ਚੰਡੀਗੜ੍ਹ – ਕਾਂਗਰਸ ਹਾਈਕਮਾਂਡ ਦੇ ਵਲੋਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਅਸਤੀਫ਼ੇ ਦੇ ਲਈ ਮਜ਼ਬੂਰ ਕਰਨ ਦੇ ਲਈ ਚਲਾਇਆ ਗਿਆ ਸੀਕਰਟ ਅਪਰੇਸ਼ਨ’ ਅਤੇ ਨਵੇਂ ਮੁੱਖ ਮੰਤਰੀ ਦੀ ਤਲਾਸ਼ ਲਈ ਚੱਲੇ ਘਮਸਾਣ ਦੇ ਉਪਰ ਜੋਰਾਂ ਦੇ ਉਪਰ ਚੱਲ ਰਹੀ ਹੈ। ਇਸ ਪੂਰੇ ਘਟਨਾਕ੍ਰਮ ਦੇ ਨਾਲ ਬੜੇ ਨੇੜਿਉਂ ਜੁੜੇ ਅਤੇ ਇਸ ਉਪਰ ਨਜ਼ਰ ਰੱਖ ਰਹੇ ਸਿਆਸੀ ਮਾਹਿਰ ਦਾ ਮੰਨਣਾ ਹੈ ਕਿ ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਦਾ ਨਾਮ ਨਵਜੋਤ ਸਿੰਘ ਸਿੱਧੂ ਨੇ ਨਹੀਂ ਬਲਕਿ ਖਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਹਾਈਕਮਾਂਡ ਨੂੰ ਪੇਸ਼ ਕੀਤਾ ਸੀ ਅਤੇ ਚੰਨੀ ਨੂੰ ਮੁੱਖ ਮੰਤਰੀ ਦਾ ਅਹੁਦਾ ਦਿਵਾਉਣ ਦੇ ਵਿੱਚ ਮਨਪ੍ਰੀਤ ਬਾਦਲ ਦੀ ਬਹੁਤ ਹੀ ਅਹਿਮ ਭੂਮਿਕਾ ਰਹੀ ਹੈ।
ਸਿਆਸੀ ਹਲਕਿਆਂ ਦੇ ਵਿੱਚ ਹੁਣ ਇਸ ਗੱਲ ਦੀ ਚਰਚਾ ਹੈ ਕਿ ਪੂਰੇ ਵਿਵਾਦ ਨੂੰ ਸੁਲਝਾਉਣ ਵਿੱਚ ਮਨਪ੍ਰੀਤ ਬਾਦਲ ਦੀ ਭੂਮਿਕਾ ਅਹਿਮ ਸੀ। ਇਥੋਂ ਤੱਕ ਕਿ ਮੁੱਖ ਮੰਤਰੀ ਚੁਣੇ ਜਾਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਸਭ ਤੋਂ ਪਹਿਲਾਂ ਮਨਪ੍ਰੀਤ ਸਿੰਘ ਬਾਦਲ ਦੇ ਘਰ ਉਹਨਾਂ ਦਾ ਧੰਨਵਾਦ ਕਰਨ ਦੇ ਲਈ ਪਹੁੰਚੇ ਸਨ। ਚੰਨੀ ਇਸ ਤੋਂ ਬਾਅਦ ਮਨਪ੍ਰੀਤ ਬਾਦਲ ਨੂੰ ਨਾਲ ਲੈ ਕੇ ਰਾਜਪਾਲ ਨੂੰ ਮਿਲਣ ਗਏ। ਇਸ ਕਸ਼ਮਕੱਸ਼ ਦੇ ਵਿੱਚ ਨਵਜੋਤ ਸਿੰਘ ਸਿੱਧੂ ਨੇ ਖੁਦ ਮੁੱਖ ਮੰਤਰੀ ਬਣਨ ਦਾ ਦਾਅਵਾ ਪੇਸ਼ ਕੀਤਾ ਸੀ ਅਤੇ ਹਾਈ ਕਮਾਂਡ ਦੁਚਿੱਤੀ ਵਿੱਚ ਸੀ, ਜਦੋਂ ਕਿ ਮਨਪ੍ਰੀਤ ਸਿੰਘ ਬਾਦਲ ਨੇ ਵਿਚਕਾਰਲਾ ਰਾਹ ਲੱਭਿਆ ਸੀ।
ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ, ਪੰਜਾਬ ਦੇ ਨਵੇਂ ਮੁੱਖ ਮੰਤਰੀ ਬਾਰੇ ਫੈਸਲਾ ਸ਼ਨੀਵਾਰ ਰਾਤ ਨੂੰ ਹੀ ਵਿਧਾਇਕ ਦਲ ਦੀ ਮੀਟਿੰਗ ਵਿੱਚ ਲਿਆ ਜਾਣਾ ਸੀ ਅਤੇ ਸਾਬਕਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦਾ ਮੁੱਖ ਮੰਤਰੀ ਬਣਨਾ ਲਗਭਗ ਤੈਅ ਸੀ। ਇਸ ਦੌਰਾਨ, ਅਚਾਨਕ ਪੰਜਾਬ ਦੇ ਸਿੱਖ ਰਾਜ ਹੋਣ ਕਾਰਨ, ਸਿੱਖ ਚਿਹਰੇ ਦੀ ਮੰਗ ਸ਼ੁਰੂ ਹੋ ਗਈ ਅਤੇ ਕਾਂਗਰਸ ਹਿੰਦੂ ਅਤੇ ਸਿੱਖ ਚਿਹਰੇ ਦੇ ਮਾਮਲੇ ਵਿੱਚ ਉਲਝ ਗਈ। ਸੂਤਰਾਂ ਅਨੁਸਾਰ ਪਹਿਲਾਂ ਮੁੱਖ ਮੰਤਰੀ ਲਈ ਸੁਖਜਿੰਦਰ ਸਿੰਘ ਰੰਧਾਵਾ (ਸੁੱਖੀ) ਦੇ ਨਾਂ ‘ਤੇ ਸਹਿਮਤੀ ਸੀ, ਪਰ ਨਵਜੋਤ ਸਿੱਧੂ ਉਨ੍ਹਾਂ ਦੇ ਨਾਂ ਨਾਲ ਸਹਿਮਤ ਨਹੀਂ ਸਨ। ਸਿੱਧੂ ਨੇ ਆਪਣੇ ਆਪ ਨੂੰ ਮੁੱਖ ਮੰਤਰੀ ਬਣਾਉਣ ਦਾ ਦਾਅਵਾ ਪੇਸ਼ ਕੀਤਾ ਸੀ, ਪਰ ਉਹ ਪੰਜਾਬ ਕਾਂਗਰਸ ਦੇ ਮੁਖੀ ਹਨ, ਇਸ ਲਈ ਹਾਈਕਮਾਨ ਨੇ ਉਨ੍ਹਾਂ ਦੇ ਨਾਂ ਨੂੰ ਮਨਜ਼ੂਰੀ ਨਹੀਂ ਦਿੱਤੀ। ਇਸ ਤੋਂ ਬਾਅਦ ਸਿੱਧੂ ਡੇਰੇ ਨੇ ਦਲਿਤ ਮੁੱਖ ਮੰਤਰੀ ਬਣਾਉਣ ਦੀ ਗੱਲ ਕੀਤੀ। ਸਿੱਧੂ ਦੇ ਚੰਨੀ ਦੇ ਨਾਂ ਪਿੱਛੇ ਇੱਕ ਖਾਸ ਕਾਰਨ ਹੈ। ਦਰਅਸਲ, ਸਿੱਧੂ ਇੱਕ ਅਜਿਹਾ ਮੁੱਖ ਮੰਤਰੀ ਚਾਹੁੰਦੇ ਸਨ ਜੋ ਉਨ੍ਹਾਂ ਦੀ ਗੱਲ ਸੁਣੇ, ਪਰ ਸੁਖਜਿੰਦਰ ਰੰਧਾਵਾ ਦਾ ਸੁਭਾਅ ਅਜਿਹਾ ਨਹੀਂ ਹੈ ਤੇ ਉਹ ਅੱਖੜ ਸੁਭਾਅ ਦੇ ਹਨ।
ਇਸੇ ਦੌਰਾਨ ਮੁੱਖ ਮੰਤਰੀ ਵਜੋਂ ਚੁਣੇ ਜਾਣ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਨੂੰ ਵਧਾਈਆਂ ਦੇਣ ਵਾਲੇ ਲੋਕਾਂ ਦੀ ਭੀੜ ਲੱਗੀ ਰਹੀ। ਉਨ੍ਹਾਂ ਨੂੰ ਵਧਾਈ ਦਿੰਦੇ ਹੋਏ ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਟਵੀਟ ਕੀਤਾ ਕਿ ਨਵੀਆਂ ਜ਼ਿੰਮੇਵਾਰੀਆਂ ਲਈ ਵਧਾਈ। ਅਸੀਂ ਹੁਣ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਦੇ ਰਹਾਂਗੇ। ਉਨ੍ਹਾਂ ਦਾ ਵਿਸ਼ਵਾਸ ਸਾਡੇ ਲਈ ਮਹੱਤਵਪੂਰਨ ਹੈ। ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਟਵੀਟ ਕਰਕੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੈਨੂੰ ਉਮੀਦ ਹੈ ਕਿ ਚੰਨੀ ਸਰਹੱਦ ਪਾਰ ਤੋਂ ਲਗਾਤਾਰ ਆ ਰਹੀਆਂ ਧਮਕੀਆਂ ਦੇ ਵਿਰੁੱਧ ਸਰਹੱਦੀ ਰਾਜ ਪੰਜਾਬ ਅਤੇ ਲੋਕਾਂ ਦੀ ਸੁਰੱਖਿਆ ਦੀ ਰੱਖਿਆ ਕਰੇਗਾ। ਇਥੇ ਇਹ ਵੀ ਦੱਸਣਾ ਜਰੂਰੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਹੀ ਪਹਿਲੀ ਵਾਰ ਚਰਨਜੀਤ ਸਿੰਘ ਚੰਨੀ ਨੂੰ ਟਿਕਟ ਦਿੱਤੀ ਸੀ।