Punjab

ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 420ਵਾਂ ਪ੍ਰਕਾਸ਼ ਪੁਰਬ ਮਨਾਇਆ

ਅੰਮ੍ਰਿਤਸਰ – ਖਾਲਸਾ ਕਾਲਜ ਗਵਰਨਿੰਗ ਕੌਂਸਲ ਵੱਲੋਂ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 420ਵਾਂ ਪ੍ਰਕਾਸ਼ ਪੁਰਬ ਖਾਲਸਾ ਕਾਲਜ ਕੈਂਪਸ ਸਥਿਤ ਗੁਰਦੁਆਰਾ ਸਾਹਿਬ ਵਿਖੇ ਬੜੇ ਉਤਸ਼ਾਹ ਤੇ ਸ਼ਰਧਾ ਭਾਵਨਾ ਸਹਿਤ ਮਨਾਇਆ ਗਿਆ। ਇਸ ਮੌਕੇ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਗੁਰੂ ਚਰਨਾਂ ’ਚ ਨਤਮਸਤਕ ਹੋਣ ਉਪਰੰਤ ਹਾਜ਼ਰ ਅਤੇ ਦੇਸ਼-ਵਿਦੇਸ਼ ’ਚ ਵੱਸਦੀ ਸਮੂੰਹ ਸੰਗਤ ਨੂੰ ਇਸ ਪਾਵਨ ਦਿਹਾੜੇ ’ਤੇ ਵਧਾਈ ਦਿੱਤੀ।

ਇਸ ਪਵਿੱਤਰ ਦਿਹਾੜੇ ’ਤੇ ਖਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਹਾਜ਼ਰ ਸੰਗਤ ਨੂੰ ਰਸਭਿੰਨੇ ਕੀਰਤਨ ਦੀ ਛਹਿਬਰ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ। ਇਸ ਤੋਂ ਬਾਅਦ ਸਿੱਖ ਇਤਿਹਾਸ ਵਿਦਵਾਨ ਅਤੇ ਖ਼ਾਲਸਾ ਕਾਲਜ ਸੀਨੀਅਰ ਸੈਕੰਡਰੀ ਸਕੂਲ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਨੇ ‘ਸ੍ਰੀ ਗੁਰੂ ਗ੍ਰੰਥ ਸਾਹਿਬ’ ਸਬੰਧੀ ਵਿਸਥਾਰ ਪੂਰਵਕ ਸੰਗਤ ਨੂੰ ਜਾਣੂ ਕਰਵਾਇਆ ਅਤੇ ਗੁਰੂ ਸਾਹਿਬਾਨਾਂ ਦੁਆਰਾ ਦਿੱਤੇ ਗਏ ਉਪਦੇਸ਼ਾਂ ’ਤੇ ਚਾਨਣਾ ਪਾਇਆ।

ਇਸ ਦੌਰਾਨ ਸ: ਛੀਨਾ ਨੇ ਕਿਹਾ ਸਭਨਾਂ ਨੂੰ ਧੁਰ ’ਤੋਂ ਆਈ ਹੋਈ ਬਾਣੀ ‘ਸ੍ਰੀ ਗੁਰੂ ਗ੍ਰੰਥ ਸਾਹਿਬ’ ਜੋ ਕਿ ਜੁਗਾ-ਜੁਗਾਂਤਰ ਅੰਗ-ਸੰਗ ਸਹਾਈ ਹੈ, ਦਾ ਸਿਮਰਨ ਕਰਨਾ ਚਾਹੀਦਾ ਹੈ, ਜਿਸ ਨਾਲ ਹਰੇਕ ਕਲਾ-ਕਲੇਸ਼ ਅਤੇ ਚਿੰਤਾਵਾਂ ਮੁਕ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਬਾਣੀ ਨੂੰ ਸ਼ੁੱਧ ਰੂਪ ’ਚ ਰੱਖਣ ਅਤੇ ਲੋਕ ਭਲਾਈ ਲਈ ਇਕ ਗ੍ਰੰਥ ਸਾਹਿਬ ’ਚ ਇੱਕਤਰ ਕਰਨ ਦਾ ਮਹਾਨ ਫ਼ੈਸਲਾ ਲਿਆ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਕਰਦਿਆਂ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸਭ ਤੋਂ ਪਹਿਲਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਮਹਾਨ ਰਚਨਾ ‘ਜਪੁਜੀ ਸਾਹਿਬ’ ਨੂੰ ਥਾਂ ਦਿੱਤੀ। ਇਸ ਮਹਾਨ ਕਾਰਜ ਲਈ ਗੁਰੂ ਸਾਹਿਬ ਜੀ ਨੇ ਭਾਈ ਗੁਰਦਾਸ ਜੀ ਨੂੰ ਲਿਖਾਰੀ ਨਿਯੁਕਤ ਕਰਕੇ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਰਾਮਸਰ ਦੇ ਕੰਢੇ ਪੋਥੀ ਸਾਹਿਬ ਲਿਖਣ ਦਾ ਕਾਰਜ ਆਰੰਭਿਆ। ਗੁਰੂ ਸਾਹਿਬ ਜੀ ਦੀ ਕਈ ਮਹੀਨਿਆਂ ਦੀ ਸਖ਼ਤ ਮਿਹਨਤ ਤੋਂ ਬਾਅਦ 1604 ਈ: ’ਚ ਪੋਥੀ ਸਾਹਿਬ ਦੀ ਸੰਪਾਦਨਾ ਪੂਰੀ ਹੋਈ। ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਅਰਜਨ ਦੇਵ ਜੀ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸੰਪਾਦਨਾ ਦਾ ਕਾਰਜ ਬਿਨ੍ਹਾਂ ਕਿਸੇ ਭੇਦ-ਭਾਵ ਦੇ ਸਾਰੇ ਵਿਦਵਾਨਾਂ ਅਤੇ ਸ਼ਰਧਾਲੂਆਂ ਦੀ ਬਾਣੀ ਸਮੇਤ ਕੀਤਾ।

ਇਸ ਮੌਕੇ ਸ: ਛੀਨਾ ਨੇ ਨੌਜਵਾਨਾਂ ਨੂੰ ਜ਼ਿੰਦਗੀ ਦੀ ਸਹੀ ਦਿਸ਼ਾ ਨੂੰ ਪਛਾਣਨ ਦਾ ਸੁਨੇਹਾ ਦਿੰਦਿਆਂ ਗੁਰੂ ਸਾਹਿਬਾਨਾਂ ਦੇ ਉਪਦੇਸ਼ਾਂ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਸ: ਛੀਨਾ ਨੇ ਖਾਲਸਾ ਕਾਲਜ ਦੇ ਪ੍ਰਿੰਸੀਪਲ ਡਾ. ਮਹਿਲ ਸਿੰਘ ਨਾਲ ਮਿਲ ਕੇ ਕੀਰਤਨ ਗਾਇਨ ਕਰ ਰਹੇ ਵਿਦਿਆਰਥੀਆਂ ਨੂੰ ਸਿਰੋਪਾਓ ਭੇਂਟ ਕਰਕੇ ਸਨਮਾਨਿਤ ਕੀਤਾ।

ਇਸ ਮੌਕੇ ਕੌਂਸਲ ਦੇ ਜੁਆਇੰਟ ਸਕੱਤਰ ਸ: ਲਖਵਿੰਦਰ ਸਿੰਘ ਢਿੱਲੋਂ, ਸ: ਗੁਰਪ੍ਰੀਤ ਸਿੰਘ ਗਿੱਲ, ਮੈਂਬਰ ਡਾ. ਸੁਖਬੀਰ ਕੌਰ ਮਾਹਲ, ਸ: ਸਰਬਜੀਤ ਸਿੰਘ ਹੁਸ਼ਿਆਰ ਨਗਰ, ਸ੍ਰੀਮਤੀ ਰਮਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ ਪ੍ਰਿੰਸੀਪਲ ਡਾ. ਖੁਸ਼ਵਿੰਦਰ ਕੁਮਾਰ, ਖ਼ਾਲਸਾ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਡਾ. ਸੁਰਿੰਦਰ ਕੌਰ, ਖ਼ਾਲਸਾ ਕਾਲਜ ਆਫ਼ ਐਜ਼ੂਕੇਸ਼ਨ, ਰਣਜੀਤ ਐਵੀਨਿਊ ਪ੍ਰਿੰਸੀਪਲ ਡਾ. ਮਨਦੀਪ ਕੌਰ, ਖ਼ਾਲਸਾ ਕਾਲਜ ਆਫ਼ ਲਾਅ ਪ੍ਰਿੰਸੀਪਲ ਡਾ. ਜਸਪਾਲ ਸਿੰਘ, ਖ਼ਾਲਸਾ ਕਾਲਜ ਆਫ਼ ਫ਼ਾਰਮੇਸੀ ਪ੍ਰਿੰਸੀਪਲ ਡਾ. ਆਰ. ਕੇ. ਧਵਨ, ਖ਼ਾਲਸਾ ਕਾਲਜ ਚਵਿੰਡਾ ਦੇਵੀ ਪ੍ਰਿੰਸੀਪਲ ਪ੍ਰੋ: ਗੁਰਦੇਵ ਸਿੰਘ, ਖ਼ਾਲਸਾ ਕਾਲਜ ਆਫ਼ ਨਰਸਿੰਗ ਪ੍ਰਿੰਸੀਪਲ ਡਾ. ਅਮਨਪ੍ਰੀਤ ਕੌਰ, ਖ਼ਾਲਸਾ ਕਾਲਜ ਆਫ਼ ਇੰਜੀਨੀਅਰਿੰਗ ਐਂਡ ਟੈਕਨਾਲੋਜੀ, ਰਣਜੀਤ ਐਵੀਨਿਊ ਡਾਇਰੈਕਟਰ ਡਾ. ਮੰਜ਼ੂ ਬਾਲਾ, ਖ਼ਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਪ੍ਰਿੰਸੀਪਲ ਪੁਨੀਤ ਕੌਰ ਨਾਗਪਾਲ, ਸ੍ਰੀ ਗੁਰੂ ਤੇਗ ਬਹਾਦਰ ਕਾਲਜ ਫ਼ਾਰ ਵੂਮੈਨ ਪ੍ਰਿੰਸੀਪਲ ਸ: ਨਾਨਕ ਸਿੰਘ, ਖ਼ਾਲਸਾ ਕਾਲਜ ਪਬਲਿਕ ਸਕੂਲ ਪ੍ਰਿੰਸੀਪਲ ਏ. ਐਸ. ਗਿੱਲ, ਖ਼ਾਲਸਾ ਕਾਲਜ ਇੰਟਰਨੈਸ਼ਨਲ ਪਬਲਿਕ ਸਕੂਲ ਪ੍ਰਿੰਸੀਪਲ ਨਿਰਮਲਜੀਤ ਕੌਰ ਗਿੱਲ, ਖ਼ਾਲਸਾ ਕਾਲਜ ਪਬਲਿਕ ਸਕੂਲ, ਹੇਰ ਪ੍ਰਿੰਸੀਪਲ ਸ੍ਰੀਮਤੀ ਗੁਰਿੰਦਜੀਤ ਕੰਬੋਜ਼ ਅਧਿਆਪਕ ਸਾਹਿਬਾਨ, ਗੈਰ ਅਧਿਆਪਨ ਸਟਾਫ਼ ਮੈਂਬਰ ਅਤੇ ਵੱਡੀ ਗਿਣਤੀ ’ਚ ਕਾਲਜ, ਸਕੂਲ ਦੇ ਵਿਦਿਆਰਥੀ ਹਾਜ਼ਰ ਸਨ।

Related posts

ਸੁਰਜੀਤ ਪਾਤਰ ਦੀ ਯਾਦ ‘ਚ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਬਣੇਗਾ ਏਆਈ ਸੈਂਟਰ !

admin

ਮਾਘੀ ਮੇਲੇ ‘ਤੇ ਵੱਖ-ਵੱਖ ਅਕਾਲੀ ਦਲਾਂ ਵਲੋਂ ਕਾਨਫਰੰਸਾਂ !

admin

ਭਾਰਤ ਦੇ 94 ਸ਼ਹਿਰਾਂ ‘ਚ ਟ੍ਰੈਫਿਕ ਜਾਮ ਦੇ ਹੱਲ ਲਈ ਰਿੰਗ ਰੋਡ ਬਨਾਉਣ ਦੀ ਯੋਜਨਾ !

admin