀਆ ਦੀ ਸਿਹਤ ਦੀ ਜਾਂਚ ਕੀਤੀ, ਜਿਸ ਦੌਰਾਨ ਉਹ ਤੰਦਰੁਸਤ ਪਾਏ ਗਏ। ਕੇਂਦਰੀ ਜੇਲ੍ਹ ਪਟਿਆਲਾ ਦੇ ਜੇਲ੍ਹ ਸੁਪਰਡੈਂਟ ਸ਼ਿਵਰਾਜ ਸਿੰਘ ਨੰਦਗੜ੍ਹ ਨੇ ਦੱਸਿਆ ਕਿ ਸ਼ੁੱਕਰਵਾਰ ਨੂੰ ਬਿਕਰਮ ਮਜੀਠੀਆ ਦੀ ਸ਼ੁਰੂਆਤ ਜੇਲ੍ਹ ਨਿਯਮਾਂ ਅਨੁਸਾਰ ਹੀ ਹੋਈ। ਉਨ੍ਹਾਂ ਨੇ ਜੇਲ੍ਹ ਵਿੱਚ ਹੀ ਮਿਲਣ ਵਾਲਾ ਨਾਸ਼ਤਾ ਲਿਆ। ਹਾਲਾਂਕਿ ਉਹ ਆਪਣੀ ਮਰਜ਼ੀ ਮੁਤਾਬਕ ਜੇਲ ‘ਚ ਖਾਣਾ ਬਣਵਾ ਸਕਦੇ ਹਨ ਅਤੇ ਇਸ ਦੇ ਲਈ ਉਨ੍ਹਾਂ ਨੂੰ ਜੇਲ ਦੀ ਕੰਟੀਨ ‘ਚ ਮੌਜੂਦ ਸਾਮਾਨ ਖੁਦ ਲੈਣਾ ਹੋਵੇਗਾ ਪਰ ਬਿਕਰਮ ਮਜੀਠੀਆ ਨੇ ਅਜਿਹਾ ਨਹੀਂ ਕੀਤਾ। ਬਿਕਰਮ ਮਜੀਠੀਆ ਨੂੰ ਅਖ਼ਬਾਰ ਆਦਿ ਮੁਹੱਈਆ ਕਰਵਾਏ ਗਏ ਹਨ ਅਤੇ ਉਨ੍ਹਾਂ ਨੂੰ ਸੁਰੱਖਿਆ ਲਈ ਵੱਖਰੀ ਬੈਰਕ ਵਿੱਚ ਰੱਖਿਆ ਗਿਆ ਹੈ, ਜਿੱਥੇ ਹੋਰ ਕੋਈ ਕੈਦੀ ਨਹੀਂ ਹਨ। ਇਸ ਵੇਲੇ ਉਸ ਦੀ ਬੈਰਕ ਵਿੱਚ ਟੈਲੀਵਿਜ਼ਨ ਉਪਲਬਧ ਨਹੀਂ ਹੈ। ਜੇਲ੍ਹ ਸੁਪਰਡੈਂਟ ਨੇ ਕਿਹਾ ਕਿ ਜੇਕਰ ਬਿਕਰਮ ਮਜੀਠੀਆ ਇਸ ਸਬੰਧੀ ਕੋਈ ਮੰਗ ਕਰਦਾ ਹੈ ਤਾਂ ਉਸ ਨੂੰ ਟੈਲੀਵਿਜ਼ਨ ਵੀ ਮੁਹੱਈਆ ਕਰਵਾਇਆ ਜਾਵੇਗਾ।
ਵਰਨਣਯੋਗ ਹੈ ਕਿ ਪੰਜਾਬ ਵਿੱਚ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਬਿਕਰਮ ਸਿੰਘ ਮਜੀਠੀਆ ਨੂੰ ਨਾਰਕੋਟਿਕਸ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟੈਂਸ ਐਕਟ, 1985 ਦੇ ਤਹਿਤ ਇੱਕ ਅਪਰਾਧਿਕ ਮਾਮਲੇ ਵਿੱਚ ਸੁਪਰੀਮ ਕੋਰਟ ਵੱਲੋਂ 23 ਫਰਵਰੀ ਤੱਕ ਗ੍ਰਿਫਤਾਰੀ ਤੋਂ ਸੁਰੱਖਿਆ ਦਿੱਤੀ ਗਈ ਸੀ, ਜੋ ਖਤਮ ਹੋਣ ‘ਤੇ ਮਜੀਠੀਆ ਵੱਲੋਂ 24 ਫਰਵਰੀ ਵੀਰਵਾਰ ਨੂੰ ਅਦਾਲਤ ਵਿੱਚ ਆਤਮ ਸਮਰਪਣ ਕੀਤਾ ਗਿਆ ਸੀ। ਇਸ ਪਿੱਛੋਂ ਅਦਾਲਤ ਨੇ ਉਨ੍ਹਾਂ ਨੂੰ 8 ਮਾਰਚ ਤੱਕ ਜੂਡੀਸ਼ੀਅਲ ਰਿਮਾਂਡ ‘ਤੇ ਭੇਜ ਦਿੱਤਾ ਸੀ। ਮਜੀਠੀਆ ਨੂੰ ਪਟਿਆਲਾ ਜੇਲ੍ਹ ਦੇ ਵਿੱਚ ਰੱਖਿਆ ਗਿਆ ਹੈ।
ਇਸ ਦੌਰਾਨ ਅਕਾਲੀ ਨੇਤਾ ਦੇ ਵਕੀਲਾਂ ਵਲੋਂ ਹਾਈਕੋਰਟ ਦੇ ਵਿੱਚ ਜ਼ਮਾਨਤ ਦੇ ਲਈ ਅਰਜ਼ੀ ਦਿੱਤੀ ਜਾਵੇਗੀ। ਅਕਾਲੀ ਨੇਤਾ ਮਜੀਠੀਆ ਦੇ ਵਕੀਲ ਐਡਵੋਕੇਟ ਅਰਸ਼ਦੀਪ ਕਲੇਰ ਨੇ ਕਿਹਾ ਕਿ ਇਹ ਅਦਾਲਤ ਦਾ ਫੈਸਲਾ ਹੈ। ਅਸੀਂ ਹਾਈ ਕੋਰਟ ਜਾਵਾਂਗੇ। ਉਨ੍ਹਾਂ ਕਿਹਾ ਕਿ ਸਰਕਾਰੀ ਮਸ਼ੀਨਰੀ ਦੀ ਵਰਤੋਂ ਕਰਕੇ ਇਸ ਕੇਸ ਨੂੰ ਤਕਨੀਕੀ ਤੌਰ ’ਤੇ ਉਲਝਾ ਦਿੱਤਾ ਗਿਆ ਹੈ। ਐਨਡੀਪੀਐਸ ਐਕਟ ਦੀਆਂ ਅਜਿਹੀਆਂ ਧਾਰਾਵਾਂ ਹੀ ਲਗਾਈਆਂ ਗਈਆਂ ਹਨ। ਫਿਲਹਾਲ ਇਸ ਮਾਮਲੇ ‘ਚ ਅਦਾਲਤ ਦੇ ਫੈਸਲੇ ਦੇ ਖਿਲਾਫ਼ ਕੇ ਹਾਈਕੋਰਟ ‘ਚ ਅਪੀਲ ਕਰਨਗੇ।
ਇਥੇ ਇਹ ਵੀ ਵਰਨਣਯੋਗ ਹੈ ਕਿ ਹੈ ਕਿ ਬਿਕਰਮ ਸਿੰਘ ਮਜੀਠੀਆ ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਦੇ ਭਰਾ ਹਨ ਅਤੇ ਅੰਮ੍ਰਿਤਸਰ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਖਿਲਾਫ ਚੋਣ ਲੜੀ ਹੈ ਅਤੇ ਚੋਣਾਂ ਦੇ ਨਤੀਜੇ 10 ਮਾਰਚ ਨੂੰ ਆ ਰਹੇ ਹਨ।