Punjab

ਸ਼੍ਰੋਮਣੀ ਕਮੇਟੀ ਵਲੋਂ ਜੂਨ ‘ਚ ਆਪਣਾ ਟੀਵੀ ਚੈਨਲ ਆਰੰਭ ਕਰ ਦਿੱਤਾ ਜਾਵੇਗਾ – ਗਿਆਨੀ ਹਰਪ੍ਰੀਤ ਸਿੰਘ

ਅੰਮ੍ਰਿਤਸਰ – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਨੂੰ ਆਪਣਾ ਚੈਨਲ ਖੋਲ੍ਹਣ ਵਿਚ ਪੇਸ਼ ਆਉਣ ਵਾਲੀਆਂ ਕਾਨੂੰਨੀ ਪ੍ਰਕਿਰਿਆਵਾਂ ਨੂੰ ਹੱਲ ਕਰਕੇ ਜਲਦ ਤੋਂ ਜਲਦ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਕੋਲੋਂ ਲੋੜੀਂਦੀ ਮਨਜ਼ੂਰੀ ਦਿਵਾਵੇ, ਤਾਂ ਜੋ ਗੁਰਬਾਣੀ ਕੀਰਤਨ ਲਈ ਆਪਣਾ ਚੈਨਲ ਹੋਣ ਦਾ ਸਿੱਖ ਕੌਮ ਦਾ ਚਿਰੋਕਣਾ ਸੁਪਨਾ ਜਲਦ ਪੂਰਾ ਕੀਤਾ ਜਾ ਸਕੇ। ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਲੋਂ ਜਥੇਦਾਰ ਦੀ ਤਰਫ਼ੋਂ ਸ਼੍ਰੋਮਣੀ ਕਮੇਟੀ ਨੂੰ ਟੈਲੀਵਿਜ਼ਨ ਚੈਨਲ ਲਈ ਲੋੜੀਂਦੀ ਕਾਰਵਾਈ ਸ਼ੁਰੂ ਕਰਨ ਸਬੰਧੀ ਪੱਤਰ ਭੇਜ ਕੇ ਨਾਲ ਹੀ ਇਹ ਵੀ ਆਦੇਸ਼ ਦਿੱਤੇ ਗਏ ਹਨ ਕਿ ਜਦੋਂ ਤੱਕ ਟੈਲੀਵਿਜ਼ਨ ਚੈਨਲ ਆਰੰਭ ਨਹੀਂ ਹੁੰਦਾ ਉਦੋਂ ਤੱਕ ਸ਼੍ਰੋਮਣੀ ਕਮੇਟੀ ਦਾ ਆਈ.ਟੀ. ਵਿੰਗ ਆਪਣਾ ਵੈੱਬ ਚੈਨਲ ਬਣਾ ਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੀਰਤਨ ਦਾ ਪ੍ਰਸਾਰਣ ਚਲਾਵੇ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼੍ਰੋਮਣੀ ਕਮੇਟੀ ਨੂੰ ਗੁਰਬਾਣੀ ਪ੍ਰਸਾਰਣ ਲਈ ਚੈਨਲ ਖੋਲ੍ਹਣ ਵਿਚ ਸਰਕਾਰ ਦੁਆਰਾ ਸਾਰਾ ਪੈਸਾ ਖਰਚਣ ਦੀ ਕੀਤੀ ਪੇਸ਼ਕਸ਼ ‘ਤੇ ਪ੍ਰਤੀਕਿਰਿਆ ਦਿੰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਆਖਿਆ ਕਿ ਉਹ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸ਼੍ਰੋਮਣੀ ਕਮੇਟੀ ਨੂੰ ਚੈਨਲ ਖੋਲ੍ਹਣ ਵਿਚ ਸਹਾਇਤਾ ਦੀ ਪੇਸ਼ਕਸ਼ ‘ਤੇ ਉਨ੍ਹਾਂ ਦੀ ਨਿੱਜੀ ਭਾਵਨਾ ਦਾ ਸਤਿਕਾਰ ਕਰਦੇ ਹਨ ਪਰ ਗੁਰਬਾਣੀ ਦੇ ਪ੍ਰਚਾਰ-ਪ੍ਰਸਾਰ ਦੀ ਸੇਵਾ ਲਈ ਖ਼ਾਲਸਾ ਪੰਥ ਅਤੇ ਇਸ ਦੀਆਂ ਸੰਸਥਾਵਾਂ  ਏਨੀਆਂ ਸਮਰੱਥ ਹਨ ਕਿ ਉਨ੍ਹਾਂ ਨੂੰ ਇਸ ਦੇ ਲਈ ਕਿਸੇ ਸਰਕਾਰ ਤੋਂ ਵਿੱਤੀ ਸਹਾਇਤਾ ਦੀ ਲੋੜ ਨਹੀਂ ਹੈ। ਅਮਰੀਕਾ, ਇੰਗਲੈਂਡ ਅਤੇ ਹੋਰ ਦੇਸ਼ਾਂ ਦੇ ਸਿੱਖ ਪਹਿਲਾਂ ਹੀ ਆਪਣੀਆਂ ਸੇਵਾਵਾਂ ਦੇਣ ਲਈ ਤਤਪਰ ਹਨ। ਉਨ੍ਹਾਂ ਕਿਹਾ ਕਿ ਜੇਕਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਲਈ ਸ਼੍ਰੋਮਣੀ ਕਮੇਟੀ ਵਲੋਂ ਖੋਲ੍ਹੇ ਜਾਣ ਵਾਲੇ ਚੈਨਲ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਆਪਣੀ ਸੁਹਿਰਦ ਭਾਵਨਾ ਰੱਖਦੇ ਹਨ ਤਾਂ ਉਹ ਪੰਜਾਬ ਸਰਕਾਰ ਵਲੋਂ ਜਲਦ ਤੋਂ ਜਲਦ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਕੋਲ ਪਹੁੰਚ ਕਰਕੇ ਚੈਨਲ ਲਈ ਲੋੜੀਂਦੀਆਂ ਕਾਨੂੰਨੀ ਪ੍ਰਕਿਰਿਆਵਾਂ ਪੂਰੀਆਂ ਕਰਕੇ ਚੈਨਲ ਸ਼ੁਰੂ ਕਰਵਾਉਣ ਦੀ ਮਨਜ਼ੂਰੀ ਦਿਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਕੀਰਤਨ ਸਰਵਣ ਕਰਨਾ ਹਰੇਕ ਸਿੱਖ ਆਪਣੇ ਲਈ ਵੱਡੇ ਭਾਗਾਂ ਦੀ ਨਿਸ਼ਾਨੀ ਸਮਝਦਾ ਹੈ ਅਤੇ ਸ਼੍ਰੋਮਣੀ ਕਮੇਟੀ ਦੇ ਆਪਣੇ ਟੈਲੀਵਿਜ਼ਨ ਚੈਨਲ ਰਾਹੀਂ ਇਸ ਦੇ ਪ੍ਰਸਾਰਣ ਦੀ ਉਮੰਗ ਸਿੱਖ ਜਗਤ ਵਿਚ ਮੁੱਦਤਾਂ ਤੋਂ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਨਿਰੋਲ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨਾਲ ਜੁੜਿਆ ਮਸਲਾ ਹੋਣ ਕਾਰਨ ਇਸ ‘ਤੇ ਕਿਸੇ ਨੂੰ ਵੀ ਸਿਆਸਤ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ।
ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸ਼੍ਰੋਮਣੀ ਕਮੇਟੀ ਦੇ ਚੈਨਲ ਲਈ ਇਕ ਮਹੀਨੇ ਦੇ ਅੰਦਰ ਕੇਂਦਰੀ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਕੋਲੋਂ ਮਨਜ਼ੂਰੀ ਦਿਵਾਉਣ ਤਾਂ ਜੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ 24 ਘੰਟੇ ਗੁਰਬਾਣੀ ਕੀਰਤਨ ਦੇ ਪ੍ਰਸਾਰਣ ਦਾ ਸਿੱਖ ਜਗਤ ਦਾ ਸੁਪਨਾ ਜਲਦ ਤੋਂ ਜਲਦ ਪੂਰਾ ਹੋ ਸਕੇ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਆਪਣਾ ਟੈਲੀਵਿਜ਼ਨ ਚੈਨਲ ਚਲਾ ਕੇ ਜਿੱਥੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਕੀਰਤਨ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ, ਉੱਥੇ ਦੇਸ਼-ਵਿਦੇਸ਼ ਦੀਆਂ ਪੰਥਕ ਤੇ ਧਾਰਮਿਕ ਸਰਗਰਮੀਆਂ ਦੇ ਨਾਲ-ਨਾਲ ਪਿਛਲੇ ਸਮਿਆਂ ਦੌਰਾਨ ਸਿੱਖ ਕੌਮ ਨਾਲ ਵਾਪਰੇ ਸਾਕਿਆਂ ਦੇ ਬਿਰਤਾਂਤ ਨੂੰ ਵੀ ਦਿਖਾਇਆ ਜਾਵੇਗਾ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਜਲਦੀ ਸ਼੍ਰੋਮਣੀ ਕਮੇਟੀ ਨੂੰ ਚੈਨਲ ਸਬੰਧੀ ਲੋੜੀਂਦੀ ਮਨਜ਼ੂਰੀ ਦਿਵਾ ਦੇਵੇ ਤਾਂ ਸ਼੍ਰੋਮਣੀ ਕਮੇਟੀ ਵਲੋਂ 6 ਜੂਨ ਘੱਲੂਘਾਰਾ ਦਿਵਸ ਤੋਂ ਪਹਿਲਾਂ-ਪਹਿਲਾਂ ਚੈਨਲ ਆਰੰਭ ਕਰ ਦਿੱਤਾ ਜਾਵੇਗਾ ਤਾਂ ਜੋ ਦੇਸ਼-ਵਿਦੇਸ਼ ਵਿਚ ਵੱਸਦੇ ਸਿੱਖ ਇਸ ਵਾਰ ਘੱਲੂਘਾਰਾ ਦਿਵਸ ਦੇ ਸਮਾਗਮਾਂ ਦਾ ਸਿੱਧਾ ਪ੍ਰਸਾਰਣ ਵੇਖ ਸਕਣ।

Related posts

HAPPY DIWALI 2025 !

admin

ਡੀਆਈਜੀ ਹਰਚਰਨ ਸਿੰਘ ਭੁੱਲਰ ਦੀ ਗ੍ਰਿਫ਼ਤਾਰੀ ਨਾਲ ਪੰਜਾਬ ਪੁਲਿਸ ‘ਚ ਮਚੀ ਹਥੜਾ-ਦਫ਼ੜੀ !

admin

ਹਾਈਕੋਰਟ ਵਲੋਂ ਨਸ਼ਾ ਐਕਟ ਅਧੀਨ ਘਰਾਂ ਅਤੇ ਦੁਕਾਨਾਂ ਢਾਹੁਣ ‘ਤੇ ਰੋਕ

admin