
ਖੇਡਾਂ ਕਿਸੇ ਵੀ ਵਿਅਕਤੀ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਖੇਡਾਂ ਪ੍ਰਤੀ ਜਾਗਰੂਕਤਾ ਅਤੇ ਖੇਡਾਂ ਦੇ ਵਿਕਾਸ ਲਈ ਵਿਸ਼ਵ ਭਰ ਵਿੱਚ ਹਰ ਸਾਲ 6 ਅਪ੍ਰੈਲ ਨੂੰ ਅੰਤਰਰਾਸ਼ਟਰੀ ਖੇਡ ਦਿਵਸ ਮਨਾਇਆ ਜਾਂਦਾ ਹੈ। ਇਸ ਦਿਨ ਦੁਨੀਆ ਭਰ ਵਿੱਚ ਕਈ ਤਰ੍ਹਾਂ ਦੀਆਂ ਖੇਡਾਂ ਦਾ ਆਯੋਜਨ ਕੀਤਾ ਜਾਂਦਾ ਹੈ। ਇਹਨਾਂ ਖੇਡ ਮੁਕਾਬਲਿਆਂ ਵਿੱਚ ਸਮਾਜ ਦੇ ਹਰ ਵਰਗ ਦੇ ਲੋਕਾਂ ਨੂੰ ਜੋੜਨ ਲਈ ਵੱਡੇ ਪੱਧਰ ਤੇ ਮੁਹਿੰਮ ਚਲਾਈ ਜਾਂਦੀ ਹੈ।
ਦਰਅਸਲ, ਸੰਯੁਕਤ ਰਾਸ਼ਟਰ ਮਹਾਸਭਾ ਨੇ ਵਿਸ਼ਵ ਭਰ ਵਿੱਚ ਖੇਡਾਂ ਦੀ ਭੂਮਿਕਾ ਅਤੇ ਯੋਗਦਾਨ ਪ੍ਰਤੀ ਜਾਗਰੂਕਤਾ, ਵਿਕਾਸ ਅਤੇ ਸ਼ਾਂਤੀ ਲਈ ਅੰਤਰਰਾਸ਼ਟਰੀ ਖੇਡ ਦਿਵਸ ਮਨਾਉਣ ਦਾ ਪ੍ਰਸਤਾਵ ਰੱਖਿਆ ਸੀ। ਇਸ ਦਿਵਸ ਨੂੰ ਪਹਿਲੀ ਵਾਰ 23 ਅਗਸਤ 2013 ਨੂੰ ਸੰਯੁਕਤ ਰਾਸ਼ਟਰ ਮਹਾਸਭਾ ਦੁਆਰਾ ਹਰ ਸਾਲ ਮਨਾਏ ਜਾਣ ਦਾ ਐਲਾਨ ਕੀਤਾ ਗਿਆ ਸੀ।
ਇਸ ਤੋਂ ਬਾਅਦ 6 ਅਪ੍ਰੈਲ 2014 ਤੋਂ ਅੰਤਰਰਾਸ਼ਟਰੀ ਓਲੰਪਿਕ ਕਮੇਟੀ ਤੋਂ ਮਾਨਤਾ ਮਿਲਣ ਤੋਂ ਬਾਅਦ ਇਹ ਹਰ ਸਾਲ ਮਨਾਇਆ ਜਾ ਰਿਹਾ ਹੈ। ਤੁਹਾਨੂੰ ਦੱਸ ਦੇਈਏ ਕਿ ਪਹਿਲੀਆਂ ਓਲੰਪਿਕ ਖੇਡਾਂ ਦਾ ਆਯੋਜਨ 6 ਅਪ੍ਰੈਲ 1896 ਨੂੰ ਏਥਨਜ਼ (ਗ੍ਰੀਸ) ਵਿੱਚ ਹੋਇਆ ਸੀ। ਇਸੇ ਲਈ ਵਿਕਾਸ ਅਤੇ ਸ਼ਾਂਤੀ ਲਈ ਅੰਤਰਰਾਸ਼ਟਰੀ ਖੇਡ ਦਿਵਸ 6 ਅਪ੍ਰੈਲ ਨੂੰ ਮਨਾਇਆ ਜਾਂਦਾ ਹੈ।
ਇਸ ਦਿਨ ਅੰਤਰਰਾਸ਼ਟਰੀ, ਰਾਸ਼ਟਰੀ ਅਤੇ ਖੇਤਰੀ ਪੱਧਰ ‘ਤੇ ਖੇਡਾਂ ਦੇ ਵਿਕਾਸ ਲਈ ਕੰਮ ਕਰਨ ਵਾਲੀਆਂ ਖੇਡ ਸੰਸਥਾਵਾਂ ਅਤੇ ਸੰਗਠਨਾਂ ਨੂੰ ਉਤਸ਼ਾਹਿਤ ਕੀਤਾ ਜਾਂਦਾ ਹੈ। ਦੇਸ਼ ਵਿੱਚ ਰਾਸ਼ਟਰੀ ਅਤੇ ਖੇਤਰੀ ਪੱਧਰ ‘ਤੇ ਵੱਖ-ਵੱਖ ਖੇਡ ਸਮਾਗਮ ਕਰਵਾਏ ਜਾਂਦੇ ਹਨ। ਜਿਸ ਵਿੱਚ ਭਾਗ ਲੈਣ ਵਾਲੇ ਖਿਡਾਰੀਆਂ ਨੂੰ ਸਨਮਾਨਿਤ ਵੀ ਕੀਤਾ ਜਾਂਦਾ ਹੈ। ਵਿਕਾਸ ਅਤੇ ਸ਼ਾਂਤੀ ਲਈ ਅੰਤਰਰਾਸ਼ਟਰੀ ਖੇਡ ਦਿਵਸ ਮਨਾਉਣ ਦਾ ਮੁੱਖ ਉਦੇਸ਼ ਚੰਗੇ ਸਮਾਜ ਦੀ ਉਸਾਰੀ, ਵਿਕਾਸ, ਵਿਸ਼ਵ ਸ਼ਾਂਤੀ ਅਤੇ ਭਾਈਚਾਰਕ ਸਾਂਝ ਨੂੰ ਖੇਡਾਂ ਰਾਹੀਂ ਉਤਸ਼ਾਹਿਤ ਕਰਨਾ ਹੈ।
ਜੇਕਰ ਆਪਣੇ ਮੁਲਕ ਭਾਰਤ ਦੀ ਗੱਲ ਕਰੀਏ ਤਾਂ ਹਾਲੇ ਵੀ ਇਸ ਦਿਵਸ ਦੀ ਜਾਣਕਾਰੀ ਬਹੁਤ ਘੱਟ ਲੋਕਾਂ ਨੂੰ ਪ੍ਰਾਪਤ ਹੈ। ਖੇਡ ਮੰਤਰਾਲੇ ਨੂੰ ਇੰਡੀਅਨ ਓਲਿੰਪਿਕ ਐਸੋਸੀਏਸ਼ਨ ਅਤੇ ਹੋਰਨਾਂ ਖੇਡ ਫ਼ੈਡਰੇਸ਼ਨਾ ਦੇ ਸਹਿਯੋਗ ਨਾਲ ਵੱਡੇ ਪੱਧਰ ਤੇ ਮਨਾਉਣਾ ਚਾਹੀਦਾ ਹੈ, ਤਾਂ ਜੋ ਲੋਕਾਂ ਨੂੰ ਖੇਡਾਂ ਦੇ ਨਾਲ ਜੋੜਕੇ ਇੱਕ ਚੰਗੇ ਸਿਹਤਮੰਦ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ।