Punjab

ਕੀ ਬਿਕਰਮ ਮਜੀਠੀਆ ਲੜਨਗੇ ਨਵਜੋਤ ਸਿੱਧੂ ਦੇ ਖਿਲਾਫ ਚੋਣ ?

ਚੰਡੀਗੜ੍ਹ – ਪੰਜਾਬ ਦੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਅੰਮ੍ਰਿਤਸਰ ਪੂਰਬੀ ਹਲਕੇ ਤੋਂ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਖਿਲਾਫ ਚੋਣ ਲੜਨ ਦੇ ਆਸਾਰ ਬਣ ਰਹੇ ਹਨ। ਕਲੱ੍ਹ ਜਦੋਂ ਜ਼ਮਾਨਤ ਮਿਲਣ ਮਗਰੋਂ ਪਲੇਠੀ ਪ੍ਰੈਸ ਕਾਨਫਰੰਸ ਵਿਚ ਇਸ ਬਾਰੇ ਪੁੱਛਿਆ ਗਿਆ ਤਾਂ ਮਜੀਠੀਆ ਨੇ ਕਿਹਾ ਕਿ ਸੰਗਤ ਦਾ ਜੋ ਵੀ ਫੈਸਲਾ ਹੋਵੇਗਾ, ਉਹ ਉਸਨੁੰ ਪ੍ਰਵਾਨ ਕਰਨਗੇ।
ਡਰੱਗਜ਼ ਮਾਮਲੇ ’ਚ ਐੱਫਆਈਆਰ ਦਰਜ ਹੋਣ ਤੋਂ ਬਾਅਦ ਗ਼ਾਇਬ ਹੋਣ ਬਾਰੇ ਸਫ਼ਾਈ ਦਿੰਦੇ ਹੋਏ ਮਜੀਠੀਆ ਨੇ ਕਿਹਾ, ‘ਮੈਂ ਫ਼ਰਾਰ ਨਹੀਂ ਹੋਇਆ ਸੀ, ‘ਰਾਹੂ ਤੇ ਕੇਤੂ’ (ਚੰਨੀ ਤੇ ਰੰਧਾਵਾ) ਨੂੰ ਪਤਾ ਸੀ ਕਿ ਮੈਂ ਕਿੱਥੇ ਹਾਂ।
ਡਰੱਗਜ਼ ਮਾਮਲੇ ’ਚ ਹਾਈ ਕੋਰਟ ਤੋਂ ਜ਼ਮਾਨਤ ਮਿਲਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮਜੀਠੀਆ ਨੇ ਕਿਹਾ, ਕਾਂਗਰਸ ਸਰਕਾਰ ਵੱਲੋਂ ਉਨ੍ਹਾਂ ਨੂੰ ਝੂਠੇ ਮਾਮਲੇ ’ਚ ਫਸਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਸੱਚਾਈ ਦੀ ਜਿੱਤ ਹੋਈ। ਉਨ੍ਹਾਂ ਸੂਬੇ ਦੇ ਇਕ ਪੁਲਿਸ ਮੁਖੀ, ਐੱਸਐੱਸਪੀ ਤੇ ਕਈ ਹੋਰ ਪੁਲਿਸ ਅਧਿਕਾਰੀਆਂ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਗ਼ੈਰ-ਕਾਨੂੰਨੀ ਮੰਗਾਂ ਮੰਨਣ ਤੋਂ ਇਨਕਾਰ ਕਰ ਦਿੱਤਾ ਤੇ ਸਰਕਾਰ ਦੇ ਨਾਜਾਇਜ਼ ਹੁਕਮਾਂ ਦੀ ਪਾਲਣਾ ਕਰਨ ਦੀ ਬਜਾਇ ਆਪਣਾ ਅਹੁਦਾ ਛੱਡਣ ਦਾ ਫ਼ੈਸਲਾ ਕੀਤਾ। ਉਨ੍ਹਾਂ ਕਿਹਾ ਕਿ ਪਿਛਲੇ ਤਿੰਨ ਮਹੀਨੇ ਤੋਂ ਕਾਂਗਰਸ ਨੇ ਸਿਰਫ ਬਦਲਾਖੋਰੀ ਦੀ ਰਾਜਨੀਤੀ ਹੀ ਕੀਤੀ ਹੈ। ਸੂਬੇ ਦੇ ਇਤਿਹਾਸ ’ਚ ਪਹਿਲਾਂ ਕਦੇ ਵੀ ਏਨੇ ਘੱਟ ਸਮੇਂ ਲਈ ਤਿੰਨ ਡੀਜੀਪੀ ਤੇ ਬਿਊਰੋ ਆਫ ਇਨਵੈਸਟੀਗੇਸ਼ਨ (ਬੀਓਆਈ) ਦੇ ਚਾਰ ਨਿਰਦੇਸ਼ਕਾਂ ਨੂੰ ਨਹੀਂ ਬਦਲਿਆ ਗਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਰੰਧਾਵਾ ਨੇ ਉਨ੍ਹਾਂ ਨੂੰ ਝੂਠੇ ਮਾਮਲੇ ’ਚ ਫਸਾਉਣ ਲਈ ਰੋਜ਼ਾਨਾਂ ਮੀਟਿੰਗਾਂ ਕੀਤੀਆਂ। ਇੱਥੋਂ ਤਕ ਕਿ ਇਸ ਖੇਤਰ ’ਚ ਡਰੱਗਜ਼ ਦੇ ਖ਼ਤਰੇ ਦੇ ਮੁੱਦੇ ’ਤੇ ਜਨਹਿੱਤ ਪਟੀਸ਼ਨ ’ਤੇ ਮੇਰੇ ਖ਼ਿਲਾਫ਼ ਝੂਠਾ ਮਾਮਲਾ ਦਰਜ ਕਰਨ ਤੋਂ ਭੱਜ ਗਈ, ਜੋ ਡੀਜੀਪੀ ਐੱਸ ਚਟੋਪਾਧਿਆਏ ਦੇ ਹੁਕਮ ’ਤੇ ਕੀਤਾ ਗਿਆ ਸੀ, ਜਿਨ੍ਹਾਂ ਨੂੰ ਖ਼ਾਸ ਕਰਕੇ ਇਸੇ ਮਕਸਦ ਲਈ ਲਿਆਂਦਾ ਗਿਆ ਸੀ। ਇਕ ਸਵਾਲ ਦੇ ਜਵਾਬ ’ਚ ਮਜੀਠੀਆ ਨੇ ਕਿਹਾ, ਮੈਂ ਫ਼ਰਾਰ ਨਹੀਂ ਸੀ ਹੋਇਆ, ‘ਰਾਹੂ ਤੇ ਕੇਤੂ’ (ਚੰਨੀ ਤੇ ਰੰਧਾਵਾ) ਨੂੰ ਪਤਾ ਸੀ ਕਿ ਮੈਂ ਕਿੱਥੇ ਹਾਂ। ਪ੍ਰੈਸਕਾਨਫਰੰਸ ਵਿਚ ਮਜੀਠੀਆ ਨੇ ਸਿੱਧੂ ਨੂੰ ‘ਬੰਦੇ ਦਾ ਪੁੱਤ’ ਬਣਾਉਣ ਦੀ ਗੱਲ ਵੀ ਕਹੀ।
ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਦਾਅਵਾ ਕੀਤਾ ਹੈ ਕਿ ਪੰਜਾਬ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸੁਰੱਖਿਆ ’ਚ ਕੁਤਾਹੀ ਨਹੀਂ ਹੋਈ ਬਲਕਿ ਸਾਜ਼ਿਸ਼ ਰਚੀ ਗਈ। ਪੁਲਿਸ ਬਲ ਦਾ ਮੁਕੰਮਲ ਸਿਆਸੀਕਰਨ ਹੋਣ ਕਾਰਨ ਡੀਜੀਪੀ ਚਟੋਪਾਧਿਆਏ ਨੇ ਪ੍ਰਧਾਨ ਮੰਤਰੀ ਮੋਦੀ ਦੀ ਹਾਲੀਆ ਫਿਰੋਜ਼ਪੁਰ ਰੈਲੀ ਦੌਰਾਨ ਉਨ੍ਹਾਂ ਦੀ ਸੁਰੱਖਿਆ ਨਾਲ ਸਮਝੌਤਾ ਕਰਨ ਦੀ ਮਨਜ਼ੂਰੀ ਦਿੱਤੀ ਸੀ। ਇਹ ਇਕ ਯੋਜਨਾਬੱਧ ਸਾਜ਼ਿਸ਼ ਸੀ, ਜੋ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਰਚੀ ਗਈ ਤੇ ਇਸ ’ਚ ਖ਼ੁਦ ਮੁੱਖ ਮੰਤਰੀ ਤੇ ਗ੍ਰਹਿ ਮੰਤਰੀ ਮੁੱਖ ਸਾਜ਼ਿਸ਼ਕਰਤਾ ਸਨ। ਕਾਰਜਕਾਰੀ ਡੀਜੀਪੀ ਚਟੋਪਾਧਿਆਏ ’ਤੇ ਵਰ੍ਹਦੇ ਹੋਏ ਮਜੀਠੀਆ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਯੋਗ ਨਾ ਹੋਣ ਦੇ ਬਾਵਜੂਦ ਉਨ੍ਹਾਂ ਨੂੰ ਇਸ ਉੱਚ ਅਹੁਦੇ ’ਤੇ ਬਿਠਾਇਆ ਤੇ ਉਨ੍ਹਾਂ ਆਪਣੇ ਗ਼ੈਰ-ਜ਼ਿੰਮੇਵਾਰੀ ਵਾਲੇ ਰਵੱਈਏ ਨਾਲ ਪੰਜਾਬ ਨੂੰ ਬਹੁਤ ਨੁਕਸਾਨ ਪਹੁੰਚਾਇਆ ਹੈ। ਮਜੀਠੀਆ ਨੇ ਪ੍ਰਧਾਨ ਮੰਤਰੀ ਦੀ ਸੁਰੱਖਿਆ ਦੇ ਮੁੱਦੇ ’ਤੇ ਮੁੱਖ ਮੰਤਰੀ ਦੀ ਨਿੰਦਾ ਕੀਤੀ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਅਸੀਂ ਦੇਖਿਆ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਰਜੀਵ ਗਾਂਧੀ ਨੂੰ ਹਾਰ ਪਹਿਨਾਉਣ ਆਏ ਲੋਕਾਂ ਨੇ ਉਨ੍ਹਾਂ ਦੀ ਕਿਵੇਂ ਹੱਤਿਆ ਕਰ ਦਿੱਤੀ ਸੀ।

ਇਹ ਸੱਚਾਈ ਦੀ ਜਿੱਤ ਹੈ – ਬ੍ਰਹਮਪੁਰਾ

ਸ਼੍ਰੋਮਣੀ ਅਕਾਲੀ ਦਲ ਦੇ ਮਜੀਠਾ ਹਲਕੇ ਤੋਂ ਵਿਧਾਇਕ ਅਤੇ ਸਾਬਕਾ ਕੈਬਨਿਟ ਬਿਕਰਮ ਸਿੰਘ ਮਜੀਠੀਆ ’ਤੇ ਕਾਂਗਰਸ ਵੱਲੋਂ ਝੂਠਾ ਡਰੱਗ ਕੇਸ ਦਰਜ ਕਰਵਾਇਆ ਗਿਆ ਸੀ ਜਿਸ ਵਿਚੋਂ ਅੱਜ ਹਾਈ ਕੋਰਟ ਤੋਂ ਮਜੀਠੀਆ ਨੂੰ ਜ਼ਮਾਨਤ ਮਿਲ ਗਈ ਹੈ ਅਤੇ ਇਹ ਸੱਚਾਈ ਦੀ ਜਿੱਤ ਹੈ। ਇਹ ਪ੍ਰਗਟਾਵਾ ਸਾਬਕਾ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕੀਤਾ ਹੈ।

ਬ੍ਰਹਮਪੁਰਾ ਨੇ ਕਿਹਾ ਕਿ ਕਾਂਗਰਸ ਸਰਕਾਰ ਨੇ ਆਪਣੀ ਹਾਰ ਨੂੰ ਦੇਖਦੇ ਹੋਏ ਬਦਲੇ ਦੀ ਭਾਵਨਾ ਨਾਲ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਲਈ ਇਹ ਝੂਠਾ ਕੇਸ ਬਿਕਰਮ ਮਜੀਠੀਆ ਉੱਪਰ ਦਰਜ ਕਰਵਾਇਆ ਸੀ ਜਿਸ ਨੂੰ ਹਾਈ ਕੋਰਟ ਨੇ ਸਿਆਸਤ ਤੋਂ ਪੇ੍ਰਿਤ ਸਮਝ ਕੇ ਮਜੀਠੀਆ ਨੂੰ ਰਾਹਤ ਦਿੱਤੀ ਹੈ ਤੇ ਉਨ੍ਹਾਂ ਦੀ ਜ਼ਮਾਨਤ ਨੂੰ ਮਨਜ਼ੂਰੀ ਦੇ ਦਿੱਤੀ ਹੈ। ਬ੍ਰਹਮਪੁਰਾ ਪਰਿਵਾਰ ਅਤੇ ਖਡੂਰ ਸਾਹਿਬ ਹਲਕੇ ਦੇ ਸਮੂਹ ਸ਼੍ਰੋਮਣੀ ਅਕਾਲੀ ਦਲ ਦੇ ਅਹੁਦੇਦਾਰਾਂ, ਵਰਕਰਾਂ ਨੇ ਖੁਸ਼ੀ ਮਨਾ ਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਹੈ। ਰਵਿੰਦਰ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਜਦੋਂ ਮਜੀਠੀਆ ਦੀ ਜ਼ਮਾਨਤ ਦੀ ਖਬਰ ਸਾਹਮਣੇ ਆਈ, ਨੌਜਵਾਨਾਂ ਵਿਚ ਖੁਸ਼ੀ ਦੀ ਲਹਿਰ ਦੌੜ ਗਈ।

Related posts

ਸੁਰਜੀਤ ਪਾਤਰ ਦੀ ਯਾਦ ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਬਣੇਗਾ ਏਆਈ ਸੈਂਟਰ !

admin

ਮਾਘੀ ਮੇਲੇ ‘ਤੇ ਵੱਖ-ਵੱਖ ਅਕਾਲੀ ਦਲਾਂ ਵਲੋਂ ਕਾਨਫਰੰਸਾਂ !

admin

ਭਾਰਤ ਦੇ 94 ਸ਼ਹਿਰਾਂ ‘ਚ ਟ੍ਰੈਫਿਕ ਜਾਮ ਦੇ ਹੱਲ ਲਈ ਰਿੰਗ ਰੋਡ ਬਨਾਉਣ ਦੀ ਯੋਜਨਾ !

admin